ਸੜੋਆ ਤੋਂ ਨਵਾਂਸ਼ਹਿਰ ਸੜਕ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਸੜੋਆ ਤੋਂ ਨਵਾਂਸ਼ਹਿਰ ਸੜਕ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ
Publish Date: Tue, 18 Aug 2026 06:39 PM (IST)
Updated Date: Tue, 18 Aug 2026 06:42 PM (IST)
- ਰੋਜ਼ਾਨਾ ਸੈਂਕੜੇ ਲੋਕ ਹੋ ਰਹੇ ਨੇ ਖੱਜਲ-ਖੁਆਰ ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਬੇਸ਼ੱਕ ਚਾਰ ਸਾਲ ਦਾ ਸਮਾਂ ਹੋ ਚੁੱਕਾ ਹੈ ਅਤੇ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰ ਕੇ ਵਿਕਾਸ ਕਾਰਜਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਦੂਜੇ ਪਾਸੇ ਹਲਕਾ ਬਲਾਚੌਰ ਦੇ ਬਲਾਕ ਸੜੋਆ ਤੋਂ ਵਾਇਆ ਆਲੋਵਾਲ-ਨਵਾਂਸ਼ਹਿਰ ਨੂੰ ਜੋੜਨ ਵਾਲੀ ਸੜਕ ਬੇਹੱਦ ਖਸਤਾ ਹਾਲਤ ਦਾ ਸ਼ਿਕਾਰ ਹੈ। ਲੋਕਾਂ ਨੇ ਦੱਸਿਆ ਕਿ ਇਸ ਸੜਕ ਤੋਂ ਰੋਜ਼ਾਨਾ ਸੈਂਕੜੇ ਲੋਕ ਆਉਣ-ਜਾਣ ਕਰਦੇ ਹਨ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਸੜੋਆ ਤੋਂ ਨਵਾਂਸ਼ਹਿਰ ਨੂੰ ਜਾਣ ਵਾਲੀ ਇਸ ਸੜਕ ਨਾਲ ਇਲਾਕੇ ਦੇ ਦਰਜਨਾਂ ਪਿੰਡ ਜੁੜੇ ਹੋਏ ਹਨ। ਇਸ ਸੜਕ ’ਤੇ ਬਰਸਾਤੀ ਪਾਣੀ ਖੜ੍ਹਾ ਰਹਿਣ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਵਿਚ ਕਾਫੀ ਦਿੱਕਤ ਹੁੰਦੀ ਹੈ ਅਤੇ ਕਈ ਵਾਰ ਲੋਕ ਡਿੱਗ ਕੇ ਸੱਟਾਂ ਵੀ ਲਗਵਾ ਚੁੱਕੇ ਹਨ। ਇਹ ਸੜਕ ਕਸਬਾ ਸੜੋਆ ਨੂੰ ਸਮੁੰਦੜਾ ਅਤੇ ਮਜਾਰੀ ਨਾਲ ਵੀ ਜੋੜਦੀ ਹੈ, ਜਿਸ ਕਾਰਨ ਇਸ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਬਰਸਾਤ ਦੇ ਪਹਿਲੇ ਮੀਂਹ ਨਾਲ ਹੀ ਸੜਕ ਦੇ ਹਾਲਾਤ ਹੋਰ ਵੀ ਵਿਗੜ ਗਏ ਹਨ। ਸੜਕ ’ਤੇ ਲੰਬੇ ਸਮੇਂ ਤੱਕ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਬਣਿਆ ਹੋਇਆ ਹੈ। ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਵੱਲੋਂ ਵਿਕਾਸ ਦੇ ਵੱਡੇ-ਵੱਡੇ ਇਸ਼ਤਿਹਾਰ ਲਗਾਏ ਜਾ ਰਹੇ ਹਨ, ਜਦਕਿ ਦੂਜੇ ਪਾਸੇ ਸੜੋਆ-ਨਵਾਂਸ਼ਹਿਰ ਸੜਕ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਲੋਕਾਂ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।