ਰਿਟਾ. ਬ੍ਰਿਗੇ. ਰਾਜ ਕੁਮਾਰ ਨੇ ਡਾ. ਬਲਜੀਤ ਕੌਰ ਨਾਲ ਕੀਤੀ ਮੁਲਾਕਾਤ
ਰਿਟਾ. ਬ੍ਰਿਗੇ. ਰਾਜ ਕੁਮਾਰ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਕੀਤੀ ਮੁਲਾਕਾਤ
Publish Date: Fri, 13 Feb 2026 04:49 PM (IST)
Updated Date: Sat, 14 Feb 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ : ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਸੇਵਾ ਮੁਕਤ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਜਿਸ ਦੌਰਾਨ ਕੰਢੀ ਇਲਾਕੇ ਦੀਆਂ ਭੱਖਦੀਆਂ ਸਮੱਸਿਆਵਾਂ ਤੇ ਗੁੱਜਰ ਬਰਾਦਰੀ ਦੇ ਭਵਿੱਖ ਨਾਲ ਜੁੜੇ ਅਹਿਮ ਪਹਿਲੂਆਂ ਤੇ ਚਰਚਾ ਕੀਤੀ। ਉਨ੍ਹਾਂ ਨੇ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕੰਢੀ ਖੇਤਰ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਅੰਦਰੂਨੀ ਹਿੱਸੇ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੀਣ ਵਾਲੇ ਅਤੇ ਸਿੰਚਾਈ ਵਾਲੇ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਸਹਾਰਾ ਪਸ਼ੂਆਂ ਕਾਰਨ ਫ਼ਸਲਾਂ ਦੇ ਹੋ ਰਹੇ ਉਜਾੜੇ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਗੁੱਜਰ ਸਮਾਜ ਦੀ ਪਛਾਣ ਸੰਬੰਧੀ ਆ ਰਹੀਆਂ ਤਕਨੀਕੀ ਦਿੱਕਤਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪੂਰੇ ਸਮਾਜ ਨੂੰ ਇੱਕੋ ਨਾਮ ਹੇਠ ਲਿਆਂਦਾ ਜਾਵੇ ਤਾਂ ਜੋ ਰਾਸ਼ਟਰੀ ਜਨਗਣਨਾ ਦੌਰਾਨ ਭਾਈਚਾਰੇ ਦੀ ਸਹੀ ਗਿਣਤੀ ਅਤੇ ਅੰਕੜੇ ਸਾਹਮਣੇ ਆ ਸਕਣ ਅਤੇ ਬਣਦਾ ਹੱਕ ਮਿਲ ਸਕੇ। ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਸਰਕਾਰ ਕੰਢੀ ਇਲਾਕੇ ਦੇ ਵਿਕਾਸ ਅਤੇ ਗੁੱਜਰ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ।