ਕਾਂਗਰਸ ਦੀ ਸਰਕਾਰ ਬਣਨ ਤੇ ਪੰਜਾਬ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾਵੇਗਾ : ਪ੍ਰਗਟ ਸਿੰਘ ਕਾਂਗਰਸ ਦੀ ਸਰਕਾਰ ਬਣਨ ਤੇ ਪੰਜਾਬ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾਵੇਗਾ-ਪ੍ਰਗਟ ਸਿੰਘ
Publish Date: Wed, 25 Nov 2026 06:12 PM (IST)
Updated Date: Wed, 25 Nov 2026 06:13 PM (IST)
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ ਦੇ ਨਾਮ ਤੇ ਸਿਰਫ ਇਸ਼ਤਿਹਾਰਬਾਜੀ ਕੀਤੀ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਪੰਜਾਬ ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀਆਂ ਲੀਹਾਂ ਤੇ ਲਿਆਂਦਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਵਿਖੇ ਆਪਣੀ ਫੇਰੀ ਦੌਰਾਨ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੇ ਕੀਤਾ। ਇਸ ਸਮੇਂ ਉਨ੍ਹਾਂ ਨਾਲ ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵੀ ਮੌਜੂਦ ਸਨ। ਸੂਬਾ ਪ੍ਰਧਾਨ ਨੇ ਆਖਿਆ ਕਿ ਮੌਜੂਦਾ ਸਰਕਾਰ ਦੀ ਕਾਰਗੁਜਾਰੀ ਤੋਂ ਲੋਕ ਨਿਰਾਸ਼ ਹਨ। ਕਿਉਂਕਿ ਇਨ੍ਹਾਂ ਦੀ ਕਹਿਣੀ ਅਤੇ ਕਥਨੀ ਵਿਚ ਲੋਕਾਂ ਨੇ ਆਪਣੇ ਅੱਖੀਂ ਫਰਕ ਵੇਖਿਆ ਅਤੇ ਆਪਣੇ ਪਿੰਡੇ ਸੰਤਾਪ ਹੰਢਾਇਆ ਹੈ। ਹੁਣ ਸੂਬੇ ਦੇ ਲੋਕ ਇੱਕ ਅਜਿਹੀ ਸਰਕਾਰ ਦੀ ਤਾਂਘ ਰੱਖਦੇ ਹਨ। ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਜਮੀਨੀ ਪੱਧਰ ਤੇ ਕੰਮ ਕਰੇ। ਆਪਣੀ ਗੱਲਬਾਤ ਦੌਰਾਨ ਪ੍ਰਗਟ ਸਿੰਘ ਨੇ ਆਪ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਕਾਸ ਦੇ ਨਾਮ ਤੇ ਸਿਰਫ ਇਸ਼ਤਿਹਾਰਬਾਜੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਸਿਰਫ ਲਿੱਪਾ-ਪੋਚੀ ਕੀਤੀ ਜਾ ਰਹੀ ਹੈ। ਜਦਕਿ ਸਕੂਲ ਅਧਿਆਪਕਾਂ ਤੋਂ ਸੱਖਣੇ ਹਨ ਅਤੇ ਸਕੂਲੀ ਬੱਚਿਆਂ ਨੂੰ ਪੜਾਈ ਵਿਚ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਇੱਥੇ ਹੀ ਵੱਸ ਨਹੀਂ ਜਮੀਨੀ ਪੱਧਰ ਤੇ ਹਰ ਵਰਗ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਕਾਰਜ ਕਾਲ ਵਿਚ ਸਿਰਫ ਤੇ ਸਿਰਫ ਮੁਸ਼ਕਿਲਾਂ ਦਾ ਹੀ ਸਾਹਮਣਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ। ਕਿਸਾਨਾਂ ਨੂੰ ਮੰਡੀਆਂ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਪਾਰੀ ਵਰਗ ਗੈਂਗਸਟਰਾਂ ਦੀਆਂ ਧਮਕੀਆਂ ਕਾਰਨ ਚਿੰਤਤ ਹਨ। ਇਸ ਤੋਂ ਇਲਾਵਾ ਉਦਯੋਗ ਅਤੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਦੇ ਉਪਰਾਲਿਆਂ ਦੀ ਘਾਟ ਕਾਰਨ ਸੂਬੇ ਦੀ ਆਰਥਿਕ ਤਰੱਕੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਆਖਿਆ ਕਿ ਆਪ ਸਰਕਾਰ ਨੇ ਪੰਜਾਬ ਨੂੰ ਰੰਗਲਾ ਬਣਾਉਣ ਦੀ ਵਜਾਏ ਕਰਜਾਈ ਬਣਾ ਕੇ ਰੱਖ ਦਿੱਤਾ ਹੈ। ਹੁਣ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਣ, ਨੌਜਵਾਨਾਂ ਦੇ ਸੁਨਹਿਰੀ ਭਵਿੱਖ, ਕਿਸਾਨਾ ਦੀ ਖੁਸ਼ਹਾਲੀ, ਵਪਾਰੀਆਂ ਦੀ ਸੁਰੱਖਿਆ ਅਤੇ ਹਰ ਵਰਗ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ। ਤਾਂ ਜੋ ਪੰਜਾਬ ਨੂੰ ਮੁੜ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ। ਅਖੀਰ ਵਿਚ ਉਨ੍ਹਾਂ ਆਖਿਆ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵੱਲੋਂ ਹਲਕੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਦਿਨ-ਰਾਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੇ ਹਰ ਸੁੱਖ ਦੁੱਖ ਵਿਚ ਨਜ਼ਦੀਕ ਹੋ ਕੇ ਵਿਚਰਦੇ ਆ ਰਹੇ ਹਨ। ਇੱਥੇ ਹੀ ਵੱਸ ਨਹੀ ਸੂਬੇ ਦੀ ਸਰਕਾਰ ਦੇ ਨੁਮਾਇੰਦਿਆ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨਾਲ ਜੋ ਵਧੀਕੀਆਂ ਕੀਤੀਆਂ ਗਈਆਂ ਵਿਚ ਅਜੇ ਮੰਗੂਪੁਰ ਵੱਲੋਂ ਨਿਰਪੱਖ ਤੌਰ ’ਤੇ ਅਵਾਜ ਬੁਲੰਦ ਕਰਕੇ ਲੋਕਾਂ ਨੂੰ ਇਨਸਾਫ ਦਿਵਾਇਆ ਹੈ। ਉਨ੍ਹਾਂ ਆਖਿਆ ਕਿ ਅਜੇ ਮੰਗੂਪੁਰ ਇਲਾਕੇ ਦੀ ਬੁਲੰਦ ਅਵਾਜ ਹੈ।