ਵਿਧਾਇਕਾ ਸੰਤੋਸ਼ ਕਟਾਰੀਆ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ
Publish Date: Thu, 08 Oct 2026 05:38 PM (IST)
Updated Date: Thu, 08 Oct 2026 05:41 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਨਵਾਂਸ਼ਹਿਰ : ਅਨਾਜ ਮੰਡੀ ਬਲਾਚੌਰ ਵਿਖੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਉਚੇਚੇ ਤੌਰ ’ਤੇ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿਚ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਆਏ ਹੋਏ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸੁਝਾਅ ਸੁਣੇ। ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਰਕਾਰੀ ਖਰੀਦ ਬੜੇ ਹੀ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਚਲਾਈ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉੁਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਬਾਰਦਾਨੇ, ਸਮੇਂ ਸਿਰ ਖਰੀਦ ਅਤੇ ਲਿਫਟਿੰਗ ਸਮੇਤ ਸਾਰੇ ਪ੍ਰਬੰਧਾਂ ਤੇ ਪ੍ਰਸ਼ਾਸਨ ਲਗਾਤਾਰ ਨਜ਼ਰ ਰੱਖ ਰਿਹਾ ਹੈ। ਵਿਧਾਇਕਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਸੁਕਾ ਕੇ ਅਤੇ ਸਾਫ਼-ਸੁਥਰੀ ਕਰਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਦੇਰੀ ਨਾ ਹੋਵੇ।। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦੇ ਆਧਾਰ ਤੇ ਰੱਖਦਿਆਂ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ ਰੱਖਿਆ ਜਾਵੇ। ਖਰੀਦ ਸ਼ੁਰੂ ਹੋਣ ਦੇ ਮੌਕੇ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ ਅਤੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ (ਲਾਡੀ ਰਾਣਾ) ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਹੂਲਤਾਂ ਲਈ ਮਾਰਕੀਟ ਕਮੇਟੀ ਤੇ ਕੌਂਸਲ ਪ੍ਰਸ਼ਾਸਨ ਪੂਰੀ ਤਰ੍ਹਾਂ ਤਤਪਰ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੰਡੀ ਵਿਚ ਝੋਨੇ ਦੀ ਚੁਕਾਈ (ਲਿਫਟਿੰਗ) ਅਤੇ ਅਦਾਇਗੀ ਵਿਚ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ ਪ੍ਰਬੰਧਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਸੇਠੀ ਉਧਨਵਾਲ, ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ (ਲਾਡੀ ਰਾਣਾ), ਰਾਮਪਾਲ ਮਹੈਸੀ, ਜਸਵਿੰਦਰ ਸਿਆਨ, ਹਲਕਾ ਪ੍ਰਧਾਨ ਐੱਸਸੀ ਵਿੰਗ ਕੁਲਦੀਪ ਸਿੰਘ, ਸੁਰਿੰਦਰ ਸੀਹਮਾਰ, ਅਨਿਲ ਕੁਮਾਰ, ਵਿਸ਼ੂ ਰਾਣਾ ਤੋਂ ਇਲਾਵਾ ਡੀਐੱਸਐਫਓ ਮਨਜੀਤ ਸਿੰਘ, ਪਰਮਿੰਦਰ ਗੁੱਜਰ, ਸੈਕਟਰੀ ਹਰਪ੍ਰੀਤ ਸਿੰਘ, ਚਮਨ ਕੁਮਾਰ, ਰਘਵੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਆੜ੍ਹਤੀਏ, ਕਿਸਾਨ ਤੇ ਪਾਰਟੀ ਵਰਕਰ ਹਾਜ਼ਰ ਸਨ।