- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੀ ਪੰਜਾਬ ਸਰਕਾਰ-ਕੰਗ

- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮਗੱਲਰਾਂ ਦੀ 3.75 ਕਰੋੜ ਰੁਪਏ ਦੀਆਂ ਪ੍ਰਾਪਰਟੀਆਂ ਕੀਤੀਆਂ ਅਟੈਚ
ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੈਂਬਰ ਪਾਰਲੀਮੈਂਟ ਨੇ ਸੀਨੀਅਰ ਪੁਲਿਸ ਅਤੇ ਸਿਵਲ ਅਧਿਕਾਰੀਆਂ, ਸਥਾਨਕ ਪ੍ਰਸ਼ਾਸਨਿਕ ਨੁਮਾਇੰਦਿਆਂ ਅਤੇ ‘ਆਪ’ ਆਗੂਆਂ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਐੱਸਐੱਸਪੀ ਤੁਸ਼ਾਰ ਗੁਪਤਾ, ਨਸ਼ਾਮੁਕਤੀ ਮੋਰਚਾ ਦੇ ਸਟੇਟ ਕੋਆਡੀਨੇਟਰ ਅਸ਼ਿਤ ਕੁਮਾਰ, ਦੁਆਬਾ ਕੋਆਡੀਨੇਟਰ ਅਤਿਨ ਅਗਨੀਹੋਤਰੀ, ਜ਼ਿਲ੍ਹਾ ਕੋਆਡੀਨੇਟਰ ਦਿਨੇਸ਼ ਸੂਰੀ, ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਤਹੱਈਆ ਕੀਤਾ ਹੋਇਆ ਹੈ, ਜਿਸ ਤਹਿਤ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਣ ਤੋਂ ਇਲਾਵਾ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਡਿਫੈਂਸ ਕਮੇਟੀਆਂ ਵੱਲੋਂ ਸ਼ਨਾਖਤ ਕੀਤੇ ਗਏ ਡਰੱਗ ਹੋਟਸਪੋਟ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਇਨ੍ਹਾਂ ਇਲਾਕਿਆਂ ਵਿਚ ਨਸ਼ੇ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਨਸ਼ਾਮੁਕਤੀ ਮੋਰਚਾ ਵੱਲੋਂ ਨਸ਼ਿਆਂ ਖ਼ਿਲਾਫ਼ ਲੜਾਈ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹੋਰ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਜਿੱਥੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਉਥੇ ਸ਼ੱਕੀ ਵਿਅਕਤੀਆਂ ਦੀ ਪਛਾਣ, ਇਲਾਕਿਆਂ ਨੂੰ ਨਸ਼ਾਮੁਕਤ ਬਣਾਉਣ ਵਿਚ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨਾਲ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਧਰ ’ਤੇ ਡੀਐੱਸਪੀਜ਼, ਨਸ਼ਾਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰਾਂ ਅਤੇ ਲੋਕ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਛੁਡਾਊ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ ਤਾਂ ਜੋ ਨਸ਼ੇ ਦੀ ਗ੍ਰਿਫ਼ਤ ਵਿਚ ਆਏ ਹਰ ਵਿਅਕਤੀ ਦਾ ਵਧੀਆ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਇਆ ਜਾ ਸਕੇ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਮੀਟਿੰਗ ਵਿਚ ਮੌਜੂਦ ਸਥਾਨਕ ਆਗੂਆਂ ਅਤੇ ਪਾਰਟੀ ਨੁਮਾਇੰਦਿਆਂ ਨੇ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੀ ਭਾਗੀਦਾਰੀ ’ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਰੇ ਵਰਗਾਂ ਨੂੰ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਭਾਈਵਾਲ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਮੂਹਿਕ ਕੋਸ਼ਿਸ਼ਾਂ ਨਾਲ ਹੀ ਨਸ਼ਾ ਮੁਕਤ ਰੰਗਲਾ ਪੰਜਾਬ ਦਾ ਸੁਪਨਾ ਪੂਰਾ ਕੀਤਾ ਜਾ ਸਕਦਾ ਹੈ।
- 888 ਮੁਕੱਦਮੇ ਕੀਤੇ ਦਰਜ, 993 ਮੁਲਜ਼ਮਾਂ ਦੀ ਕੀਤੀ ਗ੍ਰਿਫ਼ਤਾਰੀ : ਐੱਸਐੱਸਪੀ
ਜ਼ਿਲ੍ਹਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 1 ਮਾਰਚ 2025 ਤੋਂ 31 ਅਗਸਤ 2026 ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਐੱਸਐੱਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ 888 ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ 993 ਕਥਿਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਡਰੱਗ ਮਾਫ਼ੀਆ ਦੇ ਵਿੱਤੀ ਨੈੱਟਵਰਕ ’ਤੇ ਹਮਲਾ ਬੋਲਦਿਆਂ ਇਸ ਮੁਹਿੰਮ ਤਹਿਤ ਵੱਡੇ ਸਮਗੱਲਰਾਂ ਦੀ 3.75 ਕਰੋੜ ਰੁਪਏ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਗਈਆਂ ਹਨ। ਜਦਕਿ 7 ਪ੍ਰਾਪਰਟੀਆਂ ਢਾਹੀਆਂ ਗਈਆਂ ਹਨ। ਐੱਸਐੱਸਪੀ ਨੇ ਦੱਸਿਆ ਕਿ ਪਿਛਲੇ ਡੇਢ ਮਹੀਨੇ ਵਿਚ 12 ਡਰੱਗ ਹੋਟਸਪੋਟ ਇਲਾਕਿਆਂ ਵਿਚ ਨਸ਼ੇ ਨਾਲ ਜੁੜੇ 31 ਕਥਿਤ ਮੁਲਜ਼ਮਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਪਿਛਲੇ ਦੋ ਮਹੀਨਿਆਂ ਜੁਲਾਈ ਤੇ ਅਗਸਤ ਦੌਰਾਨ ਕਈ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਿਤ ਸਰਗਰਮੀਆਂ ਬਾਰੇ ਜਾਣਕਾਰੀ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
- ਜ਼ਿਲ੍ਹੇ ਨੂੰ ਨਸ਼ਾਮੁਕਤ ਕਰਨ ਲਈ ਪ੍ਰਸ਼ਾਸਨ ਪੂਰੀ ਸੰਜੀਦਗੀ ਅਤੇ ਪਾਰਦਰਸ਼ਿਤਾ ਨਾਲ ਕਰ ਰਿਹਾ ਕੰਮ : ਡੀਸੀ
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾਮੁਕਤ ਕਰਨ ਲਈ ਪ੍ਰਸ਼ਾਸਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੂਰੀ ਸੰਜੀਦਗੀ ਅਤੇ ਪਾਰਦਰਸ਼ਤਾ ਨਾਲ ਕੰਮ ਕਰ ਰਿਹਾ ਹੈ। ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਾ ਪੀੜਤਾਂ ਦੇ ਸਹੀ ਮੁੜ-ਵਸੇਬੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ’ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਗੰਭੀਰ ਮੁੱਦੇ ’ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
- 600 ਤੋਂ ਵੱਧ ਨੌਜਵਾਨਾਂ ਨੂੰ ਇਲਾਜ ਮੁਹੱਈਆ ਕਰਵਾਇਆ : ਸਿਵਲ ਸਰਜਨ
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਨਸ਼ੇ ਦੇ ਵਿਚ ਫਸੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਵਾਪਸ ਜੋੜਨ ਲਈ ਇਸ ਸਾਲ 600 ਤੋਂ ਵੱਧ ਨੌਜਵਾਨਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇ. ਵਿਕਾਸ) ਅਵਨੀਤ ਕੌਰ, ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਐੱਸਡੀਐੱਮਜ਼, ਡੀਐੱਸਪੀ, ਬੀਡੀਪੀਓਜ਼, ਨਗਰ ਕੌਂਸਲਾਂ ਦੇ ਈਓ, ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰ, ਨਸ਼ਾਮੁਕਤੀ ਮੋਰਚਾ ਦੇ ਕੋਆਡੀਨੇਟਰ ਹਾਜ਼ਰ ਸਨ।