ਜ਼ਿਲ੍ਹੇ ਦੀ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ : ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ
Publish Date: Thu, 12 Nov 2026 03:35 PM (IST)
Updated Date: Thu, 12 Nov 2026 03:36 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਪੈਸ਼ਲ ਸਮਰੀ ਰਿਵੀਜ਼ਨ (ਐਸਐਸਆਰ)-2027 ਤਹਿਤ ਯੋਗਤਾ 1 ਜਨਵਰੀ 2027 ਦੇ ਆਧਾਰ ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 12 ਨਵੰਬਰ 2026 ਨੂੰ ਕਰ ਦਿੱਤੀ ਗਈ ਹੈ। ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਚੋਣ ਹਲਕਿਆਂ 046-ਬੰਗਾ, 047-ਨਵਾਂਸ਼ਹਿਰ ਅਤੇ 048-ਬਲਾਚੌਰ ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਸੰਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਵਿਅਕਤੀ 12 ਨਵੰਬਰ ਤੋਂ 11 ਦਸੰਬਰ 2026 ਤੱਕ ਵੋਟਰ ਸੂਚੀ ਸੰਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਦੇ ਹਨ। ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿਚ ਵੇਰਵਿਆਂ ਦੀ ਦਰੁਸਤੀ ਜਾਂ ਵੋਟ ਤਬਦੀਲ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਇਹ ਫਾਰਮ ਸੰਬੰਧਤ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਰਾਹੀਂ ਜਾਂ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈਆਰਓਜ਼) ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਹੈਲਪ ਲਾਈਨ ਰਾਹੀਂ ਆਨ ਲਾਈਨ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 11 ਦਸੰਬਰ 2026 ਤੱਕ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਨਾ ਅਨੁਸਾਰ ਵਿਧਾਨ ਸਭਾ ਹਲਕਾ 046-ਬੰਗਾ ਵਿਚ 1,50,670, ਹਲਕਾ 047-ਨਵਾਂਸ਼ਹਿਰ ਵਿਚ 1,60,578 ਅਤੇ ਹਲਕਾ 048-ਬਲਾਚੌਰ ਵਿਚ 1,48,739 ਵੋਟਰ ਦਰਜ ਹਨ। ਇਸ ਤਰ੍ਹਾਂ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਕੁੱਲ 4,59,987 ਵੋਟਰ ਹਨ। ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਯੋਗ ਨਾਗਰਿਕਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਜਾਂ ਜਿਨ੍ਹਾਂ ਨੇ ਵੋਟਰ ਸੂਚੀ ਵਿਚ ਕਿਸੇ ਤਰ੍ਹਾਂ ਦੀ ਦਰੁਸਤੀ ਜਾਂ ਤਬਦੀਲੀ ਕਰਵਾਉਣੀ ਹੈ, ਉਹ ਨਿਰਧਾਰਤ ਸਮੇਂ ਦੌਰਾਨ ਆਪਣੇ ਫਾਰਮ ਜ਼ਰੂਰ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਵਨੀਤ ਕੌਰ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਬਹੁਜਨ ਸਮਾਜ ਪਾਰਟੀ ਤੋਂ ਗੁਰਮੁੱਖ ਸਿੰਘ ਅਤੇ ਮੁਕੇਸ਼ ਕੁਮਾਰ ਬੇਹਲ, ਆਮ ਆਦਮੀ ਪਾਰਟੀ ਤੋਂ ਸ਼ਿਵ ਰਾਮ, ਸੀਪੀਆਈ (ਐਮ) ਤੋਂ ਚਰਨਜੀਤ ਸਿੰਘ ਦੌਲਤਪੁਰ, ਸ਼੍ਰੋਮਣੀ ਅਕਾਲੀ ਦਲ (ਬ) ਤੋਂ ਨਰਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਅਵਤਾਰ ਸ਼ੀਮਾਰ ਅਤੇ ਦਿਨੇਸ਼ ਕੁਮਾਰ ਅਤੇ ਕਾਂਗਰਸ ਪਾਰਟੀ ਤੋਂ ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਹਰਬੰਸ ਸਿੰਘ ਹਾਜ਼ਰ ਸਨ।