ਵਿਧਾਇਕ ਵੱਲੋਂ ਰੈਲਮਾਜਰਾ ਵਿਖੇ ਆਧੁਨਿਕ ਖੇਡ ਸਟੇਡੀਅਮ ਲੋਕ ਅਰਪਣ ਵਿਧਾਇਕ ਸੰਤੋਸ਼ ਕਟਾਰੀਆ ਨੇ ਰੈਲਮਾਜਰਾ ਵਿਖੇ ਆਧੁਨਿਕ ਖੇਡ ਸਟੇਡੀਅਮ ਕੀਤਾ ਲੋਕ ਅਰਪਣ
Publish Date: Sat, 14 Nov 2026 03:07 PM (IST)
Updated Date: Sat, 14 Nov 2026 03:09 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਹਲਕਾ ਬਲਾਚੌਰ ਦੀ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਇਲਾਕੇ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪਿੰਡ ਰੈਲਮਾਜਰਾ ਵਿਖੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕਰਕੇ ਇਸ ਨੂੰ ਇਲਾਕਾ ਨਿਵਾਸੀਆਂ ਅਤੇ ਖਿਡਾਰੀਆਂ ਨੂੰ ਸਮਰਪਿਤ ਕੀਤਾ। ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਮੁੜ ਤੋਂ ਰੰਗਲਾ ਪੰਜਾਬ ਸਿਰਜਣ ਅਤੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਦਾ ਸਭ ਤੋਂ ਕਾਰਗਰ ਤਰੀਕਾ ਉਨ੍ਹਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਪਿੰਡ ਰੈਲ ਮਾਜਰਾ ਵਿਖੇ ਤਿਆਰ ਕੀਤਾ ਇਹ ਆਧੁਨਿਕ ਖੇਡ ਸਟੇਡੀਅਮ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੇ ਬੱਚਿਆਂ ਤੇ ਨੌਜਵਾਨਾਂ ਲਈ ਕਿਸੇ ਵੱਡੇ ਤੋਹਫ਼ੇ ਤੋਂ ਘੱਟ ਨਹੀਂ ਹੈ। ਪਹਿਲਾਂ ਪਿੰਡ ਦੇ ਖਿਡਾਰੀਆਂ ਨੂੰ ਢੁੱਕਵੇਂ ਖੇਡ ਮੈਦਾਨ ਅਤੇ ਸਹੂਲਤਾਂ ਦੀ ਘਾਟ ਕਾਰਨ ਅਭਿਆਸ ਕਰਨ ਲਈ ਦੂਰ-ਦੁਰਾਡੇ ਜਾਣਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਸਰੋਤ ਬਰਬਾਦ ਹੁੰਦੇ ਸਨ। ਪਰ ਹੁਣ ਇਸ ਸਟੇਡੀਅਮ ਦੇ ਬਣਨ ਨਾਲ ਖਿਡਾਰੀਆਂ ਨੂੰ ਆਪਣੇ ਹੀ ਪਿੰਡ ਵਿਚ ਮਿਆਰੀ ਅਤੇ ਬਿਹਤਰ ਖੇਡ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇੱਥੋਂ ਤਿਆਰ ਹੋ ਕੇ ਸਾਡੇ ਨੌਜਵਾਨ ਸੂਬਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਆਪਣੇ ਮਾਪਿਆਂ, ਪਿੰਡ ਅਤੇ ਪੂਰੇ ਹਲਕਾ ਬਲਾਚੌਰ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹਲਕੇ ਦੇ ਸਰਵਪੱਖੀ ਵਿਕਾਸ ਕਾਰਜਾਂ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਮਾਗਮ ਦੇ ਅੰਤ ਵਿਚ ਪਿੰਡ ਦੇ ਸਰਪੰਚ, ਸਮੂਹ ਗ੍ਰਾਮ ਪੰਚਾਇਤ ਮੈਂਬਰਾਂ, ਇਲਾਕੇ ਦੇ ਪਤਵੰਤੇ ਸੱਜਣਾਂ, ਖੇਡ ਪ੍ਰੇਮੀਆਂ ਅਤੇ ਨੌਜਵਾਨ ਖਿਡਾਰੀਆਂ ਵੱਲੋਂ ਇਸ ਸ਼ਲਾਘਾਯੋਗ ਵਿਕਾਸ ਕਾਰਜ ਲਈ ਵਿਧਾਇਕ ਸੰਤੋਸ਼ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਲਾਕੇ ਦੇ ਕਈ ਪ੍ਰਮੁੱਖ ਆਗੂ, ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।