ਨਮ ਅੱਖਾਂ ਨਾਲ ਕੀਤਾ ਰਿੰਪਲਜੀਤ ਸਿੰਘ ਦਾ ਅੰਤਿਮ ਸੰਸਕਾਰ
ਨਮ ਅੱਖਾਂ ਨਾਲ ਕੀਤਾ ਰਿੰਪਲਜੀਤ ਸਿੰਘ ਦਾ ਅੰਤਿਮ ਸੰਸਕਾਰ
Publish Date: Thu, 20 Nov 2025 04:59 PM (IST)
Updated Date: Thu, 20 Nov 2025 05:01 PM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਬੱਸ ਸਟੈਂਡ ਬੰਗਾ ਵਿਖੇ ਸਕਾਰਪੀਓ ਗੱਡੀ ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਹਾਲੇ ਵੀ ਪੁਲਿਸ ਦੇ ਹੱਥ ਖਾਲੀ ਨਜ਼ਰ ਆ ਰਹੇ ਹਨ। ਭਾਵੇਂ ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਕਥਿਤ ਮੁਲਜ਼ਮਾਂ ਦੇ ਬਾਈਨੇਮ ਅਤੇ ਇਕ ਅਣਪਛਾਤੇ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਹੈ ਪਰ ਚਾਰ ਦਿਨ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਹਾਲੇ ਪੁਲਿਸ ਦੇ ਹੱਥ ਖਾਲੀ ਨਜ਼ਰ ਆ ਰਹੇ ਹਨ। ਉਧਰ ਇਸ ਗੋਲੀਕਾਂਡ ਦੌਰਾਨ ਜ਼ਖਮੀ 5 ਨੌਜਵਾਨਾਂ ਵਿਚੋਂ ਇਕ ਨੌਜਵਾਨ ਰਿੰਪਲਜੀਤ ਸਿੰਘ ਪੁੱਤਰ ਕੁਲਵਿੰਦਰ ਕੁਮਾਰ ਵਾਸੀ ਪੂੰਨੀਆਂ ਦੀ ਮੌਤ ਹੋ ਗਈ ਸੀ। ਜਿਸ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਸੀ। ਉਧਰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਪਿੰਡ ਪੁਨੀਆਂ ਵਿਖੇ ਨਮ ਅੱਖਾਂ ਨਾਲ ਮ੍ਰਿਤਕ ਰਿੰਪਲਜੀਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਮ੍ਰਿਤਕ ਰਿੰਪਲਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਬੰਗਾ ਵਿਖੇ ਕਰਵਾਇਆ ਗਿਆ ਸੀ। ਇਸ ਮੌਕੇ ਪਰਿਵਾਰਿਕ ਮੈਂਬਰਾਂ ਵੱਲੋਂ ਰਿੰਪਲਜੀਤ ਸਿੰਘ ਦੇ ਕਾਤਲਾਂ ਖਿਲਾਫ਼ ਸਖਤ ਤੋਂ ਸਖਤ ਸਜਾ ਦੀ ਮੰਗ ਵੀ ਕੀਤੀ ਜਾ ਰਹੀ ਸੀ। ਰਿੰਪਲਜੀਤ ਸਿੰਘ ਦੀ ਅੰਤਿਮ ਯਾਤਰਾ ਵਿਚ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਮੂਲੀਅਤ ਕਰਦਿਆਂ ਪਰਿਵਾਰ ਨਾਲ ਗਹਿਰਾ ਦੁੱਖ ਵੀ ਜਤਾਇਆ ਸੀ। ਸਮੂਹ ਲੋਕਾਂ ਨੇ ਇਸ ਮਾਮਲੇ ਵਿਚ ਸ਼ਾਮਲ ਕਥਿਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰਨ ਦੀ ਵੀ ਮੰਗ ਪੁਲਿਸ ਪ੍ਰਸ਼ਾਸਨ ਤੋਂ ਕੀਤੀ ਜਾ ਰਹੀ ਹੈ।