ਬੱਚਿਆਂ ਵਿਚ ਤੇਜ਼ ਸਾਹ ਚੱਲਣਾ ਨਿਮੋਨੀਆ ਦੀ ਸ਼ੁਰੂਆਤੀ ਚੇਤਾਵਨੀ : ਐੱਸਐੱਮਓ ਬੱਚਿਆਂ ਵਿਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ-ਐੱਸਐੱਮਓ ਡਾ. ਸਤਿੰਦਰਜੀਤ ਕੌਰ
Publish Date: Sun, 15 Nov 2026 04:10 PM (IST)
Updated Date: Mon, 16 Nov 2026 04:01 AM (IST)
ਸਾਂਸ ਮੁਹਿੰਮ ਤਹਿਤ ਲੋਕਾਂ ਨੂੰ ਨਿਮੋਨੀਆ ਪ੍ਰਤੀ ਜਾਗਰੂਕ ਕਰਨ ਤੇ ਬਚਾਅ ਸਬੰਧੀ ਗਤੀਵਿਧੀਆਂ ਹੋਰ ਤੇਜ਼ ਕਰਨ ਦੇ ਨਿਰਦੇਸ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੱਚਿਆਂ ਨੂੰ ਨਿਮੋਨੀਆ ਵਰਗੀ ਗੰਭੀਰ ਬਿਮਾਰੀ ਤੋਂ ਬਚਾਉਣ ਅਤੇ ਇਸ ਦੀ ਸਮੇਂ ਸਿਰ ਪਛਾਣ ਤੇ ਇਲਾਜ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ) ਮੁਹਿੰਮ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਵੱਲੋਂ ਨੂੰ ਸਬ ਸੈਂਟਰ ਹਿਆਲਾ, ਆਯੂਸ਼ਮਾਨ ਆਰੋਗਿਆ ਕੇਂਦਰ ਸਾਹਲੋਂ ਅਤੇ ਸਬਸਿਡਰੀ ਸਿਹਤ ਕੇਂਦਰ ਕਰਿਆਮ ਦਾ ਦੌਰਾ ਕਰਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸਿਹਤ ਸਟਾਫ਼ ਨੂੰ ਹਦਾਇਤ ਕੀਤੀ ਕਿ 12 ਨਵੰਬਰ, 2026 ਤੋਂ 28 ਫਰਵਰੀ, 2027 ਤੱਕ ਚਲਾਈ ਜਾ ਰਹੀ ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)“ ਮੁਹਿੰਮ ਤਹਿਤ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਜ਼ਮੀਨੀ ਪੱਧਰ ਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਮੋਨੀਆ ਬੱਚਿਆਂ ਵਿਚ ਹੋਣ ਵਾਲੀ ਇੱਕ ਗੰਭੀਰ ਬਿਮਾਰੀ ਹੈ, ਪਰ ਸਮੇਂ ਸਿਰ ਲੱਛਣਾਂ ਦੀ ਪਛਾਣ ਅਤੇ ਸਹੀ ਇਲਾਜ ਨਾਲ ਇਸ ਤੋਂ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਨੂੰ ਰੋਕਿਆ ਜਾ ਸਕਦਾ ਹੈ। ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਬੱਚਿਆਂ ਵਿਚ ਤੇਜ਼ ਸਾਹ ਚੱਲਣਾ, ਸਾਹ ਲੈਣ ਸਮੇਂ ਛਾਤੀ ਦਾ ਅੰਦਰ ਵੱਲ ਧੱਸਣਾ, ਖੰਘ, ਬੁਖਾਰ, ਦੁੱਧ ਜਾਂ ਖਾਣਾ ਪੀਣ ਵਿਚ ਮੁਸ਼ਕਲ ਅਤੇ ਬੱਚੇ ਦਾ ਸੁਸਤ ਹੋ ਜਾਣਾ ਨਿਮੋਨੀਆ ਦੇ ਅਹਿਮ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਦਿਖਾਈ ਦੇਣ ਤੇ ਮਾਪਿਆਂ ਨੂੰ ਬਿਨਾਂ ਦੇਰੀ ਕੀਤੇ ਬੱਚੇ ਨੂੰ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਖੇ ਲਿਜਾ ਕੇ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੱਚਿਆਂ ਦਾ ਘਰੇਲੂ ਨੁਸਖਿਆਂ ਜਾਂ ਆਪਣੀ ਮਰਜ਼ੀ ਨਾਲ ਦਵਾਈਆਂ ਦੇ ਕੇ ਇਲਾਜ ਕਰਨ ਦੀ ਬਜਾਏ ਯੋਗ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਸੀਨੀਅਰ ਮੈਡੀਕਲ ਅਫ਼ਸਰ ਨੇ ਸਮੂਹ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ ਅਤੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਾਲੇ ਪਰਿਵਾਰਾਂ ਤੱਕ ਪਹੁੰਚ ਕਰ ਕੇ ਨਿਮੋਨੀਆ ਦੇ ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਜਾਵੇ। ਆਸ਼ਾ ਵਰਕਰਾਂ, ਏਐੱਨਐੱਮਜ਼ ਅਤੇ ਹੋਰ ਫੀਲਡ ਸਟਾਫ਼ ਨੂੰ ਘਰ-ਘਰ ਜਾ ਕੇ ਮਾਪਿਆਂ ਨੂੰ ਜਾਗਰੂਕ ਕਰਨ ਅਤੇ ਬਿਮਾਰੀ ਦੇ ਸ਼ੱਕੀ ਲੱਛਣਾਂ ਵਾਲੇ ਬੱਚਿਆਂ ਨੂੰ ਤੁਰੰਤ ਸਿਹਤ ਸੰਸਥਾ ਤੱਕ ਪਹੁੰਚਾਉਣ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਜਨਮ ਤੋਂ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਪਿਲਾਉਣ, ਸਮੇਂ ਸਿਰ ਸੰਪੂਰਨ ਟੀਕਾਕਰਨ ਕਰਵਾਉਣ, ਬੱਚਿਆਂ ਦੀ ਸਹੀ ਖੁਰਾਕ ਅਤੇ ਪੌਸ਼ਟਿਕਤਾ ਦਾ ਧਿਆਨ ਰੱਖਣ, ਘਰਾਂ ਵਿਚ ਸਾਫ਼-ਸਫ਼ਾਈ ਰੱਖਣ ਅਤੇ ਬੱਚਿਆਂ ਨੂੰ ਧੂੰਏਂ ਤੇ ਹਵਾ ਪ੍ਰਦੂਸ਼ਣ ਤੋਂ ਬਚਾਉਣ ਬਾਰੇ ਲੋਕਾਂ ਨੂੰ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਹੱਥਾਂ ਦੀ ਸਫ਼ਾਈ, ਖੰਘਣ ਅਤੇ ਛਿੱਕਣ ਸਮੇਂ ਸਾਵਧਾਨੀਆਂ ਵਰਤਣ ਅਤੇ ਬੱਚਿਆਂ ਨੂੰ ਮੌਸਮ ਅਨੁਸਾਰ ਢੁੱਕਵੇਂ ਕੱਪੜੇ ਪਹਿਨਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਸਟਾਫ਼ ਨੂੰ ਇਹ ਵੀ ਕਿਹਾ ਕਿ ਸਾਂਸ ਮੁਹਿੰਮ ਤਹਿਤ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਮੁਹਿੰਮ ਦੀਆਂ ਗਤੀਵਿਧੀਆਂ ਦਾ ਰਿਕਾਰਡ ਰੱਖਦੇ ਹੋਏ ਨਿਰਧਾਰਿਤ ਰਿਪੋਰਟਿੰਗ ਯਕੀਨੀ ਬਣਾਈ ਜਾਵੇ। ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ ਸਿਰਫ਼ ਬਿਮਾਰੀ ਦਾ ਇਲਾਜ ਕਰਨਾ ਹੀ ਨਹੀਂ, ਸਗੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨਾ ਵੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸਿਹਤ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਨਿਮੋਨੀਆ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ।