- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਲੋਵਾਲ ਸੌਂਖੜੀ ਦੇ ਖੇਤਰੀ ਕੇਂਦਰ 'ਚ ਹਾੜ੍ਹੀ ਦੀਆਂ ਫਸਲਾਂ ਲਈ ਪੀਏਯੂ ਦਾ ਕਿਸਾਨ ਮੇਲਾ ਕਰਵਾਇਆ

- ਐੱਮਪੀ ਮਾਲਵਿੰਦਰ ਸਿੰਘ ਕੰਗ ਨੇ ਕੰਢੀ ਖੇਤਰ ਦੇ ਕਿਸਾਨਾਂ ਨੂੰ ਪੀਏਯੂ ਨਾਲ ਜੁੜਨ ਲਈ ਪ੍ਰੇਰਿਆ
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ
ਬਲਾਚੌਰ : ਪੀਏਯੂ ਦੇ ਹਾੜ੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਡਾ. ਦੇਵ ਰਾਜ ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ ਲਗਾਇਆ। ਜਿਸ ਵਿਚ ਮੁੱਖ ਮਹਿਮਾਨ ਲੋਕ ਸਭਾ ਮੈਂਬਰ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਸਨ। ਜਦਕਿ ਮੇਲੇ ਦੀ ਪ੍ਰਧਾਨਗੀ ਪੀਏਯੂ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ ਆਈਏਐੱਸ ਨੇ ਕੀਤੀ। ਇਸ ਤੋਂ ਇਲਾਵਾ ਪੀਏਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ, ਪੀਏਯੂ ਲੁਧਿਆਣਾ ਦੇ ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ ਸੋਹੂ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਭਜੋਧ ਸਿੰਘ ਸੰਧੂ ਅਤੇ ਯੂਨੀਵਰਸਿਟੀ ਉੱਚ ਅਧਿਕਾਰੀ ਵੀ ਮੰਚ ਤੇ ਮੌਜੂਦ ਸਨ। ਐੱਮਪੀ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੀਏਯੂ ਨੇ ਨਾ ਸਿਰਫ ਪੰਜਾਬ ਬਲਕਿ ਦੇਸ਼ ਦੀ ਕਿਸਾਨੀ ਨੂੰ ਪ੍ਰਫੁੱਲਤ ਕਰਨ ਵਿਚ ਲਾਸਾਨੀ ਭੂਮਿਕਾ ਨਿਭਾਈ ਹੈ।
ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਇਕ ਕਿੱਤੇ ਵਜੋਂ ਖੇਤੀ ਦੇ ਮਾਣ ਦੀ ਬਹਾਲੀ ਲਈ ਵੀ ਪੀਏਯੂ ਦੀ ਕਾਰਗੁਜ਼ਾਰੀ ਇਤਿਹਾਸਕ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਗਿਆਨ ਕੇਂਦਰ ਨਾਲ ਜੁੜਨ ਲਈ ਕਿਹਾ। ਸੰਸਦ ਮੈਂਬਰ ਨੇ ਆਉਂਦੀਆਂ ਪੀੜ੍ਹੀਆਂ ਦੇ ਭਵਿੱਖ ਲਈ ਫਿਕਰਮੰਦੀ ਨੂੰ ਗਹਿਰੀ ਤੇ ਗੰਭੀਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜੇ ਵੀ ਖੇਤੀ ਤੇ ਰੁਜ਼ਗਾਰ ਦੀਆਂ ਅਪਾਰ ਸੰਭਾਵਨਾਵਾਂ ਹਨ, ਬਸ਼ਰਤੇ ਪੀਏਯੂ ਦੀਆਂ ਸਿਫਾਰਿਸ਼ਾਂ ਅਤੇ ਅਗਵਾਈ ਨੂੰ ਅਪਣਾਇਆ ਜਾਵੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਖੇਤੀ ਨਾਲ ਜੋੜ ਕੇ ਇਸ ਕਿੱਤੇ ਦੇ ਮਾਣ ਦੀ ਬਹਾਲੀ ਲਈ ਯਤਨ ਕਰਨ। ਉਨ੍ਹਾਂ ਕਿਸਾਨੀ ਨੂੰ ਪੁਰਜ਼ੋਰ ਸੰਦੇਸ਼ ਤਹਿਤ ਕਿਹਾ ਕਿ ਖੇਤੀ ਨੂੰ ਪ੍ਰੋਸੈਸਿੰਗ ਅਤੇ ਸਵੈ ਮੰਡੀਕਰਨ ਦੇ ਰਸਤੇ ਤੋਰਨਾ ਅੱਜ ਦੀ ਲੋੜ ਹੈ ਤਾਂ ਜੋ ਵਿਚੋਲਿਆਂ ਦੀ ਥਾਂ ਮੁਨਾਫਾ ਸਿੱਧਾ ਕਿਸਾਨ ਤਕ ਪੁੱਜ ਸਕੇ। ਉਨ੍ਹਾਂ ਮੇਲੇ ਵਿਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਹੋਰ ਕਿਸਾਨਾਂ ਤੱਕ ਇਸ ਮੇਲੇ ਦੀ ਆਵਾਜ਼ ਪਹੁੰਚਾਉਣ ਦਾ ਸੱਦਾ ਦਿੱਤਾ ਤਾਂ ਜੋ ਹੋਰ ਲੋਕ ਗਿਆਨ ਵਿਗਿਆਨ ਦੇ ਪ੍ਰਵਾਹ ਦਾ ਹਿੱਸਾ ਬਣਨ। ਉਨ੍ਹਾਂ ਖਾਸ ਕਰਕੇ ਕੰਢੀ ਖੇਤਰ ਲਈ ਵਿਭਿੰਨਤਾ ਤਕਨੀਕਾਂ ਉੱਪਰ ਅਮਲ ਕਰਨ ਵਾਸਤੇ ਹਾਜ਼ਰ ਕਿਸਾਨਾਂ ਨੂੰ ਹੁਲਾਰਾ ਦਿੱਤਾ ਅਤੇ ਖੇਤੀ ਖਰਚਿਆਂ ਉੱਪਰ ਕਾਬੂ ਪਾਉਣ ਲਈ ਕੁਦਰਤੀ ਸਾਧਨਾਂ ਨੂੰ ਧਾਰਨ ਕਰਨ ਵਾਸਤੇ ਕਿਹਾ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਮਾਹੌਲ ਬਣਿਆ ਹੈ ਪਰ ਇਸ ਵੇਗ ਨੂੰ ਬਰਕਰਾਰ ਰੱਖਣ ਲਈ ਕਿਸਾਨਾਂ ਤੇ ਮਾਹਿਰਾਂ ਨੂੰ ਹੋਰ ਯਤਨ ਕਰਨੇ ਹੋਣਗੇ। ਉਨ੍ਹਾਂ ਪੰਜਾਬ ਤੇ ਖੇਤੀ ਨੂੰ ਬਚਾਉਣ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ ਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਖੇਤੀ ਦੀ ਬਿਹਤਰੀ ਨੂੰ ਲਾਜ਼ਮੀ ਕਰਾਰ ਦਿੱਤਾ। ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ ਨੇ ਕਿਹਾ ਕਿ ਇਹ ਮੇਲੇ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਨਣ, ਉਨ੍ਹਾਂ ਦੇ ਅਨੁਭਵਾਂ ਤੋਂ ਸਿੱਖਣ ਅਤੇ ਉਨ੍ਹਾਂ ਨੂੰ ਸਹੀ ਮਾਰਗ ਦੱਸਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਪੰਜਾਬ ਦੀਆਂ ਭੂਗੋਲਿਕ ਹਾਲਤਾਂ ਦੀ ਵੱਖਰਤਾ ਦੇ ਮੱਦੇਨਜ਼ਰ ਇਨ੍ਹਾਂ ਕਿਸਾਨ ਮੇਲਿਆਂ ਦੀ ਵਿਉਂਤਬੰਦੀ ਕੀਤੀ ਹੈ। ਤਾਂ ਜੋ ਪੰਜਾਬ ਦੇ ਖੇਤੀ ਦਾ ਸਮੁੱਚੇ ਤੌਰ ਤੇ ਵਿਕਾਸ ਸੰਭਵ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਦਾ ਉਦੇਸ਼ 'ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ' ਰੱਖਿਆ ਗਿਆ ਹੈ। ਇਸ ਦਾ ਮੰਤਵ ਖੇਤੀ ਨੂੰ ਰਵਾਇਤੀ ਤਰੀਕਿਆਂ ਦੀ ਥਾਂ ਕਾਰੋਬਾਰੀ ਵਿਧੀਆਂ ਨਾਲ ਕਰਨ ਲਈ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਕਰਨੀ ਹੈ।
ਪੀਏਯੂ ਦੇ ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ ਸੋਹੂ ਨੇ ਹਾੜ੍ਹੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਸਹਿਯੋਗ ਸਦਕਾ ਪੀਏਯੂ ਨੇ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਅਤੇ 250 ਤੋਂ ਵੱਧ ਦੇਸ਼ ਨੂੰ ਕਾਸ਼ਤ ਲਈ ਦਿੱਤੀਆਂ ਹਨ। ਉਨ੍ਹਾਂ ਆਉਂਦੇ ਹਾੜੀ ਸੀਜ਼ਨ ਦੌਰਾਨ ਪੀਏਯੂ ਦੀਆਂ ਖੋਜ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਹੇ।।ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਨੇ ਪੰਜਾਬ ਵਿਚ ਅਗਾਂਹਵਧੂ ਖੇਤੀ ਦੀ ਲਹਿਰ ਉਸਾਰੀ ਹੈ ਅਤੇ ਅਨੇਕ ਕਿਸਾਨਾਂ ਨੂੰ ਮੁਨਾਫੇ ਵਾਲੀ ਖੇਤੀ ਦਾ ਪਹਿਰੇਦਾਰ ਬਣਾਇਆ ਹੈ। ਪੀਏਯੂ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੇਲੇ ਦੌਰਾਨ ਅਗਾਂਹਵਧੂ ਕਾਰਜ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਸਨਮਾਨਿਤ ਹੋਣ ਵਾਲੇ ਕਿਸਾਨਾਂ ਵਿਚ ਪਿੰਡ ਸਿਆਣਾ ਦੇ ਜਸਵਿੰਦਰ ਸਿੰਘ ਅਜੀਮਲ, ਪਿੰਡ ਖਾਲਿਦਪੁਰ ਦੇ ਕਿਸਾਨ ਡਾ. ਗੁਰਜੀਤ ਸਿੰਘ ਸੈਣੀ, ਪਿੰਡ ਮਹਿਲਾਵਾਲੀ ਦੇ ਸੰਜੀਵ ਕੁਮਾਰ, ਪਿੰਡ ਰੱਤੇਵਾਲ ਦੇ ਕੁਲਦੀਪ ਸਿੰਘ ਅਤੇ ਪਿੰਡ ਨੈਣਵਾਂ ਦੇ ਦਿਲਜੀਤ ਸਿੰਘ ਪ੍ਰਮੁੱਖ ਹਨ। ਉੱਘੇ ਕਿਸਾਨ ਮਰਹੂਮ ਮਹਿੰਦਰ ਸਿੰਘ ਦੁਸਾਂਝ ਨੂੰ ਯਾਦ ਵੀ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਅਮਨਜੋਤ ਕੌਰ, ਅਰਸ਼ਦੀਪ ਸਿੰਘ, ਗੁਰਨੀਤ ਕੌਰ ਗੋਸਲ ਅਤੇ ਕੋਮਲ ਅਰੋੜਾ ਨੂੰ ਡਾ. ਦੇਵ ਰਾਜ ਭੂੰਬਲਾ ਸਕਾਲਰਸ਼ਿਪ ਦੇ ਚੈੱਕ ਦਿੱਤੇ ਗਏ।।ਡਾ. ਦੇਵ ਰਾਜ ਭੂੰਬਲਾ ਦੇ ਪੁੱਤਰ ਦਵਿੰਦਰ ਭੂੰਬਲਾ ਨੂੰ ਵੀ ਸਨਮਾਨ ਚਿੰਨ੍ਹ ਨਾਲ ਨਿਵਾਜ਼ਿਆ ਗਿਆ। ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਡਾ. ਜਸ਼ਲੀਨ ਕੌਰ ਸਿੱਧੂ ਨੇ ਕੀਤਾ। ਅੰਤ ਵਿਚ ਧੰਨਵਾਦ ਦੇ ਸ਼ਬਦ ਪੀਏਯੂ-ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੇ ਡੀਨ ਡਾ. ਮਨਮੋਹਨਜੀਤ ਸਿੰਘ ਨੇ ਕਹੇ। ਇਸ ਮੇਲੇ ਦੌਰਾਨ ਵੱਖ-ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀਏਯੂ ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਮੇਲੇ ਦੌਰਾਨ ਲੰਗਰ ਦੀ ਸੇਵਾ ਗੁਰਦੁਆਰਾ ਸ੍ਰੀ ਗੜੀ ਸਾਹਿਬ ਸ੍ਰੀ ਚਮਕੌਰ ਸਾਹਿਬ ਵੱਲੋਂ ਕੀਤੀ ਗਈ। ਅੰਤ ਵਿਚ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ।