- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਖ਼ਾਤਮੇ ਅਤੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਔੜ : ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਨੂੰ ਠੱਲ੍ਹ ਪਾਉਣ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਪਿੰਡ ਔੜ ਵਿਖੇ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਹਲਕਾ ਇੰਚਾਰਜ ਬੰਗਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਪਰਿਵਾਰ ਅਤੇ ਇਨਸਾਫ਼ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਖੜ੍ਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਡਾ. ਬਿੱਟੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਬਿਆਨਬਾਜ਼ੀ ਕਾਫ਼ੀ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਠੋਸ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣ ਅਤੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪ੍ਰਭਾਵਸ਼ਾਲੀ ਨੀਤੀ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ, ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਹੈ। ਨਸ਼ਾ ਮੁਕਤ ਪੰਜਾਬ, ਸੁਰੱਖਿਅਤ ਪੰਜਾਬ ਇਨਸਾਫ਼ ਦੀ ਆਵਾਜ਼ ਬੁਲੰਦ ਰਹੇ। ਇਸ ਮੌਕੇ ਹਲਕੇ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ।