ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਇਆ ਅਰਦਾਸ ਸਮਾਗਮ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਇਆ ਅਰਦਾਸ ਸਮਾਗਮ
Publish Date: Sun, 30 Aug 2026 03:24 PM (IST)
Updated Date: Sun, 30 Aug 2026 03:25 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਸਮਾਗਮ ਵਿਚ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਪਾਠ ਦੀ ਸੰਪੂਰਨਤਾ ਉਪਰੰਤ ਬੰਦੀ ਸਿੰਘਾਂ ਦੀ ਜਲਦੀ ਰਿਹਾਈ, ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਸਮੂਹ ਸਿੱਖ ਸੰਗਤ ਦੀ ਸੁੱਖ-ਸ਼ਾਂਤੀ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਪੰਥ ਨਾਲ ਜੁੜਿਆ ਇੱਕ ਬਹੁਤ ਹੀ ਅਹਿਮ ਅਤੇ ਗੰਭੀਰ ਮਸਲਾ ਹੈ। ਜਿਸ ਪ੍ਰਤੀ ਹਰ ਸਿੱਖ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਵੱਲੋਂ ਲਗਾਤਾਰ ਯਤਨ ਕੀਤੇ ਜਾਂਦੇ ਰਹੇ ਹਨ ਪਰ ਸਰਕਾਰਾਂ ਦਾ ਵਤੀਰਾ ਹਮੇਸ਼ਾ ਹੀ ਨਾ ਪੱਖੀ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਮਨੁੱਖੀ ਅਤੇ ਨਿਆਂਸੰਗਤ ਪੱਖ ਤੋਂ ਵੀ ਇੱਕ ਮਹੱਤਵਪੂਰਨ ਮਾਮਲਾ ਹੈ। ਅਜਿਹੇ ਸਮਾਗਮ ਸਿਰਫ਼ ਧਾਰਮਿਕ ਰਸਮ ਤੱਕ ਸੀਮਤ ਨਹੀਂ ਹੁੰਦੇ, ਸਗੋਂ ਇਹ ਸਾਨੂੰ ਆਪਣੇ ਇਤਿਹਾਸ, ਵਿਰਸੇ ਅਤੇ ਪੰਥਕ ਜ਼ਿੰਮੇਵਾਰੀਆਂ ਨਾਲ ਜੋੜਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਵਿੱਦਿਅਕ ਸੰਸਥਾਵਾਂ ਦਾ ਮਕਸਦ ਵਿਦਿਆਰਥੀਆਂ ਨੂੰ ਕੇਵਲ ਵਿੱਦਿਅਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਪਣੇ ਇਤਿਹਾਸ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਵੀ ਹੈ। ਇਸ ਮੌਕੇ ਡਾ. ਗੁਲਬਹਾਰ ਸਿੰਘ ਵੱਲੋਂ ਬੰਦੀ ਸਿੰਘਾਂ ਨਾਲ ਸਬੰਧਤ ਇਤਿਹਾਸਕ ਪਿਛੋਕੜ ਅਤੇ ਮੌਜੂਦਾ ਸਥਿਤੀ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੰਦੀ ਸਿੰਘਾਂ ਦੇ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ, ਉਨ੍ਹਾਂ ਦੀਆਂ ਸਜ਼ਾਵਾਂ ਅਤੇ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂ ਕਰਵਾਇਆ। ਸਮਾਗਮ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਰਧਾ ਸਹਿਤ ਹਾਜ਼ਰੀ ਭਰਦਿਆਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਚ ਸ਼ਮੂਲੀਅਤ ਕੀਤੀ।