ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ’ਚ ਕੋਈ ਕਸਰ ਨਾ ਛੱਡੀ ਜਾਵੇ : ਸਿਵਲ ਸਰਜਨ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ-ਸਿਵਲ ਸਰਜਨ
Publish Date: Sun, 15 Nov 2026 04:17 PM (IST)
Updated Date: Mon, 16 Nov 2026 04:01 AM (IST)
ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਕੀਤਾ ਅਚਨਚੇਤ ਦੌਰਾ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਹਸਪਤਾਲ ਵਿਚ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ ਮੌਜੂਦ ਸਨ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਦੌਰੇ ਦੌਰਾਨ ਹਸਪਤਾਲ ਦੀ ਸਮੁੱਚੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਂਦਿਆਂ ਓਪੀਡੀ, ਆਈਪੀਡੀ, ਐਮਰਜੈਂਸੀ ਸੇਵਾਵਾਂ, ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਵੱਖ-ਵੱਖ ਵਾਰਡਾਂ ਵਿਚ ਮਰੀਜ਼ਾਂ ਦੀ ਦੇਖਭਾਲ, ਦਵਾਈਆਂ ਅਤੇ ਜੀਵਨ ਰੱਖਿਅਕ ਮੈਡੀਕਲ ਸਾਜ਼ੋ-ਸਾਮਾਨ ਦੀ ਉਪਲੱਬਧਤਾ, ਲੈਬਾਰਟਰੀ ਅਤੇ ਡਾਇਗਨੌਸਟਿਕ ਸਹੂਲਤਾਂ, ਐਕਸਰੇ, ਲੇਬਰ ਰੂਮ ਅਤੇ ਮੈਟਰਨਿਟੀ ਸੇਵਾਵਾਂ, ਆਪਰੇਸ਼ਨ ਥੀਏਟਰ ਦੇ ਪ੍ਰਬੰਧ, ਆਕਸੀਜਨ ਸਪਲਾਈ, ਐਂਬੂਲੈਂਸ ਸੇਵਾ, ਹਸਪਤਾਲ ਦੀ ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਬਾਇਓਮੈਡੀਕਲ ਵੇਸਟ ਮੈਨੇਜਮੈਂਟ, ਮੈਡੀਕਲ ਉਪਕਰਨਾਂ ਦੀ ਕਾਰਜਸ਼ੀਲਤਾ, ਮਰੀਜ਼ਾਂ ਲਈ ਵ੍ਹੀਲਚੇਅਰ ਅਤੇ ਸਟ੍ਰੈਚਰ ਦੀ ਉਪਲੱਬਧਤਾ ਦੀ ਪੜਤਾਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਿੱਧੀ ਗੱਲਬਾਤ ਕਰਕੇ ਸਿਹਤ ਸੇਵਾਵਾਂ ਸਬੰਧੀ ਫੀਡਬੈਕ ਲਈ ਅਤੇ ਸਿਹਤ ਅਧਿਕਾਰੀਆਂ ਨੂੰ ਹਸਪਤਾਲ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾ ਕੇ ਲੋਕਾਂ ਨੂੰ ਸਮੇਂ ਸਿਰ, ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਮਿਆਰੀ, ਸੁਚਾਰੂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਢਲੀ ਤਰਜੀਹ ਹੈ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਉਪਲੱਬਧਤਾ, ਮੈਡੀਕਲ ਸਾਜ਼ੋ-ਸਾਮਾਨ ਦੀ ਕਾਰਜਸ਼ੀਲਤਾ, ਸਾਫ਼-ਸਫ਼ਾਈ, ਮਰੀਜ਼ਾਂ ਦੀ ਸੁਚੱਜੀ ਦੇਖਭਾਲ ਅਤੇ ਐਮਰਜੈਂਸੀ ਸੇਵਾਵਾਂ ਦੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਅਜੇ ਬਸਰਾ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਸਿਹਤ ਸੰਸਥਾਵਾਂ ਦੇ ਪ੍ਰਬੰਧਾਂ ਦੀ ਨਿਯਮਤ ਸਮੀਖਿਆ ਕਰਨ ਅਤੇ ਜਿੱਥੇ ਵੀ ਕਿਸੇ ਸੁਧਾਰ ਦੀ ਲੋੜ ਹੋਵੇ, ਉੱਥੇ ਤੁਰੰਤ ਕਾਰਵਾਈ ਯਕੀਨੀ ਬਣਾਉਣ। ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਹਸਪਤਾਲ ਵਿਚ ਆਉਣ ਵਾਲਾ ਹਰੇਕ ਮਰੀਜ਼ ਸਤਿਕਾਰ ਅਤੇ ਸੰਵੇਦਨਸ਼ੀਲਤਾ ਭਰੇ ਵਿਵਹਾਰ ਦਾ ਹੱਕਦਾਰ ਹੈ। ਸਿਹਤ ਕਰਮਚਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮੇਂ ਦੀ ਪਾਬੰਦੀ ਨਾਲ ਨਿਭਾਉਣ। ਮਰੀਜ਼ਾਂ ਨੂੰ ਇਲਾਜ ਕਰਵਾਉਣ ਸਮੇਂ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਕਾਰਜਕੁਸ਼ਲਤਾ ਵਿਚ ਲਗਾਤਾਰ ਸੁਧਾਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ ਸਿਰਫ਼ ਬਿਮਾਰੀਆਂ ਦਾ ਇਲਾਜ ਕਰਨਾ ਹੀ ਨਹੀਂ, ਸਗੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਜੀਵਨ ਸ਼ੈਲੀ, ਸਮੇਂ ਸਿਰ ਜਾਂਚ ਅਤੇ ਉਪਲੱਬਧ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਗਰੂਕ ਕਰਨਾ ਵੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਸੀ ਤਾਲਮੇਲ ਅਤੇ ਜਵਾਬਦੇਹੀ ਨਾਲ ਕੰਮ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਰੀਜ਼ਾਂ ਦੀ ਸਿਹਤ ਅਤੇ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।