ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਦਾ ਕਤਲ ਮੰਦਭਾਗਾ : ਥਿਆੜਾ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਦਾ ਕਤਲ ਮੰਦਭਾਗਾ-ਥਿਆੜਾ
Publish Date: Wed, 14 Oct 2026 06:15 PM (IST)
Updated Date: Wed, 14 Oct 2026 06:18 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਗੁਰਪ੍ਰੀਤ ਕੌਰ ਥਿਆੜਾ, ਕੋਰ ਕਮੇਟੀ ਮੈਂਬਰ ਜਥੇ. ਰਮਨਦੀਪ ਸਿੰਘ ਥਿਆੜਾ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਇਹ ਘਟਨਾ ਸਮਾਜ ਅੰਦਰ ਨਸ਼ਿਆਂ ਦੇ ਵਧ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰਦੀ ਹੈ। ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਪੰਜਾਬ ਗੁਰੂਵਾਂ ਦੀ ਧਰਤੀ ਹੈ, ਜਿੱਥੇ ਗੁਰੂ ਸਾਹਿਬਾਨ ਨੇ ਨ•ਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਵੱਡੀ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਦੀ ਧਰਤੀ ’ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਸ਼ਰੇਆਮ ਮਾਰਨ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪਰਵਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿਚ ਜਵਾਬਦੇਹੀ ਤੈਅ ਕਰੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਠੋਸ ਕਦਮ ਚੁੱਕੇ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਥਿਆੜਾ, ਜਥੇ. ਰਮਨਦੀਪ ਸਿੰਘ ਥਿਆੜਾ ਅਤੇ ਯੂਥ ਆਗੂ ਨਿਸ਼ਾਨਬੀਰ ਸਿੰਘ ਢਿੱਲੋਂ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਦਿਨੋਂ-ਦਿਨ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਬਾਰੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਇਸ ਲਈ ਯਤਨਸ਼ੀਲ ਹੋਵੇ। ਇਸ ਮੌਕੇ ਪਰਵਿੰਦਰ ਸਿੰਘ ਦੇ ਸਮੂਹ ਪਰਿਵਾਰ ਨਾਲ ਵੀ ਗਹਿਰਾ ਦੁੱਖ ਜਤਾਇਆ ਗਿਆ।