ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ 'ਤੇ ਰਾਹੁਲ ਆਦੋਆਣਾ ਨੇ ਚੁੱਕੇ ਸਵਾਲ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ 'ਤੇ ਰਾਹੁਲ ਆਦੋਆਣਾ ਨੇ ਚੁੱਕੇ ਵੱਡੇ ਸਵਾਲ
Publish Date: Mon, 31 Aug 2026 06:36 PM (IST)
Updated Date: Mon, 31 Aug 2026 06:37 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਦਾਅਵਿਆਂ ਅਤੇ ਪ੍ਰਚਾਰ ਨੂੰ ਲੈ ਕੇ ਰਾਹੁਲ ਆਦੋਆਣਾ ਨੇ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਹਨ। ਇੱਕ ਵਿਸ਼ੇਸ਼ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਜ਼ਮੀਨੀ ਪੱਧਰ ਤੇ ਸਿੱਖਿਆ ਖੇਤਰ ਦੀ ਅਸਲ ਸਥਿਤੀ ਵਿਚ ਕਾਫ਼ੀ ਫ਼ਰਕ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲਾਚੌਰ ਅਤੇ ਸੜੋਆ ਬਲਾਕ ਦੇ ਕਈ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਇਸ਼ਤਿਹਾਰਾਂ ਅਤੇ ਪ੍ਰਚਾਰ ਤੱਕ ਸੀਮਤ ਰਹਿਣ ਦੀ ਬਜਾਏ ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਿੱਖਿਆ ਦੇ ਖੇਤਰ ਵਿਚ ਅਸਲ ਸੁਧਾਰ ਲਿਆਉਣ ਲਈ ਗੰਭੀਰ ਹੈ ਤਾਂ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿਚ ਖਾਲੀ ਪਈਆਂ ਅਧਿਆਪਕਾਂ ਦੀਆਂ ਸਾਰੀਆਂ ਅਸਾਮੀਆਂ ਭਰੀਆਂ ਜਾਣ। ਇਸ ਦੇ ਨਾਲ ਹੀ ਸਕੂਲਾਂ ਵਿਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਅਤੇ ਪੂਰਾ ਸਟਾਫ਼ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ-ਰੋਗਨ ਕਰਵਾਉਣ ਨਾਲ ਸਿੱਖਿਆ ਖੇਤਰ ਵਿਚ ਕ੍ਰਾਂਤੀ ਨਹੀਂ ਆ ਸਕਦੀ। ਇਸ ਲਈ ਅਧਿਆਪਕਾਂ ਦੀ ਘਾਟ ਦੂਰ ਕਰਨ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਅਤੇ ਪ੍ਰਬੰਧਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਦੇ ਬਹੁਤ ਸਾਰੇ ਸਰਕਾਰੀ ਸਕੂਲ ਅਜਿਹੇ ਹਨ ਜਿੱਥੇ ਸਾਇੰਸ ਅਤੇ ਕਾਮਰਸ ਗਰੁੱਪ ਦੀ ਪੜ੍ਹਾਈ ਦੀ ਸਹੂਲਤ ਉਪਲਬਧ ਨਹੀਂ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਇਨ੍ਹਾਂ ਵਿਸ਼ਿਆਂ ਦੀ ਪੜ੍ਹਾਈ ਲਈ ਦੂਰ-ਦੁਰਾਡੇ ਜਾਣਾ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਦਾ ਵੇਰਵਾ ਜਨਤਕ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਤੁਰੰਤ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਤੋਂ ਸਿਰਫ਼ ਪ੍ਰਚਾਰ ਨਹੀਂ, ਸਗੋਂ ਸਿੱਖਿਆ ਦੇ ਖੇਤਰ ਵਿਚ ਜ਼ਮੀਨੀ ਪੱਧਰ ਤੇ ਠੋਸ ਅਤੇ ਪ੍ਰਭਾਵਸ਼ਾਲੀ ਕੰਮ ਦੀ ਉਮੀਦ ਕਰ ਰਹੇ ਹਨ।