ਲੋਕ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ : ਡਾ. ਹੀਂਉ ਲੋਕ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ-ਡਾ. ਨਿਰੰਜਣ ਹੀਂਉ
Publish Date: Tue, 10 Nov 2026 05:24 PM (IST)
Updated Date: Tue, 10 Nov 2026 05:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ : ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਸੂਝਵਾਨ ਵੋਟਰ ਇਸ ਵਾਰ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਨਿਰੰਜਣ ਹੀਂਉ ਸੇਵਾ ਮੁਕਤ ਸੀਨੀਅਰ ਮੈਡੀਕਲ ਅਫਸਰ, ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਯੁੱਧ ਨਸ਼ਿਆ ਵਿਰੁੱਧ ਤਾਂ ਚਲਾਇਆ ਹੋਇਆ ਹੈ ਪਰੰਤੂ ਜ਼ਮੀਨੀ ਹਕੀਕਤ ਇਹ ਹੈ ਕਿ ਸਰਕਾਰ ਲਗਭਗ ਪੰਜ ਸਾਲਾਂ ਵਿਚ ਨਸ਼ਿਆਂ ਤੇ ਲਗਾਮ ਕੱਸਣ ਵਿਚ ਨਾਕਾਮ ਰਹੀ ਹੈ। ਭਾਵੇਂ ਉਹ ਨਸ਼ਾ ਮੈਡੀਕਲ ਨਸ਼ਾ ਹੋਵੇ ਜਾਂ ਚਿੱਟਾ ਜਾਂ ਕੋਈ ਹੋਰ ਨਸ਼ਾ, ਜਿਸ ਨਾਲ ਪੰਜਾਬ ਦੀ ਜਵਾਨੀ ਨੂੰ ਖ਼ਤਮ ਨਹੀਂ ਬਲਕਿ ਨਸਲਕੁਸ਼ੀ ਦਾ ਕੰਮ ਕੀਤਾ ਜਾ ਰਿਹਾ ਹੈ।।ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੋ ਚੁੱਕਾ ਹੈ ਅਤੇ ਹਰ ਰੋਜ਼ ਦਿਨ-ਦਿਹਾੜੇ ਗੋਲੀਆਂ ਚੱਲਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ। ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਕੋਰਟਾਂ ਵਿਚ ਅਤੇ ਸੜਕਾਂ ਉੱਤੇ ਸੰਘਰਸ਼ ਕਰਨ ਲਈ ਮਜਬੂਰ ਹੋਏ ਪਏ ਹਨ। ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾਉਣ ਲਈ ਸੁਪਰੀਮ ਕੋਰਟ ਵੱਲ ਰੁਖ ਅਖ਼ਤਿਆਰ ਕਰਕੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦੇ ਚੁੱਕੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਨੂੰ ਖੰਭਿਆਂ, ਦਰਖਤਾਂ, ਸੜਕਾਂ ਅਤੇ ਹੋਰ ਥਾਂਵਾਂ ਤੇ ਇਸ਼ਤਿਹਾਰਬਾਜ਼ੀ ਕਰਕੇ ਪੰਜਾਬ ਅਤੇ ਦੂਜਿਆਂ ਸੂਬਿਆਂ ਵਿਚ ਪਾਣੀ ਵਾਂਗ ਨਜਾਇਜ ਵਹਾਅ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਅਤੇ ਬਚਾਉਣ ਵਾਲੇ ਸੂਝਵਾਨ ਵੋਟਰ ਇਸ ਵਾਰ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੀ ਭਾਰੀ ਬਹੁਮਤ ਨਾਲ ਜਿਤਾ ਕੇ ਸਰਕਾਰ ਬਣਾਉਣ ਲਈ ਅਹਿਮ ਰੋਲ ਅਦਾ ਕਰਨਗੇ। ਜਿਸ ਵਾਸਤੇ ਕਾਂਗਰਸ ਦੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਘਰ-ਘਰ ਪਹੁੰਚ ਕੇ ਪਾਰਟੀ ਦੀਆਂ ਨੀਤੀਆਂ ਨੂੰ ਵੋਟਰਾਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।