ਪੀਐੱਚਐੱਸਸੀ ਦੇ ਵਾਈਸ ਚੇਅਰਮੈਨ ਨੇ ਨਵਾਂਸ਼ਹਿਰ ਅਤੇ ਬਲਾਚੌਰ ਦਾ ਕੀਤਾ ਅਚਨਚੇਤ ਦੌਰਾ
ਪੀਐੱਚਐੱਸਸੀ ਦੇ ਵਾਈਸ ਚੇਅਰਮੈਨ ਨੇ ਨਵਾਂਸ਼ਹਿਰ ਅਤੇ ਬਲਾਚੌਰ ਦਾ ਕੀਤਾ ਅਚਨਚੇਤ ਦੌਰਾ
Publish Date: Tue, 09 Dec 2025 05:49 PM (IST)
Updated Date: Tue, 09 Dec 2025 05:51 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਅੱਜ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦੀ ਜ਼ਮੀਨੀ ਹਕੀਕਤ ਜਾਨਣ ਲਈ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਅਤੇ ਬਲਾਚੌਰ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲਾਂ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ, ਵਾਈਸ ਚੇਅਰਮੈਨ ਵਿੱਕੀ ਘਨੌਰ ਵੱਲੋਂ ਹਸਪਤਾਲਾਂ ਵਿਚ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਖਾਸ ਤੌਰ ਤੇ ਗੱਲਬਾਤ ਕਰਕੇ ਉਨ੍ਹਾਂ ਤੋਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਾਈਸ ਚੇਅਰਮੈਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਹਰ ਮਰੀਜ਼ ਨੂੰ ਬਿਹਤਰ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ ਰਾਜ ਦੇ ਵਸਨੀਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਿਹਤ ਖੇਤਰ ਵਿਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਦੌਰਾ ਸਰਕਾਰੀ ਹਸਪਤਾਲਾਂ ਵਿਚ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸਮੀਖਿਆ ਦੇ ਮੱਦੇਨਜਰ ਕੀਤਾ ਗਿਆ ਹੈ। ਤਾਂ ਜੋ ਅੱਗੋਂ ਤੋਂ ਹੋਰ ਲੋੜੀਂਦੇ ਸੁਧਾਰ ਅਮਲ ਵਿਚ ਲਿਆਂਦੇ ਜਾ ਸਕਣ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀ ਸਹੂਲਤ ਲਈ ਮੁਫ਼ਤ ਦਵਾਈਆਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਵਾਈਸ ਚੇਅਰਮੈਨ ਨੇ ਕਿਹਾ ਕਿ ਇਹ ਅਚਨਚੇਤ ਦੌਰੇ ਸਿਹਤ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਜ਼ਰੂਰੀ ਹਨ। ਜੇਕਰ ਕਿਸੇ ਵੀ ਪੱਧਰ ‘ਤੇ ਕੋਈ ਕਮੀ ਪਾਈ ਜਾਂਦੀ ਹੈ, ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇਗਾ। ਵਾਈਸ ਚੇਅਰਮੈਨ ਨੇ ਅੰਤ ਵਿਚ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਮਰੀਜ਼ਾਂ ਦੀ ਸਹੂਲਤ ਲਈ ਹਮੇਸ਼ਾ ਤਿਆਰ ਰਹਿਣ। ਇਸ ਮੌਕੇ ਐੱਸਐਮਓ ਡਾ. ਸਤਵਿੰਦਰ ਪਾਲ ਸਿੰਘ, ਡੀਐਮਸੀ ਡਾ. ਹਰਪ੍ਰੀਤ ਸਿੰਘ, ਬਲਾਚੌਰ ਹਸਪਤਾਲ ਵਿਖੇ ਡਾ. ਜਤਿੰਦਰ ਪਾਲ ਸਿੰਘ, ਮੈਡੀਕਲ ਅਫਸਰ ਨਵਦੀਪ ਕੌਰ ਸਮੇਤ ਹੋਰ ਸਟਾਫ ਹਾਜ਼ਰ ਸੀ।