ਲੜਕੀਆਂ ਦੀ ਸਿਹਤ, ਪੋਸ਼ਣ ਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਸਮੇਂ ਦੀ ਲੋੜ : ਸਿਵਲ ਸਰਜਨ ਲੜਕੀਆਂ ਦੀ ਸਿਹਤ, ਪੋਸ਼ਣ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਸਮੇਂ ਦੀ ਲੋੜ-ਸਿਵਲ ਸਰਜਨ
Publish Date: Sun, 11 Oct 2026 04:02 PM (IST)
Updated Date: Sun, 11 Oct 2026 04:02 PM (IST)
ਬਲਿਹਾਰ ਸਿੰਘ, ਪੰਜਾਬੀ ਜਾਗਰਣ ਨਵਾਂਸ਼ਹਿਰ : ਕੌਮਾਂਤਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਲੋਕਾਂ ਨੂੰ ਲੜਕੀਆਂ ਦੀ ਸਿਹਤ ਅਤੇ ਪੋਸ਼ਣ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸਿਹਤਮੰਦ ਵਾਤਾਵਰਣ, ਸੰਤੁਲਿਤ ਖੁਰਾਕ, ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਡਾ. ਅਮਨ ਸੂਦ ਨੇ ਕਿਹਾ ਕਿ ਕਿਸ਼ੋਰ ਅਵਸਥਾ ਦੌਰਾਨ ਲੜਕੀਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਉਮਰ ਵਿਚ ਸਰੀਰਕ ਅਤੇ ਮਾਨਸਿਕ ਤਬਦੀਲੀਆਂ ਆਉਂਦੀਆਂ ਹਨ, ਇਸ ਲਈ ਉਨ੍ਹਾਂ ਨੂੰ ਸਹੀ ਸਿਹਤ ਜਾਣਕਾਰੀ, ਪੌਸ਼ਟਿਕ ਖੁਰਾਕ ਅਤੇ ਲੋੜ ਅਨੁਸਾਰ ਡਾਕਟਰੀ ਸਲਾਹ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਲੜਕੀਆਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਤੱਕ ਪਹੁੰਚਾਉਣ।।ਸਿਵਲ ਸਰਜਨ ਨੇ ਕਿਹਾ ਕਿ ਖ਼ੂਨ ਦੀ ਕਮੀ ਤੋਂ ਬਚਾਅ ਲਈ ਆਇਰਨ ਭਰਪੂਰ ਖੁਰਾਕ, ਹਰੀਆਂ ਪੱਤੇਦਾਰ ਸਬਜ਼ੀਆਂ, ਦਾਲਾਂ, ਫਲਾਂ ਅਤੇ ਹੋਰ ਪੌਸ਼ਟਿਕ ਭੋਜਨ ਨੂੰ ਰੋਜ਼ਾਨਾ ਖੁਰਾਕ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਮਰ ਅਨੁਸਾਰ ਸਿਹਤ ਜਾਂਚ, ਨਿੱਜੀ ਸਫ਼ਾਈ, ਮਾਹਵਾਰੀ ਸਬੰਧੀ ਸਹੀ ਜਾਣਕਾਰੀ ਅਤੇ ਨਿਯਮਤ ਸਰੀਰਕ ਗਤੀਵਿਧੀਆਂ ਵੀ ਸਿਹਤਮੰਦ ਜੀਵਨ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸਿੱਖਿਆ ਅਤੇ ਸਿਹਤ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਕੌਮਾਂਤਰੀ ਬਾਲੜੀ ਦਿਵਸ ਦੇ ਵਿਸ਼ੇ ਨੂੰ ਛੂੰਹਦਿਆਂ ਦੱਸਿਆ ਕਿ ਇਸ ਸਾਲ ਦਾ ਵਿਸ਼ਾ ਬਾਲ ਵਿਆਹ ਨੂੰ ਖ਼ਤਮ ਕਰਨਾ ਅਤੇ ਲੜਕੀਆਂ ਦੇ ਅਧਿਕਾਰਾਂ ਵਿੱਚ ਨਿਵੇਸ਼ ਕਰਨਾ ਹੈ। ਬਾਲ ਵਿਆਹ ਲੜਕੀਆਂ ਦੀ ਸਿੱਖਿਆ, ਸਿਹਤ ਅਤੇ ਭਵਿੱਖ ਤੇ ਮਾੜਾ ਅਸਰ ਪਾ ਸਕਦਾ ਹੈ। ਇਸ ਲਈ ਪਰਿਵਾਰਾਂ ਅਤੇ ਸਮਾਜ ਨੂੰ ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਲੜਕੀਆਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੜਕੀਆਂ ਦੀ ਸਿਹਤ ਅਤੇ ਅਧਿਕਾਰਾਂ ਦੀ ਰਾਖੀ ਲਈ ਸਾਂਝੇ ਯਤਨ ਕਰਨ। ਉਨ੍ਹਾਂ ਕਿਹਾ ਕਿ ਸਿਹਤਮੰਦ, ਸਿੱਖਿਅਤ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਲੜਕੀਆਂ ਹੀ ਇੱਕ ਸਿਹਤਮੰਦ ਅਤੇ ਮਜ਼ਬੂਤ ਸਮਾਜ ਦੀ ਨੀਂਹ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੜਕੀਆਂ ਦੀ ਸਿਹਤ ਸਬੰਧੀ ਕਿਸੇ ਵੀ ਸਮੱਸਿਆ ਲਈ ਨੇੜਲੇ ਸਰਕਾਰੀ ਸਿਹਤ ਕੇਂਦਰ ਤੋਂ ਸਲਾਹ ਅਤੇ ਉਪਲੱਬਧ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।