ਪੰਜਾਬ ਟਰੇਡਰਜ਼ ਕਮਿਸ਼ਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ : ਠਾਕੁਰ ਪੰਜਾਬ ਟਰੇਡਰਜ਼ ਕਮਿਸ਼ਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ-ਅਨਿਲ ਠਾਕੁਰ
Publish Date: Thu, 17 Sep 2026 04:47 PM (IST)
Updated Date: Thu, 17 Sep 2026 04:50 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਨਵਾਂਸ਼ਹਿਰ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਦਰਖਾਸਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੀ ਮੌਜੂਦ ਸਨ। ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਦੱਸਿਆ ਕਿ ਪੰਜਾਬ ਟਰੇਡਰਜ਼ ਕਮਿਸ਼ਨ ਨੂੰ ਪੂਰੇ ਰਾਜ ਤੋਂ ਲਗਭਗ 7,000 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ਵਿਚੋਂ ਕਰੀਬ 6,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਸ਼ਿਕਾਇਤਾਂ ਦਾ ਵੀ ਜਲਦੀ ਹੱਲ ਯਕੀਨੀ ਬਣਾਉਣ ਦੇ ਮੰਤਵ ਨਾਲ ਉਹ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਟਰੇਡਰਜ਼ ਕਮਿਸ਼ਨ ਦੀ ਕੋਈ ਵੀ ਸ਼ਿਕਾਇਤ ਪੈਂਡਿੰਗ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਦੇ ਵਪਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਦਾ ਸਕਾਰਾਤਮਕ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਟਰੇਡਰਜ਼ ਕਮਿਸ਼ਨ ਨੂੰ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਉਪਲਬਧ ਕਰਵਾਇਆ। ਜਿਸ ਵਿਚੋਂ ਹਰੇਕ ਜ਼ਿਲ੍ਹੇ ਨੂੰ 2-2 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਬਾਜ਼ਾਰਾਂ ਦੀ ਦਿੱਖ ਬਦਲੀ ਜਾ ਸਕੇ ਅਤੇ ਵਪਾਰੀਆਂ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਨੂੰ ਪਹਿਲ ਦੇ ਰਹੀ ਹੈ ਅਤੇ ਟਰੇਡਰਜ਼ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਾਲੇ ਇੱਕ ਅਹਿਮ ਪੁਲ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਚੇਅਰਮੈਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਸਥਾਪਿਤ ਕਰਕੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।।ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਈ ਰੱਖਣ ਅਤੇ ਵਪਾਰੀਆਂ ਨੂੰ ਲੋੜੀਂਦਾ ਪ੍ਰਸ਼ਾਸਕੀ ਸਹਿਯੋਗ ਉਪਲਬਧ ਕਰਵਾਉਣ ਲਈ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਸਥਾਪਿਤ ਕੀਤਾ ਜਾ ਰਿਹਾ ਹੈ। ਵਪਾਰੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਅਤੇ ਸੁਝਾਵਾਂ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ, ਐੱਸਪੀ ਸਰਬਜੀਤ ਸਿੰਘ ਬਾਹੀਆ, ਡੀਡੀਪੀਓ ਨਿਧੀ ਸਿਨਹਾ, ਅਮਿਤ ਨਾਗੀ ਸਟੇਟ ਸਕੱਤਰ ਟਰੇਡ ਵਿੰਗ ਪੰਜਾਬ, ਹਨੀ ਡੱਬ ਜ਼ਿਲ੍ਹਾ ਚੇਅਰਮੈਨ, ਜਸਵੀਰ ਘੁੰਮਣ ਚੇਅਰਪਰਸਨ ਬਲਾਚੌਰ, ਮੱਖਣ ਸਿੰਘ ਚੇਅਰਪਰਸਨ ਨਵਾਂਸ਼ਹਿਰ, ਇੰਦਰਜੀਤ ਮਾਨ ਚੇਅਰਪਰਸਨ ਬੰਗਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।