ਸਿਹਤ ਯੋਜਨਾ ਤਹਿਤ ਹਰੇਕ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਹੋਵੇ : ਡਾ. ਗੀਤਾਂਜਲੀ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ-ਡਾ. ਗੀਤਾਂਜਲੀ ਸਿੰਘ
Publish Date: Wed, 22 Apr 2026 04:40 PM (IST)
Updated Date: Wed, 22 Apr 2026 05:49 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਗਤੀ ਨੂੰ ਵਧਾਉਣ ਲਈ ਆਸ਼ਾ ਫੈਸੀਲੀਟੇਟਰਜ਼ ਤੇ ਆਸ਼ਾ ਵਰਕਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਜਿਸ ਦੌਰਾਨ ਆਸ਼ਾ ਫੈਸੀਲੀਟੇਟਰਜ਼ ਤੇ ਆਸ਼ਾ ਵਰਕਰਾਂ ਨਾਲ ਜ਼ਮੀਨੀ ਪੱਧਰ ਤੇ ਆ ਰਹੀਆਂ ਸਮੱਸਿਆਵਾਂ, ਚੱਲ ਰਹੀਆਂ ਗਤੀਵਿਧੀਆਂ ਤੇ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਉਪਲੱਬਧ ਕਰਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰੇਕ ਕਵਰ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਸਿਹਤ ਕਾਰਡ ਦੀ ਪ੍ਰਗਤੀ ਵਧਾਉਣ ਲਈ ਆਸ਼ਾ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਤੇ ਉਨ੍ਹਾਂ ਨੂੰ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਤੇ ਲਾਭਪਾਤਰੀਆਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਯੋਜਨਾ ਹੇਠ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਤੇ ਸਹੀ ਰਿਕਾਰਡ ਸੰਭਾਲਣ।