ਕੋਈ ਵੀ ਯੋਗ ਬੱਚਾ ਮੁਹਿੰਮ ਤੋਂ ਵਾਂਝਾ ਨਾ ਰਹੇ : ਡਾ. ਹਰੀਸ਼ ਉਪ-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਕਿਸੇ ਵੀ ਯੋਗ ਬੱਚੇ ਦੀ ਅਣਦੇਖੀ ਨਾ ਹੋਵੇ : ਡਾ. ਹਰੀਸ਼ ਕਿਰਪਾਲ
Publish Date: Tue, 24 Nov 2026 05:12 PM (IST)
Updated Date: Tue, 24 Nov 2026 05:13 PM (IST)
ਬਲਿਹਾਰ ਸਿੰਘ, ਪੰਜਾਬੀ ਜਾਗਰਣ ਨਵਾਂਸ਼ਹਿਰ : ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਚਲਾਈ ਜਾ ਰਹੀ ਉਪ-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਅੱਜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਵੱਖ-ਵੱਖ ਸਥਾਨਾਂ ਦਾ ਦੌਰਾ ਕਰਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕੰਮਕਾਜ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਸ ਸਟੈਂਡ, ਔੜ ਵਿਖੇ ਟਰਾਂਜ਼ਿਟ ਪੁਆਇੰਟ, ਰਾਹੋਂ ਰੋਡ ‘ਤੇ ਚਰਚ ਨੇੜੇ ਸਥਿਤ ਝੁੱਗੀਆਂ ਅਤੇ ਸਿਹਤ ਬਲਾਕ ਮੁਕੰਦਪੁਰ ਅਧੀਨ ਪਿੰਡ ਗੜ੍ਹਪਧਾਣਾ ਵਿਖੇ ਇੱਟਾਂ ਦੇ ਭੱਠੇ ਦੇ ਪਥੇਰ ਤੇ ਚੱਲ ਰਹੀਆਂ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਵੈਕਸੀਨੇਸ਼ਨ ਟੀਮਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਪੰਜ ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਖ਼ਾਸ ਤੌਰ ਤੇ ਪ੍ਰਵਾਸੀ ਪਰਿਵਾਰਾਂ, ਝੁੱਗੀਆਂ-ਝੋਪੜੀਆਂ ਅਤੇ ਇੱਟਾਂ ਦੇ ਭੱਠਿਆਂ ਤੇ ਰਹਿਣ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਮੁਹਿੰਮ ਵਿੱਚ ਸ਼ਾਮਲ ਕਰਨਾ ਯਕੀਨੀ ਬਣਾਇਆ ਜਾਵੇ।।ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਵਰਗੇ ਟਰਾਂਜ਼ਿਟ ਪੁਆਇੰਟਾਂ ਤੇ ਆਉਣ-ਜਾਣ ਵਾਲੇ ਯੋਗ ਬੱਚਿਆਂ ਨੂੰ ਵੀ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਕਰਕੇ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਬੱਚਾ ਮੁਹਿੰਮ ਤੋਂ ਵਾਂਝਾ ਨਾ ਰਹੇ।।ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਵਾਉਣ ਅਤੇ ਇਸ ਰਾਸ਼ਟਰੀ ਸਿਹਤ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਪੂਰਾ ਸਹਿਯੋਗ ਦੇਣ।