ਡੇਂਗੂ ਦੀ ਰੋਕਥਾਮ ਲਈ ਕੀਤੇ ਉਪਰਾਲਿਆਂ ਦਾ ਲਿਆ ਜਾਇਜ਼ਾ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਿਆ ਜਾਇਜ਼ਾ
Publish Date: Sat, 31 Oct 2026 03:48 PM (IST)
Updated Date: Sat, 31 Oct 2026 03:50 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਕੁਮਾਰ ਵੱਲੋਂ ਪਿੰਡ ਗੋਰਖਪੁਰ ਅਤੇ ਪਿੰਡ ਕਿਸ਼ਨਪੁਰਾ ਵਿਖੇ ਡੇਂਗੂ ਰੋਕਥਾਮ ਸੰਬੰਧੀ ਗਤੀਵਿਧੀਆਂ ਦੀ ਨਿਗਰਾਨੀ ਕੀਤੀ। ਉਨ੍ਹਾਂ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਮੱਛਰਾਂ ਦੀ ਪੈਦਾਇਸ਼ ਦੇ ਸੰਭਾਵਿਤ ਸਥਾਨਾਂ ਦੀ ਪਛਾਣ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਲੋਕਾਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਨਿਯਮਤ ਜਾਂਚ ਅਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉੁਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂਲਰਾਂ, ਗਮਲਿਆਂ ਦੀਆਂ ਪਲੇਟਾਂ, ਪਾਣੀ ਦੀਆਂ ਟੈਂਕੀਆਂ, ਫਰਿੱਜਾਂ ਦੀਆਂ ਟਰੇਆਂ ਅਤੇ ਹੋਰ ਬਰਤਨਾਂ ਵਿਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਘੱਟੋ-ਘੱਟ ਹਫ਼ਤੇ ਵਿਚ ਇੱਕ ਵਾਰ ਉਨ੍ਹਾਂ ਨੂੰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ। ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਦੇ ਨਾਲ-ਨਾਲ ਮੱਛਰਾਂ ਤੋਂ ਬਚਾਅ ਲਈ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੇ ਉਪਕਰਨਾਂ ਦੀ ਵਰਤੋਂ ਕਰਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਿਰ ਦਰਦ, ਸਰੀਰ ਜਾਂ ਜੋੜਾਂ ਵਿਚ ਦਰਦ ਵਰਗੇ ਲੱਛਣ ਮਹਿਸੂਸ ਹੋਣ। ਤਾਂ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਡੇਂਗੂ ਦੇ ਸ਼ੱਕ ਦੀ ਸਥਿਤੀ ਵਿਚ ਆਪਣੇ ਆਪ ਦਵਾਈ ਲੈਣ ਤੋਂ ਗੁਰੇਜ਼ ਕਰਦਿਆਂ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਡੇਂਗੂ ਮੁਕਤ ਵਾਤਾਵਰਨ ਬਣਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।