ਵਿਧਾਇਕ ਸੰਤੋਸ਼ ਕਟਾਰੀਆ ਨੇ ਬਲਾਕ ਬਲਾਚੌਰ ’ਚ ਖੇਡਾਂ ਕੀਤੀਆਂ ਸ਼ੁਰੂ ਵਿਧਾਇਕ ਸੰਤੋਸ਼ ਕਟਾਰੀਆਂ ਨੇ ਬਲਾਕ ਬਲਾਚੌਰ 'ਚ ਖੇਡਾਂ ਕੀਤੀਆਂ ਸ਼ੁਰੂ
Publish Date: Thu, 10 Sep 2026 07:07 PM (IST)
Updated Date: Thu, 10 Sep 2026 07:10 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਚੌਰ ਬਲਾਕ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ ਕਰਵਾਈ। ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਖਿਡਾਰੀਆਂ, ਖੇਡ ਪ੍ਰੇਮੀਆਂ, ਪ੍ਰਿੰਸੀਪਲ ਸਾਹਿਬਾਨ, ਅਧਿਆਪਕਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ। ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ ਅਤੇ ਵਾਲੀਬਾਲ ਗਰਾਊਂਡ ਵਿਖੇ ਵਾਲੀਬਾਲ ਖੇਡ ਦਾ ਵੀ ਰਸਮੀ ਉਦਘਾਟਨ ਕੀਤਾ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਲਾਚੌਰ ਖੇਤਰ ਵਾਲੀਬਾਲ ਖੇਡ ਲਈ ਵਿਸ਼ੇਸ਼ ਪਛਾਣ ਰੱਖਦਾ ਹੈ ਅਤੇ ਇਸ ਇਲਾਕੇ ਵਿੱਚੋਂ ਕਈ ਨਾਮਵਰ ਖਿਡਾਰੀਆਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ, ਵੱਧ ਤੋਂ ਵੱਧ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਆਪਣੇ ਖੇਡ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਖੇਡ ਵਿਭਾਗ ਵੱਲੋਂ ਜਾਰੀ ਕੀਤੇ ਗਏ ਭਾਗੀਦਾਰੀ ਸਕੈਨਰ ਰਾਹੀਂ ਖਿਡਾਰੀਆਂ ਦੀ ਭਾਗੀਦਾਰੀ ਨੂੰ ਵੀ ਉਤਸ਼ਾਹਿਤ ਕੀਤਾ ਅਤੇ ਖਿਡਾਰੀਆਂ ਨੂੰ ਆਨਲਾਈਨ ਪ੍ਰਕਿਰਿਆ ਰਾਹੀਂ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਅਤੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਵੱਲੋਂ ਵਿਧਾਇਕ ਸੰਤੋਸ਼ ਕਟਾਰੀਆ, ਸਮੂਹ ਮਹਿਮਾਨਾਂ, ਪ੍ਰਿੰਸੀਪਲ, ਅਧਿਆਪਕਾਂ, ਖਿਡਾਰੀਆਂ ਅਤੇ ਸਹਿਯੋਗੀ ਸਟਾਫ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸਮੂਹ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ।