ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਰਾਹੋਂ ਵਿਖੇ ਧਰਨਾ ਸ਼ੁਰੂ ਰਾਹੋੰ ’ਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਰਾਹੋਂ ਵਿਖੇ ਧਰਨਾ ਸ਼ੁਰੂ
Publish Date: Sat, 14 Nov 2026 05:52 PM (IST)
Updated Date: Sat, 14 Nov 2026 05:54 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਨਗਰ ਕੌਂਸਲ ਰਾਹੋਂ ਵਿਖੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮਿਊਂਸੀਪਲ ਸੰਗਠਨ ਪੰਜਾਬ ਨਗਰ ਪਾਲਿਕਾ ਯੂਨੀਅਨ ਰਾਹੋਂ ਵੱਲੋਂ ਸੰਘਰਸ਼ ਸ਼ੁਰੂ ਕਰਦਿਆਂ ਧਰਨਾ ਸ਼ੁਰੂ ਕਰ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਰਜੀਵ ਵਿਸ਼ਿਸ਼ਟ ਦੀ ਪ੍ਰਧਾਨਗੀ ਵਿਚ ਨਵੀਂ ਕਮੇਟੀ ਦੀ ਚੋਣ ਕਰਦਿਆਂ ਹੰਸ ਰਾਜ ਨੂੰ ਪ੍ਰਧਾਨ ਚੁਣਿਆ ਗਿਆ। ਮੀਟਿੰਗ ਦੌਰਾਨ ਮੁਲਾਜ਼ਮਾਂ ਦੇ ਹੱਕਾਂ ਨਾਲ ਸਬੰਧਤ ਅਹਿਮ ਮੁੱਦੇ ਵਿਚਾਰੇ ਗਏ। ਇਸ ਮੌਕੇ ਨਗਰ ਕੌਂਸਲ ਰਾਹੋਂ ਵਿਚ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਡੀਸੀ ਰੇਟਾਂ ਤੇ ਲਿਆਉਣ ਅਤੇ ਪਹਿਲਾਂ ਤੋਂ ਡੀਸੀ ਰੇਟਾਂ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਮਤਾ ਮੀਟਿੰਗ ਵਿਚ ਨਾ ਪਾਏ ਜਾਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਨਗਰ ਕੌਂਸਲ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਗਿਆ। ਰਜੀਵ ਵਿਸ਼ਿਸ਼ਟ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਉਮੀਦ ਲਗਾਈ ਬੈਠੇ ਹਨ, ਪਰ ਉਨ੍ਹਾਂ ਦੇ ਹੱਕਾਂ ਸਬੰਧੀ ਮਤਾ ਪਾਸ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੇ ਹਿੱਤ ਵਿਚ ਮਤਾ ਪਾਸ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਪੂਰੀ ਦ੍ਰਿੜ੍ਹਤਾ ਨਾਲ ਲੜੇਗੀ ਅਤੇ ਕਿਸੇ ਵੀ ਕੀਮਤ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਨਹੀਂ ਹੋਣ ਦਿੱਤਾ ਜਾਵੇਗਾ। ਧਰਨੇ ਨੂੰ ਸਮਰਥਨ ਦੇਣ ਲਈ ਮਿਊਂਸੀਪਲ ਸੰਗਠਨ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਹਰਮੇਸ਼ ਭੰਗਲ ਅਤੇ ਜ਼ਿਲ੍ਹਾ ਪ੍ਰਧਾਨ ਸਨੀ ਬਗਾਨਿਆਂ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਨੇ ਧਰਨੇ ਤੇ ਬੈਠੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਸੇ ਵੀ ਮੁਲਾਜ਼ਮ ਨਾਲ ਧੱਕਾ ਜਾਂ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਹਰ ਪੱਧਰ ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਹੰਸ ਰਾਜ, ਚੇਅਰਮੈਨ ਰਜੀਵ ਵਿਸ਼ਿਸ਼ਟ, ਸੀਨੀਅਰ ਮੀਤ ਪ੍ਰਧਾਨ ਰਵੀ ਕੁਮਾਰ, ਮੀਤ ਪ੍ਰਧਾਨ ਯਸ਼ਪਾਲ ਥਾਪਰ, ਸੋਨੂੰ, ਜਨਰਲ ਸਕੱਤਰ ਰਘਵਿੰਦਰ ਸਿੰਘ, ਸਕੱਤਰ ਮਨਜੀਤ ਕੌਰ, ਬਲਦੇਵ ਸਿੰਘ, ਰਵਿੰਦਰ ਸਿੰਘ, ਰਿੰਪਲ ਮੱਟੂ, ਸਤਵੰਤ ਸਿੰਘ, ਰਾਕੇਸ਼ ਕੁਮਾਰ, ਊਸ਼ਾ ਰਾਣੀ, ਚੰਦਰ ਮੋਹਨ, ਸੰਦੀਪ ਕੁਮਾਰ, ਸੁਮਨ, ਰਵੀ ਪਾਲ, ਵੀਨਾ ਸਮੇਤ ਯੂਨੀਅਨ ਦੇ ਹੋਰ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।