- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਚੇ ਦਾ ਸਾਹ ਤੇਜ਼ ਚੱਲਣਾ ਨਿਮੋਨੀਆ ਦਾ ਹੋ ਸਕਦੈ ਖ਼ਤਰੇ ਦਾ ਸੰਕੇਤ, ਮਾਪੇ ਰਹਿਣ ਸੁਚੇਤ-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਹਤ ਵਿਭਾਗ ਨੇ ਸਰਦੀਆਂ ਦੇ ਮੌਸਮ ਵਿਚ ਬੱਚਿਆਂ ਨੂੰ ਸਾਹ ਦੀਆਂ ਬਿਮਾਰੀਆਂ ਅਤੇ ਨਿਮੋਨੀਆ ਤੋਂ ਬਚਾਉਣ ਲਈ ਮਾਪਿਆਂ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਸਲਾਹ ਜਾਰੀ ਕੀਤੀ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਨਿਮੋਨੀਆ ਬੱਚਿਆਂ ਵਿੱਚ ਹੋਣ ਵਾਲੀ ਸਾਹ ਦੀ ਇੱਕ ਗੰਭੀਰ ਬਿਮਾਰੀ ਹੈ, ਜਿਸ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਬਹੁਤ ਜ਼ਰੂਰੀ ਹੈ। ਖ਼ਾਸ ਕਰਕੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਪ੍ਰਤੀ ਮਾਪਿਆਂ ਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਸਿਵਲ ਸਰਜਨ ਨੇ ਦੱਸਿਆ ਕਿ ਨਿਮੋਨੀਆ ਫੇਫੜਿਆਂ ਦੀ ਇੰਫੈਕਸ਼ਨ ਹੈ, ਜੋ ਵਾਇਰਸ, ਬੈਕਟੀਰੀਆ ਜਾਂ ਹੋਰ ਰੋਗਾਣੂਆਂ ਕਾਰਨ ਹੋ ਸਕਦੀ ਹੈ। ਇਸ ਦੇ ਮੁੱਖ ਲੱਛਣਾਂ ਵਿੱਚ ਖੰਘ, ਬੁਖਾਰ, ਸਾਹ ਤੇਜ਼ ਚੱਲਣਾ, ਸਾਹ ਲੈਣ ਵਿੱਚ ਮੁਸ਼ਕਲ ਅਤੇ ਛਾਤੀ ਦਾ ਹੇਠਲਾ ਹਿੱਸਾ ਸਾਹ ਲੈਂਦੇ ਸਮੇਂ ਅੰਦਰ ਵੱਲ ਧੱਸਣਾ ਸ਼ਾਮਲ ਹਨ। ਜੇਕਰ ਬੱਚੇ ਨੂੰ ਸਾਹ ਲੈਣ ਵਿਚ ਤਕਲੀਫ਼ ਹੋਵੇ, ਉਹ ਦੁੱਧ ਜਾਂ ਖਾਣਾ ਪੀਣਾ ਛੱਡ ਦੇਵੇ, ਬਹੁਤ ਜ਼ਿਆਦਾ ਸੁਸਤ ਹੋ ਜਾਵੇ ਜਾਂ ਉਸ ਦੇ ਬੁੱਲ੍ਹ ਨੀਲੇ ਪੈਣ ਤਾਂ ਬਿਨਾਂ ਦੇਰੀ ਕੀਤੇ ਨੇੜਲੇ ਸਰਕਾਰੀ ਹਸਪਤਾਲ ਵਿੱਚ ਲਿਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਵਿਚ ਬਿਮਾਰੀ ਦੇ ਲੱਛਣਾਂ ਨੂੰ ਆਮ ਜ਼ੁਕਾਮ ਸਮਝ ਕੇ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਆਪਣੇ ਆਪ ਦਵਾਈਆਂ ਜਾਂ ਐਂਟੀਬਾਇਓਟਿਕ ਦੇਣ ਦੀ ਬਜਾਏ ਯੋਗ ਡਾਕਟਰ ਦੀ ਸਲਾਹ ਅਨੁਸਾਰ ਹੀ ਇਲਾਜ ਕਰਵਾਉਣਾ ਚਾਹੀਦਾ ਹੈ। ਨਿਮੋਨੀਆ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਵਿੱਚ ਦੇਰੀ ਬੱਚੇ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ। ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਨਿਮੋਨੀਆ ਤੋਂ ਬਚਾਅ ਲਈ ਬੱਚਿਆਂ ਦਾ ਉਮਰ ਅਨੁਸਾਰ ਸੰਪੂਰਨ ਟੀਕਾਕਰਨ ਕਰਵਾਉਣਾ, ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਪਿਲਾਉਣਾ, ਇਸ ਤੋਂ ਬਾਅਦ ਉਮਰ ਅਨੁਸਾਰ ਪੌਸ਼ਟਿਕ ਖੁਰਾਕ ਦੇਣਾ ਅਤੇ ਘਰਾਂ ਵਿੱਚ ਸਾਫ਼-ਸੁਥਰਾ ਤੇ ਧੂੰਆਂ ਰਹਿਤ ਵਾਤਾਵਰਣ ਰੱਖਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਧੂੜ, ਧੂੰਏਂ ਅਤੇ ਸਿਗਰਟ ਦੇ ਧੂੰਏਂ ਤੋਂ ਦੂਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਮੁਹਿੰਮ ਤਹਿਤ ਬੱਚਿਆਂ ਵਿੱਚ ਨਿਮੋਨੀਆ ਦੀ ਰੋਕਥਾਮ, ਲੱਛਣਾਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਸਬੰਧੀ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਿਮੋਨੀਆ ਤੋਂ ਸੁਰੱਖਿਅਤ ਰੱਖਣਾ ਅਤੇ ਬਿਮਾਰੀ ਕਾਰਨ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਨੂੰ ਘਟਾਉਣਾ ਹੈ। ਸਿਵਲ ਸਰਜਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸਿਹਤ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕਰਨ ਅਤੇ ਬਿਮਾਰੀ ਦੇ ਲੱਛਣ ਦਿਖਾਈ ਦੇਣ ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿੱਚ ਪਹੁੰਚ ਕੇ ਡਾਕਟਰੀ ਸਲਾਹ ਲੈਣ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਬੱਚਿਆਂ ਨੂੰ ਨਿਮੋਨੀਆ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ।