ਸਤਲੁਜ ਪੁੱਲ 'ਤੇ ਭਾਰੀ ਵਾਹਨਾਂ ਦੀ ਆਵਾਜਾਈ ਕੀਤੀ ਬੰਦ ਲੋਹੇ ਦੇ ਪੱਕੇ ਗਾਡਰ ਲਾ ਕੇ ਸਤਲੁਜ ਪੁੱਲ 'ਤੇ ਭਾਰੀ ਵਾਹਨਾਂ ਦੀ ਆਵਾਜਾਈ ਕੀਤੀ ਬੰਦ
Publish Date: Thu, 16 Jul 2026 06:12 PM (IST)
Updated Date: Thu, 16 Jul 2026 06:13 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ ਦੋਆਬਾ ਤੇ ਮਾਲਵਾ ਨੂੰ ਆਪਸ ਵਿਚ ਜੋੜਨ ਵਾਲੇ ਅਹਿਮ ਰਾਹੋਂ-ਮਾਛੀਵਾੜਾ ਸਤਲੁਜ ਪੁੱਲ ਦੀ ਦਿਨੋਂ-ਦਿਨ ਵਿਗੜਦੀ ਹਾਲਤ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਆਖਰਕਾਰ ਸਖ਼ਤ ਫ਼ੈਸਲਾ ਲੈਂਦਿਆਂ ਪੁੱਲ ਤੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪੱਕੇ ਤੌਰ ਤੇ ਰੋਕ ਲਗਾਉਣ ਲਈ ਲੋਹੇ ਦੇ ਗਾਡਰ ਲਗਾ ਦਿੱਤੇ ਹਨ। ਪੁੱਲ ਦੇ ਦੋਵੇਂ ਪਾਸਿਆਂ ਤੇ ਲੋਹੇ ਦੇ ਮਜ਼ਬੂਤ ਗਾਡਰ ਲਗਾਉਣ ਨਾਲ ਟਰੱਕਾਂ, ਟਿੱਪਰਾਂ ਤੇ ਹੋਰ ਭਾਰੀ ਵਾਹਨਾਂ ਦੇ ਲੰਘਣ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਜ਼ਿਕਰਯੋਗ ਹੈ ਕਿ ਪੁੱਲ ਦੀ ਖਸਤਾ ਹਾਲਤ ਤੇ ਸੰਭਾਵੀ ਖ਼ਤਰੇ ਨੂੰ ਲੈ ਕੇ ਅਖ਼ਬਾਰਾਂ ਚ ਲਗਾਤਾਰ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਸਨ। ਇਲਾਕਾ ਵਾਸੀਆਂ ਤੇ ਸਮਾਜਿਕ ਜਥੇਬੰਦੀਆਂ ਨੇ ਵੀ ਕਈ ਵਾਰ ਚਿੰਤਾ ਜ਼ਾਹਿਰ ਕਰਦਿਆਂ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਆਖ਼ਰਕਾਰ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਪੁਲਿਸ ਚੌਂਕੀ ਸੇਖਾਂਮਜਾਰਾ ਦੇ ਇੰਚਾਰਜ ਸਤਨਾਮ ਸਿੰਘ ਰੰਧਾਵਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਪੁੱਲ ਤੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਪੁੱਲ ਦੇ ਦੋਵੇਂ ਪਾਸਿਆਂ ਤੇ ਲੋਹੇ ਦੇ ਪੱਕੇ ਬੈਰੀਕੇਡ ਲਗਾ ਦਿੱਤੇ ਗਏ ਹਨ ਤੇ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਚੁੱਕਿਆ ਗਿਆ ਹੈ। ਭਾਰੀ ਵਾਹਨ ਚਾਲਕਾਂ ਨੂੰ ਅਗਲੇ ਹੁਕਮਾਂ ਤੱਕ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ, ਜਦਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਵੇਂ ਇਸ ਨਾਲ ਭਾਰੀ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ, ਪਰ ਕਿਸੇ ਸੰਭਾਵਿਤ ਵੱਡੇ ਹਾਦਸੇ ਨੂੰ ਰੋਕਣ ਲਈ ਇਹ ਕਦਮ ਬੇਹੱਦ ਜ਼ਰੂਰੀ ਸੀ। ਉਨ੍ਹਾਂ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਪੁੱਲ ਦੀ ਤਕਨੀਕੀ ਜਾਂਚ ਕਰਵਾ ਕੇ ਜਲਦ ਤੋਂ ਜਲਦ ਮੁਰੰਮਤ ਦੇ ਲਈ ਠੋਸ ਕਦਮ ਚੁੱਕੇ ਜਾਣ। ਤਾਂ ਜੋ ਦੋਆਬਾ ਅਤੇ ਮਾਲਵਾ ਵਿਚਕਾਰ ਆਵਾਜਾਈ ਲੰਬੇ ਸਮੇਂ ਲਈ ਸੁਚਾਰੂ ਅਤੇ ਸੁਰੱਖਿਅਤ ਬਣੀ ਰਹੇ। ਦੱਸਿਆ ਜਾ ਰਿਹਾ ਹੈ ਕਿ ਰਾਹੋਂ-ਮਾਛੀਵਾੜਾ ਸਤਲੁਜ ਪੁੱਲ ’ਤੇ ਬੈਰੀਕੇਡ ਹੋਣ ਕਾਰਨ ਮੱਤੇਵਾੜਾ ਰੋਡ ’ਤੇ ਆਵਾਜਾਈ ਵਿਚ ਭਾਰੀ ਵਾਧਾ ਹੋਇਆ ਹੈ, ਜਦਕਿ ਉਸ ਸੜਕ ਦੀ ਹਾਲਤ ਪਹਿਲਾਂ ਹੀ ਬਹੁਤ ਤਰਸਯੋਗ ਹੈ।