ਪੋਲੀਓ ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਦੀ ਭਾਗੀਦਾਰੀ ਅਹਿਮ : ਐੱਸਐੱਮਓ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਲਈ ਸਮਾਜ ਦੇ ਹਰੇਕ ਵਰਗ ਦੀ ਭਾਗੀਦਾਰੀ ਅਹਿਮ-ਐੱਸਐੱਮਓ ਡਾ. ਸਤਿੰਦਰਜੀਤ ਕੌਰ
Publish Date: Sun, 22 Nov 2026 05:52 PM (IST)
Updated Date: Sun, 22 Nov 2026 05:55 PM (IST)
-ਰਾਹੋਂ ਟ੍ਰਾਂਜ਼ਿਟ ਪੁਆਇੰਟ, ਕਨੌਣ ਬੰਨ੍ਹ ਅਤੇ ਸ਼ੇਖਾਂ ਮਜ਼ਾਰਾ ਦਾ ਕੀਤਾ ਨਿਰੀਖਣ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਹਤ ਵਿਭਾਗ ਉਪ-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਪੰਜ ਸਾਲ ਤੱਕ ਦੀ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਵੱਲੋਂ ਰਾਹੋਂ ਟ੍ਰਾਂਜ਼ਿਟ ਪੁਆਇੰਟ, ਕਾਨੋਨ ਬੰਨ੍ਹ ਅਤੇ ਸ਼ੇਖਾਂ ਮਜ਼ਾਰਾ ਦਾ ਦੌਰਾ ਕਰਕੇ ਪਲਸ ਪੋਲੀਓ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਵੈਕਸੀਨੇਸ਼ਨ ਟੀਮਾਂ ਵੱਲੋਂ ਰਾਹਗੀਰਾਂ, ਪ੍ਰਵਾਸੀ ਪਰਿਵਾਰਾਂ ਅਤੇ ਆਵਾਜਾਈ ਵਾਲੀਆਂ ਥਾਵਾਂ ਤੋਂ ਲੰਘਣ ਵਾਲੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਪ੍ਰਕਿਰਿਆ ਦੀ ਜਾਂਚ ਕੀਤੀ। ਉਨ੍ਹਾਂ ਨੇ ਟੀਮਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ ਅਤੇ ਹਰ ਬੱਚੇ ਤੱਕ ਪਹੁੰਚ ਯਕੀਨੀ ਬਣਾਈ ਜਾਵੇ। ਇਸ ਮੌਕੇ ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਬੱਚਿਆਂ ਦੀ ਸੁਰੱਖਿਆ ਲਈ ਹਰ ਰਾਊਂਡ ਦੌਰਾਨ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਾਈਰਿਸਕ ਖੇਤਰਾਂ ਤੇ ਟ੍ਰਾਂਜ਼ਿਟ ਪੁਆਇੰਟਾਂ ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਸਫ਼ਰ ਕਰ ਰਹੇ ਪਰਿਵਾਰਾਂ ਦੇ ਬੱਚੇ ਕਈ ਵਾਰ ਟੀਕਾਕਰਨ ਮੁਹਿੰਮ ਦੀ ਪਹੁੰਚ ਤੋਂ ਰਹਿ ਜਾਂਦੇ ਹਨ। ਇਸ ਲਈ ਸਿਹਤ ਕਰਮਚਾਰੀ ਪੂਰੀ ਚੌਕਸੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ।।ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੱਕ ਦੀ ਉਮਰ ਦੇ ਆਪਣੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਦੇ ਨਾਲ-ਨਾਲ ਮਾਪਿਆਂ ਅਤੇ ਸਮਾਜ ਦੇ ਹਰੇਕ ਵਰਗ ਦੀ ਭਾਗੀਦਾਰੀ ਅਹਿਮ ਹੈ। ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਮੁਹਿੰਮ ਦੀ ਸਫ਼ਲਤਾ ਦਾ ਅਸਲ ਮਾਪਦੰਡ ਇਹ ਹੈ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।