- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫਐਲਸੀ ਪ੍ਰਕਿਰਿਆ 'ਚ ਲੈਣ ਭਾਗ-ਡਿਪਟੀ ਕਮਿਸ਼ਨਰ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹੇ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ (ਐਫਐਲਸੀ) ਦਾ ਕੰਮ 12 ਨਵੰਬਰ ਤੋਂ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਹ ਜਾਂਚ ਜ਼ਿਲ੍ਹਾ ਪੱਧਰੀ ਈਵੀਐਮ ਵੇਅਰ ਹਾਊਸ, ਡਾ. ਬੀਆਰ ਅੰਬੇਡਕਰ ਭਵਨ ਗੁੱਜਰਪੁਰ ਕਲਾਂ ਵਿਖੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਕਾਰਜ ਕੁਸ਼ਲਤਾ ਅਤੇ ਭਰੋਸੇ ਯੋਗਤਾ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਜਾਂਚ ਪ੍ਰਕਿਰਿਆ ਵਿਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤਹਿਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਂਚ ਪ੍ਰਕਿਰਿਆ ਦੌਰਾਨ ਹਾਜ਼ਰ ਰਹਿਣ ਅਤੇ ਸਮੁੱਚੇ ਕੰਮਕਾਜ ਨੂੰ ਆਪਣੀ ਮੌਜੂਦਗੀ ਵਿਚ ਦੇਖਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਤ ਨੁਮਾਇੰਦੇ ਐਫਐਲਸੀ ਪ੍ਰਕਿਰਿਆ ਵਿਚ ਭਾਗ ਲੈਣ ਲਈ ਰੋਜ਼ਾਨਾ ਭੇਜਣ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਸ਼ਮੂਲੀਅਤ ਨਾਲ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਤੰਤਰਿਕ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।