
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਅੱਜ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਲੰਬੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ 29 ਅਗਸਤ ਨੂੰ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਨਾਲ-ਨਾਲ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਪਾਠ ਦੀ ਸੰਪੂਰਨਤਾ ਉਪਰੰਤ ਬੰਦੀ ਸਿੰਘਾਂ ਦੀ ਜਲਦ ਰਿਹਾਈ, ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਸਮੂਹ ਸਿੱਖ ਸੰਗਤ ਦੀ ਸੁੱਖ-ਸ਼ਾਂਤੀ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਜਾਵੇਗੀ। ਪ੍ਰਿੰ. ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਪੰਥ ਨਾਲ ਜੁੜਿਆ ਇੱਕ ਅਹਿਮ ਅਤੇ ਗੰਭੀਰ ਮਸਲਾ ਹੈ, ਜਿਸ ਪ੍ਰਤੀ ਸਮੁੱਚੇ ਸਿੱਖ ਭਾਈਚਾਰੇ ਵਿਚ ਡੂੰਘੀ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਲਈ ਸਮੇਂ-ਸਮੇਂ ’ਤੇ ਸਿੱਖ ਸੰਸਥਾਵਾਂ ਅਤੇ ਸੰਗਤ ਵੱਲੋਂ ਆਵਾਜ਼ ਉਠਾਈ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਪੰਥਕ ਮਸਲਿਆਂ ਨਾਲ ਜੋੜਨ ਦੇ ਨਾਲ-ਨਾਲ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿਧਾਂਤਾਂ ਅਤੇ ਸੇਵਾ, ਸਿਮਰਨ ਤੇ ਸਾਂਝੀ ਅਰਦਾਸ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਪੜ੍ਹ ਰਹੀ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਪੰਥਕ ਮਸਲਿਆਂ ਬਾਰੇ ਜਾਣਕਾਰੀ ਦੇਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਸਿੱਖ ਇਤਿਹਾਸ ਤੇ ਗੁਰਮਤਿ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਧਾਰਮਿਕ ਸਮਾਗਮਾਂ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਰਧਾ ਅਤੇ ਸਤਿਕਾਰ ਸਹਿਤ ਇਸ ਸਮਾਗਮ ਵਿਚ ਸ਼ਾਮਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾਣ ਵਾਲੀ ਸਾਂਝੀ ਅਰਦਾਸ ਵਿਚ ਆਪਣੀ ਹਾਜ਼ਰੀ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਸਾਂਝੀ ਅਰਦਾਸ ਅਤੇ ਗੁਰਬਾਣੀ ਨਾਲ ਜੁੜ ਕੇ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੀਆਂ ਭਾਵਨਾਵਾਂ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਪਿਤ ਕਰ ਸਕਦੇ ਹਾਂ।