ਆਰਟੀਏ ਇੰਦਰਪਾਲ ਨੇ ਲਗਾਏ ਵਾਹਨਾਂ 'ਤੇ ਰਿਫ਼ਲੈਕਟਰ
ਨਵਾਂਸ਼ਹਿਰ 'ਚ ਆਰਟੀਏ ਇੰਦਰਪਾਲ ਨੇ ਲਗਾਏ ਵਾਹਨਾਂ 'ਤੇ ਰਿਫ਼ਲੈਕਟਰ
Publish Date: Thu, 08 Jan 2026 04:38 PM (IST)
Updated Date: Fri, 09 Jan 2026 04:03 AM (IST)

ਸੜਕ ਸੁਰੱਖਿਆ ਮਹੀਨੇ ਤਹਿਤ ਵਾਹਨ ਚਾਲਕਾਂ ਨੂੰ ਦਿੱਤੀ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ ਮਹੀਨੇ ਤਹਿਤ ਉਲੀਕੇ ਗਏ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਨੇੜੇ ਸੂਗਰ ਮਿੱਲ ਨਵਾਂਸ਼ਹਿਰ ਰੋਡ ਤੇ ਗੱਡੀਆਂ ਦੇ ਪਿਛਲੇ ਪਾਸੇ ਰਿਫ਼ਲੈਕਟਰ ਲਗਾਉਣ ਲਈ ਆਰਟੀਏ ਆਫਿਸ ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਖੇਤਰੀ ਟਰਾਂਸਪੋਰਟ ਅਫ਼ਸਰ ਇੰਦਰਪਾਲ ਵੱਲੋਂ ਕੌਮੀ ਮਾਰਗ ਤੋਂ ਲੰਘਦੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਤੇ ਰਿਫਲੈਕਟਰ ਲਗਾਏ ਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਖੇਤਰੀ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨਾ 1 ਜਨਵਰੀ ਤੋਂ 31 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਕਾਲਜਾਂ, ਯੂਨੀਵਰਸਿਟੀ, ਟਰੱਕ ਯੂਨੀਅਨ, ਟੈਕਸੀ ਸਟੈਂਡ ਵਿਖੇ ਜਾ ਕੇ ਨੌਜਵਾਨਾਂ ਅਤੇ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਧੁੰਦ ਦੇ ਮੌਸਮ ਨੂੰ ਵੇਖਦਿਆਂ ਟਰੈਕਟਰ ਟਰਾਲੀਆਂ, ਟਰੱਕਾਂ, ਕਾਰਾ ਅਤੇ ਹੋਰ ਵਹੀਕਲਜ਼ ਉਪਰ ਰਿਫ਼ਲੈਕਟਰ ਲਗਾਏ ਜਾ ਰਹੇ ਹਨ। ਤਾਂ ਜੋ ਧੂੰਦ ਕਾਰਨ ਕੋਈ ਹਾਦਸਾ ਨਾ ਵਾਪਰੇ। ਉਨ੍ਹਾਂ ਦੱਸਿਆ ਹਰ ਸਾਲ ਹਜ਼ਾਰਾਂ ਦੀ ਗਿਣਤੀ ਚ ਵਾਪਰਦੇ ਸੜਕ ਹਾਦਸਿਆਂ ਦਾ ਮੁੱਖ ਕਾਰਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ, ਮੋਬਾਈਲ ਦੀ ਵਰਤੋਂ ਕਰਨਾ ਤੇ ਟ੍ਰੈਫਿਕ ਨਿਯਮਾਂ ਦਾ ਗਿਆਨ ਨਾ ਹੋਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਹਰ ਵਾਹਨ ਚਾਲਕ ਸੀਟ ਬੈਲਟ ਤੇ ਹੈਲਮਟ ਪਾਉਣ ਤੋਂ ਲੈ ਕੇ ਟ੍ਰੈਫਿਕ ਨਿਯਮਾਂ ਤੇ ਪਹਿਰਾ ਦੇਵੇ।।ਇਸ ਮੌਕੇ ਟ੍ਰੈਫਿਕ ਪੁਲਿਸ ਇੰਚਾਰਜ ਸੁਭਾਸ਼ ਚੰਦਰ, ਟ੍ਰੈਫਿਕ ਐਜੂਕੇਸ਼ਨ ਸੈਲ ਇੰਚਾਰਜ ਪ੍ਰਵੀਨ ਕੁਮਾਰ, ਏਐੱਸਆਈ ਦਿਲਾਵਰ ਸਿੰਘ, ਏਐੱਸਆਈ ਸੁਨੀਲ ਦੱਤ ਸਮੇਤ ਹੋਰ ਪੁਲਿਸ ਮੁਲਾਜ਼ਮ ਹਾਜਰ ਸਨ।