ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ : ਡਾ. ਹਰਪਿੰਦਰ ਸਿੰਘ
ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ-ਡਾ. ਹਰਪਿੰਦਰ ਸਿੰਘ
Publish Date: Thu, 15 Jan 2026 05:40 PM (IST)
Updated Date: Fri, 16 Jan 2026 04:06 AM (IST)

ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਸਮੂਹ ਐੱਲਐੱਚਵੀਜ਼ ਅਤੇ ਸਮੂਹ ਏਐੱਨਐੱਮਜ਼ ਨਾਲ ਮੀਟਿੰਗ ਆਯੋਜਿਤ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਅੱਜ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਹਤ ਬਲਾਕ ਮੁਜ਼ੱਫਰਪੁਰ ਦੀਆਂ ਸਮੂਹ ਐੱਲਐੱਚਵੀਜ਼ ਅਤੇ ਸਮੂਹ ਏਐੱਨਐੱਮਜ਼ ਨਾਲ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਨਿਯਮਤ ਟੀਕਾਕਰਨ ਦੀ ਕਵਰੇਜ ਵਧਾਉਣ, ਰਿਕਾਰਡ ਸੰਭਾਲ ਅਤੇ ਫੀਲਡ ਪੱਧਰ ਤੇ ਆ ਰਹੀਆਂ ਚੁਣੌਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਹਤ ਅਧਿਕਾਰੀਆਂ ਵੱਲੋਂ ਟੀਕਾਕਰਨ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਟੀਕਾਕਰਨ ਪ੍ਰੋਗਰਾਮ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ਬਹੁਤ ਹੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਰਾਹੀਂ ਕਈ ਘਾਤਕ ਬਿਮਾਰੀਆਂ ਤੋਂ ਬਚਾਅ ਸੰਭਵ ਹੈ। ਇਸ ਲਈ ਟੀਕਾਕਰਨ ਦੀ ਸਹੂਲਤ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਡਾ. ਹਰਪਿੰਦਰ ਸਿੰਘ ਨੇ ਸਮੂਹ ਐੱਲਐੱਚਵੀਜ਼ ਅਤੇ ਏਐੱਨਐੱਮਜ਼ ਨੂੰ ਹਦਾਇਤ ਕੀਤੀ ਕਿ ਫੀਲਡ ਪੱਧਰ ਤੇ ਸਰਵੇਅ ਨੂੰ ਮਜ਼ਬੂਤ ਕੀਤਾ ਜਾਵੇ, ਡਰਾਪ ਆਊਟ ਕੇਸਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮੁੜ ਟੀਕਾਕਰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਟੀਕਾਕਰਨ ਨਾਲ ਸੰਬੰਧਿਤ ਰਿਕਾਰਡਾਂ ਨੂੰ ਅੱਪਡੇਟ ਰੱਖਿਆ ਜਾਵੇ। ਇਸ ਮੌਕੇ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਲੋਕਾਂ ਵਿੱਚ ਟੀਕਾਕਰਨ ਪ੍ਰਤੀ ਜਾਗਰੂਕਤਾ ਵਧਾਉਣ ਲਈ ਆਸ਼ਾ ਵਰਕਰਾਂ ਨਾਲ ਤਾਲਮੇਲ ਬਣਾ ਕੇ ਕੰਮ ਕੀਤਾ ਜਾਵੇ। ਇਸ ਮੌਕੇ ਈਪੀਆਈ ਸਹਾਇਕ ਸੁਸ਼ੀਲ ਕੁਮਾਰ ਸਮੇਤ ਸਮੂਹ ਐੱਲਐੱਚਵੀਜ਼ ਅਤੇ ਸਮੂਹ ਏਐੱਨਐੱਮਜ਼ ਹਾਜ਼ਰ ਸਨ।