ਨਵਾਂਸ਼ਹਿਰ ’ਚ ਜੀ ਰਾਮ ਜੀ ਦੇ ਵਿਰੋਧ 'ਚ ਪੇਂਡੂ ਮਜ਼ਦੂਰਾਂ ਦਿੱਤਾ ਰੋਸ ਧਰਨਾ
ਨਵਾਂਸ਼ਹਿਰ ’ਚ ਜੀ ਰਾਮ ਜੀ ਦੇ ਵਿਰੋਧ 'ਚ ਪੇਂਡੂ ਮਜ਼ਦੂਰਾਂ ਦਿੱਤਾ ਰੋਸ ਧਰਨਾ
Publish Date: Wed, 07 Jan 2026 04:24 PM (IST)
Updated Date: Wed, 07 Jan 2026 04:26 PM (IST)

ਪ੍ਰਦੀਪ ਭਨੋਟ, ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਾਂਝਾ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਮਗਨਰੇਗਾ ਖ਼ਤਮ ਕਰਨ, ਬਿਜਲੀ ਸੋਧ ਬਿੱਲ 2025, ਚਾਰ ਲੇਬਰ ਕੋਡ ਲਾਗੂ ਕਰਨ ਦੇ ਵਿਰੋਧ ਵਿਚ ਡੀਸੀ ਦਫ਼ਤਰ ਨਵਾਂਸ਼ਹਿਰ ਅੱਗੇ ਧਰਨਾ ਦਿੱਤਾ ਗਿਆ। ਪੀਐੱਮਯੂ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜ਼ਿਲ੍ਹਾ ਆਗੂ ਕਮਲਜੀਤ ਸਨਾਵਾ, ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਹਰੀ ਰਾਮ ਰਸੂਲਪੁਰੀ, ਖੇਤ ਮਜ਼ਦੂਰ ਸਭਾ ਦੇ ਆਗੂ ਨਿਰੰਜਣ ਦਾਸ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕੁਲਦੀਪ ਝਿੰਗੜ, ਕਿਰਨਜੀਤ ਕੌਰ, ਸੁਰਿੰਦਰ ਮੀਰਪੁਰ, ਲਾਡੀ ਕੋਟ ਰਾਂਝਾ, ਸੁਰਿੰਦਰ ਸਨਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚਾਰ ਲੇਬਰ ਕੋਡ ਲਾਗੂ ਕਰ ਕੇ ਮਜ਼ਦੂਰ ਵਰਗ ’ਤੇ ਬਹੁਤ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਵੱਲੋਂ ਦਹਾਕਿਆਂ ਤੱਕ ਸੰਘਰਸ਼ ਕਰਕੇ ਪ੍ਰਾਪਤ ਕੀਤੇ ਅਧਿਕਾਰਾਂ ਨੂੰ ਖ਼ਤਮ ਕਰ ਦਿੱਤਾ ਹੈ। ਕੇਂਦਰ ਸਰਕਾਰ ਮਗਨਰੇਗਾ ਖਤਮ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਨਵਾਂ ਕਾਨੂੰਨ ਲਿਆ ਕੇ ਦੇਸ਼ ਦੇ ਦੋ ਕਰੋੜ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਚੁੱਲ੍ਹੇ ਠੰਢੇ ਕਰਨ ਦੇ ਰਾਹ ਪੈ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2025 ਰਾਹੀਂ ਬਿਜਲੀ ਨੂੰ ਕਾਰਪੋਰੇਟਰਾਂ ਦੇ ਹੱਥ ਦੇਣ ਦੀ ਤਿਆਰੀ ਕਰੀ ਬੈਠੀ ਹੈ, ਜਿਸ ਨਾਲ ਬਿਜਲੀ ਦੀਆਂ ਸਬਸਿਡੀਆਂ ਖ਼ਤਮ ਹੋ ਜਾਣਗੀਆਂ ਅਤੇ ਬਿਜਲੀ ਖਪਤਕਾਰਾਂ ਦੀ ਅੰਨ੍ਹੀ ਲੁੱਟ ਦਾ ਰਾਹ ਪੱਧਰਾ ਹੋ ਜਾਵੇਗਾ, ਜਿਸਦਾ ਤਿੱਖਾ ਵਿਰੋਧ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਵਿਰੁੱਧ ਬੋਲਦੇ ਹੋਏ ਆਗੂਆਂ ਨੇ ਕਿਹਾ ਕਿ ਇਹ ਸਰਕਾਰ ਵੀ ਮਜ਼ਦੂਰ ਵਿਰੋਧੀ ਸਾਬਿਤ ਹੋਈ ਜਿਸਨੇ ਕਾਰੋਬਾਰੀ ਅਤੇ ਦੁਕਾਨਾਂ ਤੇ ਕੰਮ ਕਰਨ ਵਾਲੇ ਮਜ਼ਦੂਰਾਂ ਲਈ 12 ਘੰਟੇ ਦਾ ਕੰਮ ਦਾ ਦਿਨ ਕਰ ਦਿੱਤਾ। ਮਜ਼ਦੂਰਾਂ ਨੂੰ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਵਾਹੀ ਲਈ ਐੱਸਸੀ ਸਮਾਜ ਨੂੰ ਦੇਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕੀਤਾ। ਇਹ ਉਹੀ ਸਰਕਾਰ ਹੈ ਜਿਸਨੇ ਆਪਣੇ ਚੋਣ ਮੈਨੀਫੈਸਟੋ ਵਿਚ ਹਰ ਔਰਤ ਨੂੰ ਮਾਸਿਕ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਪਰ ਉਹ ਅੱਜ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਇਹ ਉਹੀ ਮਾਨ ਸਰਕਾਰ ਹੈ ਜੋ ਪੱਤਰਕਾਰਾਂ ਅਤੇ ਆਰਟੀਆਈ ਕਾਰਕੁੰਨਾਂ ਵਿਰੁੱਧ ਪੁਲਿਸ ਕੇਸ ਦਰਜ ਕਰਕੇ ਉਨ੍ਹਾਂ ਦੀ ਆਜ਼ਾਦੀ ਉੱਤੇ ਸੱਟ ਮਾਰ ਰਹੀ ਹੈ। ਸਾਰੇ ਬੁਲਾਰਿਆਂ ਨੇ ਮਜ਼ਦੂਰਾਂ ਨੂੰ ਲੰਮੀ ਲੜਾਈ ਲੜਨ ਦੀ ਤਿਆਰੀ ਕਰਨ ਦਾ ਸੱਦਾ ਦਿੱਤਾ।