ਪਲਕ ਨੇ ਸਕੂਲ ਤੇ ਮਾਪਿਆਂ ਦਾ ਨਾਂ ਚਮਕਾਇਆ ਪਲਕ ਨੇ ਸਕੂਲ ਤੇ ਮਾਪਿਆਂ ਦਾ ਨਾਮ ਚਮਕਾਇਆ
Publish Date: Mon, 09 Nov 2026 07:58 PM (IST)
Updated Date: Tue, 10 Nov 2026 04:09 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਪ੍ਰਿੰ. ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ 11ਵੀਂ ਕਲਾਸ ਦੀ ਸਾਇੰਸ ਦੀ ਹੋਣਹਾਰ ਵਿਦਿਆਰਥਣ ਪਲਕ ਨੇ ਬੈਡਮਿੰਟਨ ਵਿਚ ਸ਼ਾਨਦਾਰ ਪ੍ਰਾਪਤੀ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਪਲਕ ਨੂੰ ਸਕੂਲ ਦੀ ਸਰਵੋਤਮ ਖਿਡਾਰਨ ਵੱਜੋਂ ਚੁਣਿਆ ਗਿਆ।।ਉਸ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਜਲੰਧਰ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ ਵਿਚ ਪਲਕ ਨੇ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਪੱਧਰ ਤੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਉਸ ਦੀ ਚੋਣ ਨੈਸ਼ਨਲ ਕੈਂਪ ਲਈ ਵੀ ਹੋਈ ਹੈ। ਪ੍ਰਿੰ. ਰਾਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਲਕ ਦੀ ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ ਅਤੇ ਹੋਣਹਾਰ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ। ਵਿਦਿਆਰਥਣ ਪਲਕ ਦੀ ਮਾਤਾ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਪ੍ਰਧਾਨ ਜੀਆ ਲਾਲ ਸ਼ਰਮਾ, ਸਮੁੱਚੀ ਮੈਨੇਜਮੈਂਟ, ਜ਼ਿਲ੍ਹਾ ਸਿੱਖਿਆ ਅਧਿਕਾਰੀ, ਪਲਕ ਦੇ ਮਾਪਿਆਂ, ਕੋਚ, ਖੇਡ ਮੁਖੀ ਲੈਕ. ਗੁਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਸਮੂਹ ਬੈਡਮਿੰਟਨ ਪ੍ਰੇਮੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਖੇਡਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਰੋਹਿਤ ਅਰੋੜਾ, ਪਰਵੇਸ਼ ਰਾਣੀ, ਸਨਾ, ਸੰਤੋਸ਼ ਰਾਣੀ, ਰਜਨੀ ਨਈਅਰ ਅਤੇ ਹੋਰ ਖੇਡ ਪ੍ਰੇਮੀਆਂ ਦੇ ਸਹਿਯੋਗ ਦੀ ਵੀ ਸ਼ਲਾਘਾ ਕਰਦਿਆਂ ਪ੍ਰਿੰ. ਰਾਜਿੰਦਰ ਸਿੰਘ ਗਿੱਲ ਵੱਲੋਂ ਪਲਕ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।