ਯੂ-ਵਿਨ ਪੋਰਟਲ ’ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ : ਸਿਵਲ ਸਰਜਨ ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ
Publish Date: Wed, 11 Nov 2026 04:24 PM (IST)
Updated Date: Wed, 11 Nov 2026 04:27 PM (IST)
22 ਦੀ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਲੋੜ ਤੇ ਜ਼ੋਰ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਜ਼ਿਲ੍ਹੇ ਵਿਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ, ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਅਤੇ ਨਿਰਧਾਰਤ ਟੀਚਿਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਡਾ. ਗੀਤਾਂਜਲੀ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਪੂਰੀ ਗੰਭੀਰਤਾ ਅਤੇ ਆਪਸੀ ਤਾਲਮੇਲ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਫੀਲਡ ਪੱਧਰ ਤੇ ਨਿਯਮਤ ਨਿਗਰਾਨੀ ਅਤੇ ਸਮੀਖਿਆ ਕੀਤੀ ਜਾਵੇ। ਸਿਵਲ ਸਰਜਨ ਨੇ ਸਾਰੀਆਂ ਸਿਹਤ ਸੰਸਥਾਵਾਂ ਵਿਚ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਾਸ਼ਰੂਮ ਹਰ ਸਮੇਂ ਸਾਫ਼ ਰੱਖੇ ਜਾਣ ਅਤੇ ਹੱਥ ਧੋਣ ਲਈ ਲਿਕੁਇਡ ਸੋਪ ਦੀ ਵਰਤੋਂ ਕੀਤੀ ਜਾਵੇ। ਆਫ਼ਤ ਪ੍ਰਬੰਧਨ ਦੀਆਂ ਤਿਆਰੀਆਂ ਬਾਰੇ ਉਨ੍ਹਾਂ ਕਿਹਾ ਕਿ ਹਰ ਸਿਹਤ ਸੰਸਥਾ ਵਿੱਚ ਦਵਾਈਆਂ ਦੀ ਕਿੱਟ ਤਿਆਰ ਰੱਖੀ ਜਾਵੇ ਅਤੇ ਟਾਂਕੇ ਲਗਾਉਣ ਦੇ ਸਮਾਨ ਸਮੇਤ ਲੋੜੀਂਦੀ ਸਮੱਗਰੀ ਵਾਲੀ ਵੱਖਰੀ ਡਿਜ਼ਾਸਟਰ ਅਲਮਾਰੀ ਬਣਾਈ ਜਾਵੇ। ਇਸ ਦੇ ਨਾਲ ਹੀ ਆਕਸੀਜਨ ਦੀ ਸਪਲਾਈ ਨਿਰੰਤਰ ਬਣਾਈ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਹਦਾਇਤ ਕੀਤੀ ਕਿ ਸਾਰੀਆਂ ਗਰਭਵਤੀ ਔਰਤਾਂ ਦੀ ਗਰਭ ਅਵਸਥਾ ਦੇ ਪਹਿਲੇ 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀਆਂ ਸਾਰੀਆਂ ਐਂਟੀਨੇਟਲ ਚੈੱਕਅੱਪ ਸੇਵਾਵਾਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਮਾਤਰੀ ਮੌਤ ਦਰ ਘਟਾਉਣ ਲਈ ਗੁਣਵੱਤਾ ਭਰਪੂਰ ਐਂਟੀਨੇਟਲ ਕੇਅਰ ਅਤੇ ਲੋੜੀਂਦੀ ਮੈਡੀਕਲ ਜਾਂਚ ਯਕੀਨੀ ਬਣਾਉਣ ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਕੁਪੋਸ਼ਿਤ ਬੱਚਿਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦੀ ਸਹੀ ਦੇਖਭਾਲ ਅਤੇ ਇਲਾਜ ਯਕੀਨੀ ਬਣਾਉਣ ਲਈ ਕਿਹਾ। ਸਿਵਲ ਸਰਜਨ ਨੇ ਗੈਰ-ਸੰਚਾਰੀ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਲਈ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦੀ ਸਕ੍ਰੀਨਿੰਗ ਕਰਨ ਅਤੇ ਸੀਬੀਏਸੀ ਫਾਰਮ ਭਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕ੍ਰੀਨਿੰਗ ਦੌਰਾਨ ਸਾਹਮਣੇ ਆਉਣ ਵਾਲੇ ਸ਼ੱਕੀ ਮਰੀਜ਼ਾਂ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਲਈ ਅਗਲੇਰੀ ਕਾਰਵਾਈ ਯਕੀਨੀ ਬਣਾਈ ਜਾਵੇ। ਆਭਾ ਆਈਡੀ ਬਣਾਉਣ ਦੇ ਕੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਡਿਜੀਟਲ ਸਿਹਤ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੀਆਂ ਆਭਾ ਆਈ.ਡੀਜ਼ ਬਣਾਈਆਂ ਜਾਣ। ਡਾ. ਗੀਤਾਂਜਲੀ ਸਿੰਘ ਨੇ 22 ਨਵੰਬਰ 2026 ਨੂੰ ਸ਼ੁਰੂ ਹੋਣ ਵਾਲੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿਣ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਯੂ-ਵਿਨ ਪੋਰਟਲ ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕਰਨ ਅਤੇ ਐੱਚਪੀਵੀ ਟੀਕਾਕਰਨ ਵਿਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਰੇਬੀਜ਼ ਪ੍ਰੋਗਰਾਮ ਅਧੀਨ ਲੋਕਾਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਵਧਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ 1 ਨਵੰਬਰ ਤੋਂ ਸ਼ੁਰੂ ਹੋਈ ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕਿਹਾ। ਇਸ ਤੋਂ ਇਲਾਵਾ ਟੀਬੀ ਮੁਕਤ ਭਾਰਤ ਮੁਹਿੰਮ, ਪਰਿਵਾਰ ਨਿਯੋਜਨ, ਮਲੇਰੀਆ, ਡੇਂਗੂ ਅਤੇ ਹੋਰ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਪਣੇ-ਆਪਣੇ ਬਲਾਕਾਂ ਵਿਚ ਸਿਹਤ ਸੰਸਥਾਵਾਂ ਦੀ ਕਾਰਗੁਜ਼ਾਰੀ ਦੀ ਨਿਯਮਤ ਸਮੀਖਿਆ ਕਰਨ, ਸਿਹਤ ਸੇਵਾਵਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰ ਪ੍ਰੋਗਰਾਮ ਦੇ ਟੀਚੇ ਸਮਾਂਬੱਧ ਢੰਗ ਨਾਲ ਪੂਰੇ ਕਰਨ ਲਈ ਅਧਿਕਾਰੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ। ਮੀਟਿੰਗ ਵਿਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਸੋਨੀਆ, ਡਾ. ਸਤਿੰਦਰਜੀਤ ਕੌਰ, ਡਾ. ਅਜੇ ਬਸਰਾ, ਡਾ. ਪਰਮਜੀਤ ਲਾਲ, ਜ਼ਿਲ੍ਹਾ ਐਪੀਡੈਮਿਆਲੋਜਿਸਟ ਡਾ. ਰਾਕੇਸ਼ ਪਾਲ, ਡਾ. ਕਿਸ਼ਨ ਰਾਏ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।