ਜ਼ਿਲ੍ਹੇ ’ਚ ਹਥਿਆਰਾਂ ਦੇ ਜਨਤਕ ਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ ਦੇ ਹੁਕਮ
ਜ਼ਿਲ੍ਹੇ 'ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ 'ਤੇ ਪਾਬੰਦੀ ਦੇ ਹੁਕਮ
Publish Date: Tue, 10 Feb 2026 05:22 PM (IST)
Updated Date: Wed, 11 Feb 2026 04:03 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ, ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ, ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ਚ ਅਸਲਾ ਜਾਂ ਕੋਈ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਾਈ ਹੈ। ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ਤੇ ਪ੍ਰਦਰਸ਼ਨ ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਹਥਿਆਰਾਂ ਜਾਂ ਹਿੰਸਾ ਨੂੰ ਹੁਲਾਰਾ ਦੇਣ ਵਾਲੇ ਗੀਤ ਵੀ ਇਸ ਪਾਬੰਦੀ ਦੇ ਘੇਰੇ ਚ ਸ਼ਾਮਲ ਹਨ। ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਂਵਾਂ ਤੇ ਕਿਸੇ ਵਿਅਕਤੀ ਵੱਲੋਂ ਨਾਅਰੇ ਲਾਉਣ ਤੇ ਭੜਕਾਊ ਭਾਸ਼ਣ ਦੇਣ, ਜਨਤਕ ਥਾਵਾਂ ਤੇ ਬਿਨਾਂ ਪ੍ਰਵਾਨਗੀ ਜਲੂਸ ਕੱਢਣ ਜਾਂ ਮੀਟਿੰਗ ਕਰਨ ਜਾਂ ਰੈਲੀ ਕਰਨ ਤੇ ਪਾਬੰਦੀ ਲਾਈ ਹੈ।। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਾਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ। ਇਹ ਹੁਕਮ ਪੁਲਿਸ, ਆਰਮੀ ਵਰਦੀ ਵਿਚ ਮਿਲਟਰੀ ਅਮਲਾ, ਡਿਊਟੀ ਤੇ ਤਾਇਨਾਤ ਕੋਈ ਹੋਰ ਸਰਕਾਰੀ ਕਰਮਚਾਰੀ ਅਤੇ ਵਿਆਹ, ਸ਼ੋਕਮਈ ਇਕੱਠ, ਧਾਰਮਿਕ ਅਸਥਾਨਾਂ, ਸੰਸਥਾਵਾਂ ਦੇ ਅੰਦਰ ਲਾਗੂ ਨਹੀਂ ਹੋਵੇਗਾ।