ਪੰਜਾਬ ਸਰਕਾਰ ਨੇ ਪੇਸ਼ ਕੀਤਾ ਇਤਿਹਾਸਕ ਬਜਟ : ਜਲਵਾਹਾ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਇਤਿਹਾਸਕ-ਜਲਵਾਹਾ
Publish Date: Tue, 10 Mar 2026 04:49 PM (IST)
Updated Date: Wed, 11 Mar 2026 04:03 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਜਲਵਾਹਾ ਨੇ ਦੱਸਿਆ ਕਿ ਆਪ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਇਤਿਹਾਸਕ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਮਾਵਾਂ-ਭੈਣਾਂ ਦੇ ਸਨਮਾਨ ਅਤੇ ਪੰਜਾਬ ਦੇ ਸੰਪੂਰਨ ਵਿਕਾਸ ਨੂੰ ਤਰਜੀਹ ਦਿੰਦਿਆਂ ਕਈ ਮਹੱਤਵਪੂਰਨ ਘੋਸ਼ਣਾਵਾਂ ਕੀਤੀਆਂ ਹਨ। ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਹੀ ਆਪਣੀਆਂ ਲਗਭਗ ਸਾਰੀਆਂ ਮੁੱਖ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸਿੱਖਿਆ, ਸਿਹਤ ਸੇਵਾਵਾਂ ਵਿਚ ਸੁਧਾਰ, ਸ਼ਹੀਦਾਂ ਦੇ ਸਨਮਾਨ ਦੀ ਰਾਸ਼ੀ, 300 ਯੂਨਿਟ ਮੁਫ਼ਤ ਬਿਜਲੀ ਅਤੇ ਹੁਣ ਮਹਿਲਾਵਾਂ ਦੇ ਸਨਮਾਨ ਦੀ ਗਾਰੰਟੀ ਨੂੰ ਪੂਰਾ ਕਰਨਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਜਿਸ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਯੋਜਨਾ ਦੀ ਰਜਿਸਟ੍ਰੇਸ਼ਨ ਵਿਸਾਖੀ ਦੇ ਸ਼ੁਭ ਮੌਕੇ ਤੇ ਸ਼ੁਰੂ ਕੀਤੀ ਜਾਵੇਗੀ। ਮੇਰੀ ਰਸੋਈ ਯੋਜਨਾ ਲਈ 900 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ। ਇਸ ਤਹਿਤ ਲੱਗਭਗ 40 ਲੱਖ ਪਰਿਵਾਰਾਂ ਨੂੰ ਰਾਸ਼ਨ ਪ੍ਰਦਾਨ ਕੀਤਾ ਜਾਵੇਗਾ। ਰੰਗਲਾ ਪੰਜਾਬ ਵਿਕਾਸ ਯੋਜਨਾ“ ਦੀ ਰਕਮ ਵਧਾ ਕੇ 1170 ਕਰੋੜ ਰੁਪਏ ਕਰ ਦਿੱਤੀ ਗਈ ਹੈ, ਜਿਸ ਨਾਲ ਹਰ ਵਿਧਾਨ ਸਭਾ ਹਲਕੇ ਨੂੰ 10 ਕਰੋੜ ਰੁਪਏ ਮਿਲਣਗੇ। ਸਤਨਾਮ ਜਲਵਾਹਾ ਨੇ ਦੱਸਿਆ ਕਿ ਖੇਡਾਂ ਅਤੇ ਯੁਵਾ ਵਿਕਾਸ ਲਈ ਹੁਣ ਤੱਕ ਦਾ ਸਭ ਤੋਂ ਵੱਡਾ ਬਜਟ ਰੱਖਿਆ ਹੈ। ਰਾਜ ਵਿਚ 6000 ਨਵੇਂ ਖੇਡ ਮੈਦਾਨ ਤੇ 5000 ਇਨਡੋਰ ਜਿਮ ਸਥਾਪਤ ਕੀਤੇ ਜਾਣਗੇ, ਜਿਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਮਦਦ ਮਿਲੇਗੀ।