ਪ੍ਰਦੀਪ ਭਨੋਟ, ਨਵਾਂਸ਼ਹਿਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 113 ਵੇਂ ਜਨਮ ਦਿਵਸ ’ਤੇ ਅੱਜ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਇਸ ਦੌਰਾਨ ਉਹ ਕੇਂਦਰ ਦੇ ਖੇਤੀਬਾੜੀ ਬਿੱਲ ਵਿਰੋਧੀ ਸੰਘਰਸ਼ ਦਾ ਆਗਾਜ਼ ਵੀ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਦਿੱਲੀ ਤੋਂ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਪ੍ਰਧਾਨ ਸੁਨੀਲ ਜਾਖੜ, ਸਾਰੇ ਐਮਐਲਏਜ਼ ਵੀ ਸ਼ਿਰਕਤ ਕਰਨਗੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਪੰਜਾਬ ਵਿਚ ਲੰਬੀ ਲੜਾਈ ਵਿੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਾਰੀ ਖੇਤੀਬਾੜੀ ਬਿੱਲਾਂ ਨੂੰ ਕਿਸੇ ਵੀ ਕੀਮਤ ਤੇ ਸੂਬੇ ਦੇ ਕਿਸਾਨਾਂ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਖਤਮ ਕਰਨ ਦਾ ਮਨਸੂਬਾ ਕੇਂਦਰ ਸਰਕਾਰ ਨੇ ਰਚਿਆ ਹੈ। ਉਸ ਕਾਨੂੰਨ ਨੂੰ ਲਾਗੂ ਕਰਨ ਤੱਕ ਅਕਾਲੀ ਦਲ ਕੇਂਦਰ ਦੇ ਨਾਲ ਰਿਹਾ ਹੈ। ਜਿਸ ਦਾ ਖਾਮਿਆਜ਼ਾ ਹੁਣ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਨੇ ਆਪਣੇ ਗਠਬੰਧਨ ਤੋਂ ਕੰਮ ਨਹੀਂ ਲੈ ਸਕੇ ਆਪਣੇ ਫਾਇਦੇ ਲਈ ਕੇਂਦਰ ਦੇ ਨਾਲ ਰਹੇ। ਜਿਸ ਕਾਰਨ ਕਾਂਗਰਸ ਪਾਰਟੀ ਨੂੰ ਹੁਣ ਕਿਸਾਨਾਂ ਖਾਤਰ ਸ਼ਹੀਦ ਭਗਤ ਸਿੰਘ ਦੇ ਜਨਮ ਸ਼ਤਾਬਦੀ ’ਤੇ ਇਸ ਲੰਬੀ ਲੜਾਈ ਦੀ ਸ਼ੁਰੂਆਤ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਸਹੀ ਤਰਜਮਾਨੀ ਨਹੀਂ ਕਰ ਸਕੇ। ਜਿਸ ਕਾਰਨ ਕਿਸਾਨਾਂ, ਖੇਤ ਮਜ਼ਦੂਰਾ, ਆੜ੍ਹਤੀਆਂ, ਵਪਾਰੀਆਂ ਨੂੰ ਵੀ ਇਸ ਦੀ ਮਾਰ ਸਹਿਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਤੱਕ ਲਿਜਾਏਗੀ ਤਾਂ ਜੋਂ ਪੰਜਾਬ ਨੂੰ ਟਾਰਗੇਟ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪੰਜਾਬ ਸਮੇਤ ਸਾਰੇ ਦੇਸ਼ ਵਿਚ ਵਰਕਰ ਮੌਜੂਦ ਹਨ। ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਬਾਦਲ ਦੀਆਂ ਨੀਤੀਆਂ ਨੇ ਅਕਾਲੀ ਦਲ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਇਹ ਆਪਣੀ ਭਾਈਵਾਲੀ ਕੇਂਦਰ ਸਰਕਾਰ ਦੇ ਖਿਲਾਫ਼ ਲੜਾਈ ਨਹੀਂ ਦੇ ਸਕਦੇ। ਇਸ ਲੜਾਈ ਨੰੂ ਕਿਸਾਨਾਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਹੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਤਿੰਨ ਸਾਲ ਪਹਿਲਾ 23 ਮਾਰਚ 2018 ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ‘ਨਸ਼ਾ ਰੋਕੂ ਅਫ਼ਸਰ’ ਡੈਪੋ ਮੁੁਹਿੰਮ ਤਹਿਤ ਨਸ਼ਾ ਵਿਰੋਧੀ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। ਜੋ ਕਿ ਸੂਬੇ ਵਿਚ ਪੂਰੀ ਸਫਲਤਾ ਨਾਲ ਚਲ ਰਿਹਾ ਹੈ। ਇਸ ਮੌਕੇ ਵਿਧਾਇਕ ਅੰਗਦ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡੀਸੀ ਡਾ. ਸ਼ੇਨਾ ਅਗਰਵਾਲ, ਐੱਸਐੱਸਪੀ ਅਲਕਾ ਮੀਨਾ, ਐੱਸਪੀ ਡੀ ਵਜ਼ੀਰ ਸਿੰਘ ਖਹਿਰਾ ਸਮੇਤ ਹੋਰ ਪ੍ਰਸ਼ਾਸਨੀਕ ਅਧਿਕਾਰੀ ਹਾਜ਼ਰ ਸਨ

Posted By: Tejinder Thind