- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੱਲੀ 'ਚ ਮਹਿਲਾ ਪੱਤਰਕਾਰ ਨਾਲ ਬਦਸਲੂਕੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਰਾਹੋਂ ’ਚ ਮਹਿਲਾ ਕਾਂਗਰਸ ਆਗੂ ਅਤੇ ਸਾਬਕਾ ਕੌਂਸਲਰ ਮਨਦੀਪ ਕੌਰ ਚਾਹਲ ਦੀ ਅਗਵਾਈ ਹੇਠ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮਹਿਲਾ ਪੱਤਰਕਾਰ ਨਾਲ ਦਿੱਲੀ ਵਿਚ ਵਾਪਰੀ ਕਥਿਤ ਬਦਸਲੂਕੀ ਅਤੇ ਅਪਮਾਨਜਨਕ ਵਿਵਹਾਰ ਦੇ ਵਿਰੋਧ ਵਿਚ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਵੱਲੋਂ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮਨਦੀਪ ਕੌਰ ਚਾਹਲ ਅਤੇ ਮਹਿਲਾਵਾਂ ਨੇ ਮੰਗ ਕੀਤੀ ਕਿ ਮਹਿਲਾ ਪੱਤਰਕਾਰ ਨਾਲ ਹੋਏ ਕਥਿਤ ਦੁਰਵਿਵਹਾਰ ਦੇ ਮਾਮਲੇ ਵਿਚ ਤੁਰੰਤ ਐਫਆਈਆਰ ਦਰਜ ਕਰਕੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਮਹਿਲਾਵਾਂ ਦੀ ਇੱਜ਼ਤ, ਸੁਰੱਖਿਆ ਤੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਦਾ ਇਹ ਪ੍ਰਦਰਸ਼ਨ ਸਿਰਫ਼ ਇੱਕ ਮਾਮਲੇ ਦੇ ਵਿਰੋਧ ਤੱਕ ਸੀਮਿਤ ਨਹੀਂ, ਸਗੋਂ ਹਰ ਮਹਿਲਾ ਦੇ ਸਨਮਾਨ ਅਤੇ ਸੁਰੱਖਿਆ ਲਈ ਇਨਸਾਫ਼ ਦੀ ਆਵਾਜ਼ ਹੈ। ਮਹਿਲਾਵਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਇਨਸਾਫ਼ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਵੀਰ ਕੌਰ, ਜੋਤੀ ਰਾਣਾ, ਮਨਜੀਤ ਕੌਰ, ਜਸਵੀਰ ਕੌਰ, ਬਲਜੀਤ ਕੌਰ, ਸ਼ਿਵਾਨੀ ਰਾਣਾ, ਅੰਮ੍ਰਿਤਪਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾ ਕਾਂਗਰਸ ਆਗੂ ਤੇ ਵਰਕਰ ਹਾਜ਼ਰ ਸਨ।