ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ : ਹਰਜੋਤ ਸਿੰਘ ਬੈਂਸ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ-ਹਰਜੋਤ ਸਿੰਘ ਬੈਂਸ
Publish Date: Sun, 16 Aug 2026 03:37 PM (IST)
Updated Date: Sun, 16 Aug 2026 03:38 PM (IST)
- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹੀਦੀ ਯਾਦਗਾਰ ’ਤੇ ਹੋਏ ਨਤਮਸਤਕ ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਆਜ਼ਾਦੀ ਦਿਵਸ ਮੌਕੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਦੀਆਂ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕਰ ਕੇ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਐੱਸਐੱਸਪੀ ਤੁਸ਼ਾਰ ਗੁਪਤਾ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁਖੀ, ਵਾਈਸ ਚੇਅਰਮੈਨ ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕੁਲਜੀਤ ਸਿੰਘ ਸਰਹਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 51.70 ਕਰੋੜ ਰੁਪਏ ਦੀ ਲਾਗਤ ਨਾਲ ਹੈਰੀਟੇਜ ਕੰਪਲੈਕਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਡਿਜੀਟਲ ਲਾਇਬ੍ਰੇਰੀ, ਆਡੀਟੋਰੀਅਮ, ਗੈਸਟ ਹਾਊਸ, ਟੂਰਿਸਟ ਫੈਲੀਟੇਸ਼ਨ ਸੈਂਟਰ, ਕੋਰਟ ਰੂਮ, ਡਿਜੀਟਲ ਫੁਹਾਰਾ, 4 ਮੈਮੋਰੀਅਲ ਗੇਟ, ਪਾਰਕਿੰਗ ਆਦਿ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਇਹ ਸ਼ਾਨਦਾਰ ਪ੍ਰਾਜੈਕਟ ਮੁਕੰਮਲ ਹੋਣ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਅਤੇ ਸ਼ਹੀਦ ਦੇ ਪਰਿਵਾਰਾਂ ਦਾ ਪੂਰਾ ਮਾਣ ਸਤਿਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜੰਗ ਵਿਚ ਸਰਕਾਰ ਦਾ ਸਾਥ ਦੇਣ ਤਾਂ ਜੋ ਸ਼ਹੀਦਾਂ ਦੇ ਵਾਰਸ ਹੋਣ ਦੇ ਨਾਤੇ ਅਸੀਂ ਇੱਕ ਮਜ਼ਬੂਤ ਅਤੇ ਖੁਸ਼ਹਾਲ ਪੰਜਾਬ ਦਾ ਨਿਰਮਾਣ ਕਰ ਸਕੀਏ।