ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ
Publish Date: Wed, 18 Nov 2026 04:10 PM (IST)
Updated Date: Wed, 18 Nov 2026 04:12 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਅੱਜ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਲਕ ਵੇਸਟ ਜਨਰੇਟਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਰਵਿੰਦ ਕੁਮਾਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਲਕ ਵੇਸਟ ਜਨਰੇਟਰਾਂ ਨੂੰ ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਤਹਿਤ ਜਾਰੀ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਅਨੁਸਾਰ ਸੈਂਟਰਲਾਈਜਡ ਪੋਰਟਲ ਤੇ ਬਲਕ ਵੇਸਟ ਜਨਰੇਟਰਜ ਲਈ ਆਪਣੇ ਆਪ ਨੂੰ ਰਜਿਸਟਰ ਕਰਕੇ ਕੂੜੇ ਦੇ ਸੁਚੱਜੇ ਨਿਪਟਾਰੇ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਹਰ ਪੱਧਰ ਤੇ ਕੂੜੇ ਦੀ ਵੱਖ-ਵੱਖ ਸ਼੍ਰੇਣੀਆਂ ਵਿਚ ਵੰਡ ਕਰਨਾ ਬੇਹੱਦ ਜ਼ਰੂਰੀ ਹੈ। ਨਵੇਂ ਨਿਯਮਾਂ ਅਨੁਸਾਰ ਘਰੇਲੂ ਅਤੇ ਸਮੁਦਾਇਕ ਪੱਧਰ ਤੇ ਕੂੜੇ ਦੀ ਚਾਰ ਸ਼੍ਰੇਣੀਆਂ ਵਿਚ ਸੈਗਰੀਗੇਸ਼ਨ ਕੀਤੀ ਜਾਵੇਗੀ। ਇਸ ਵਿਚ ਗਿੱਲਾ ਕੂੜਾ, ਸੁੱਕਾ ਕੂੜਾ, ਸੈਨੇਟਰੀ ਕੂੜਾ ਅਤੇ ਵਿਸ਼ੇਸ਼ ਧਿਆਨ ਦੇਣ ਵਾਲਾ ਕੂੜਾ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਬਲਕ ਵੇਸਟ ਜਨਰੇਟਰਾਂ ਦੀ ਇਸ ਪ੍ਰਕਿਰਿਆ ਵਿਚ ਅਹਿਮ ਜ਼ਿੰਮੇਵਾਰੀ ਹੈ ਅਤੇ ਉਹ ਆਪਣੇ ਅਦਾਰਿਆਂ ਚ ਕੂੜੇ ਨੂੰ ਸਰੋਤ ਪੱਧਰ ਤੇ ਹੀ ਵੱਖ-ਵੱਖ ਕਰਨ ਦੀ ਵਿਵਸਥਾ ਕਰਨੀ ਯਕੀਨੀ ਬਣਾਉਣ ਅਤੇ ਇਸਦੇ ਸਬੰਧੀ ਜਰੂਰੀ ਰਿਕਾਰਡ ਕੀਪਿੰਗ ਵੀ ਕਰਨੀ ਯਕੀਨੀ ਬਣਾਈ ਜਾਵੇ। ਤਾਂ ਜ਼ੋ ਆਡਿਟ ਕਰਨ ਸਮੇਂ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਗਿੱਲੇ ਕੂੜੇ ਦੀ ਪ੍ਰੋਸੈਸਿੰਗ ਅਤੇ ਸੁੱਕੇ ਕੂੜੇ ਦੀ ਰੀਸਾਈਕਲਿੰਗ ਨੂੰ ਤਰਜੀਹ ਦਿੱਤੀ ਜਾਵੇ। ਤਾਂ ਜੋ ਲੈਂਡਫਿਲ ਸਾਈਟਾਂ ਤੇ ਪੈਣ ਵਾਲੇ ਬੋਝ ਨੂੰ ਘਟਾਇਆ ਜਾ ਸਕੇ।।ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਲਕ ਵੇਸਟ ਜਨਰੇਟਰਾਂ ਨੂੰ ਨਵੇਂ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਨਿਯਮਾਂ ਦੀ ਪਾਲਣਾ ਦੀ ਨਿਯਮਤ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਉਣ ਲਈ ਸਰਕਾਰੀ ਵਿਭਾਗਾਂ, ਵਪਾਰਕ ਅਦਾਰਿਆਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।