ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਨਾ ਰਹੇ ਵਾਂਝਾ : ਡੀਸੀ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਨਾ ਰਹੇ ਵਾਂਝਾ–ਡੀਸੀ ਗੁਲਪ੍ਰੀਤ ਸਿੰਘ ਔਲਖ
Publish Date: Tue, 17 Nov 2026 05:22 PM (IST)
Updated Date: Tue, 17 Nov 2026 05:24 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹੇ ਵਿੱਚ 22, 23 ਅਤੇ 24 ਨਵੰਬਰ ਨੂੰ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ 0 ਤੋਂ 5 ਸਾਲ ਤੱਕ ਦੇ 57,010 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਵਿੱਚ 228 ਪੋਲੀਓ ਬੂਥ ਸਥਾਪਿਤ ਕੀਤੇ ਗਏ ਹਨ, ਜਦਕਿ 456 ਘਰ-ਘਰ ਜਾਣ ਵਾਲੀਆਂ ਟੀਮਾਂ, 15 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਈਲ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਮੁਹਿੰਮ ਦੀ ਨਿਗਰਾਨੀ ਲਈ 46 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਸਾਰੇ ਵਿਭਾਗਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਵਿਭਾਗ ਨਾਲ ਬਿਹਤਰ ਤਾਲਮੇਲ ਬਣਾ ਕੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ, ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਯੋਗ ਬੱਚਾ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਤੇ ਜ਼ੋਰ ਦਿੰਦਿਆਂ ਖ਼ਾਸ ਤੌਰ ਤੇ ਪ੍ਰਵਾਸੀ ਮਜ਼ਦੂਰਾਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ, ਇੱਟਾਂ ਦੇ ਭੱਠਿਆਂ ਅਤੇ ਹੋਰ ਉੱਚ ਜੋਖਮ ਵਾਲੇ ਖੇਤਰਾਂ ਦੇ ਬੱਚਿਆਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਕਿਹਾ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,38,015 ਘਰਾਂ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ 18 ਅਨਾਜ ਮੰਡੀਆਂ, 13 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜੋਖਮ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ 22 ਨਵੰਬਰ ਨੂੰ ਬੂਥਾਂ ਤੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ, ਜਿਸ ਤੋਂ ਬਾਅਦ 23 ਅਤੇ 24 ਨਵੰਬਰ ਨੂੰ ਘਰ-ਘਰ ਜਾਣ ਵਾਲੀਆਂ ਟੀਮਾਂ ਬੂਥਾਂ ਤੇ ਆਉਣ ਤੋਂ ਰਹਿ ਗਏ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ ਤੇ ਭੱਠਿਆਂ ਦੇ ਆਲੇ-ਦੁਆਲੇ ਰਹਿੰਦੇ ਪਰਿਵਾਰਾਂ ਨੂੰ ਕਵਰ ਕਰਨਗੀਆਂ, ਜਦਕਿ ਟ੍ਰਾਂਜ਼ਿਟ ਟੀਮਾਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਆਵਾਜਾਈ ਵਾਲੀਆਂ ਥਾਵਾਂ ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਸਿਵਲ ਸਰਜਨ ਨੇ ਕਿਹਾ ਕਿ ਭਾਵੇਂ ਭਾਰਤ ਪੋਲੀਓ ਮੁਕਤ ਦੇਸ਼ ਹੈ, ਪਰ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਵਾਇਰਸ ਦੀ ਮੌਜੂਦਗੀ ਕਾਰਨ ਲਗਾਤਾਰ ਚੌਕਸ ਰਹਿਣ ਦੀ ਲੋੜ ਹੈ। ਪੋਲੀਓ ਦਾ ਕੋਈ ਇਲਾਜ ਨਹੀਂ, ਸਿਰਫ਼ ਬਚਾਅ ਹੀ ਇਸ ਦਾ ਹੱਲ ਹੈ, ਇਸ ਲਈ ਹਰ ਬੱਚੇ ਨੂੰ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 0 ਤੋਂ 5 ਸਾਲ ਤੱਕ ਦੇ ਆਪਣੇ ਸਾਰੇ ਬੱਚਿਆਂ ਨੂੰ ਨਿਰਧਾਰਤ ਮਿਤੀਆਂ ਦੌਰਾਨ ਬੂੰਦਾਂ ਜ਼ਰੂਰ ਪਿਲਾਉਣ, ਭਾਵੇਂ ਬੱਚੇ ਨੂੰ ਪਹਿਲਾਂ ਵੀ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹੋਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਮੁਹਿੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਬੱਚਾ ਬੂੰਦਾਂ ਤੋਂ ਵਾਂਝਾ ਨਾ ਰਹੇ। ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ, ਡਾ. ਸੋਨੀਆ, ਡਾ. ਸਤਿੰਦਰਜੀਤ ਕੌਰ, ਡਾ. ਅਜੇ ਬਸਰਾ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।