ਪਰਵਿੰਦਰ ਸਿੰਘ ਦੇ ਕਤਲ ਦੇ ਵਿਰੋਧ ’ਚ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਬੰਗਾ ’ਚ ਕੀਤਾ ਰੋਸ ਮਾਰਚ ਪਰਵਿੰਦਰ ਸਿੰਘ ਦੇ ਕਤਲ ਦੇ ਵਿਰੋਧ 'ਚ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਬੰਗਾ 'ਚ ਕੀਤਾ ਰੋਸ ਮਾਰਚ
Publish Date: Thu, 15 Oct 2026 03:15 PM (IST)
Updated Date: Thu, 15 Oct 2026 03:18 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਮਾਨਸਾ ਵਿਖੇ ਪਰਵਿੰਦਰ ਸਿੰਘ ਦੇ ਦਿਨ-ਦਿਹਾੜੇ ਹੋਏ ਕਤਲ ਦੇ ਵਿਰੋਧ ਵਿਚ ਕਿਸਾਨ ਯੂਨੀਅਨ ਕਾਦੀਆਂ ਦੀ ਬੰਗਾ ਇਕਾਈ ਵੱਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ ਕੀਤੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੱਲੋਵਾਲ, ਮਨਦੀਪ ਸਿੰਘ ਗੋਬਿੰਦਪੁਰ ਅਤੇ ਮਨਜੀਤ ਸਿੰਘ ਭੰਗਲ ਨੇ ਕਿਹਾ ਕਿ ਪਰਵਿੰਦਰ ਸਿੰਘ ਨੇ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਪਰ ਉਸ ਨੂੰ ਆਪਣੀ ਜਾਨ ਗੁਆਉਣੀ ਪਈ। ਉਨ੍ਹਾਂ ਸਵਾਲ ਉਠਾਇਆ ਕਿ ਪੰਜਾਬ ਵਿਚ 92 ਸੀਟਾਂ ਜਿੱਤ ਕੇ ਸਰਕਾਰ ਬਣਾਉਣ ਵਾਲੀ ਸਰਕਾਰ ਆਖ਼ਰ ਕਿੱਥੇ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਅਜਿਹੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਸ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਰੋਸ ਮਾਰਚ ਦੌਰਾਨ ਕਿਸਾਨ ਯੂਨੀਅਨ ਕਾਦੀਆਂ ਦੀ ਬੰਗਾ ਇਕਾਈ ਵੱਲੋਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਘਟਨਾ ਦੇ ਵਿਰੋਧ ਵਿਚ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਦਾ ਸਮਰਥਨ ਕਰਨ। ਕਿਸਾਨ ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲਿਆਂ ਨੂੰ ਇਨਸਾਫ਼ ਦਿਵਾਉਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸ਼ਹਿਰ ਵਾਸੀਆਂ ਨੇ ਦੁਕਾਨਾਂ ਬੰਦ ਕਰ ਕੇ ਇਸ ਪੰਜਾਬ ਬੰਦ ਦੇ ਦਿੱਤੇ ਸੱਦੇ ਵਿਚ ਭਰਵਾਂ ਸਹਿਯੋਗ ਦਿੱਤਾ। ਪੁਲਿਸ ਪ੍ਰਸ਼ਾਸ਼ਨ ਵੱਲੋਂ ਪੂਰੀ ਨਜ਼ਰ ਰੱਖੀ ਗਈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਬੰਗਾ ਵਿਖੇ ਪੂਰਨ ਸ਼ਾਂਤਮਈ ਬੰਦ ਰਿਹਾ। ਇਸ ਮੌਕੇ ਸੁਰਿੰਦਰ ਸਿੰਘ ਖਾਲਸਾ, ਲਖਬੀਰ ਸਿੰਘ ਜੀਂਦੋਵਾਲ ਸਾਬਕਾ ਸਰਪੰਚ, ਅਮਰਜੀਤ ਸਿੰਘ ਜੀਂਦੋਵਾਲ, ਜਸਵਿੰਦਰ ਸਿੰਘ ਜੱਸਾ ਜੀਂਦੋਵਾਲ, ਬਲਵੀਰ ਸਿੰਘ ਝਿੰਗੜ, ਬਲਜੀਤ ਸਿੰਘ ਲੰਗੇਰੀ ਆਦਿ ਹਾਜ਼ਰ ਸਨ।