ਸਿੱਖ ਨੈਸ਼ਨਲ ਕਾਲਜ ’ਚ ਫੁੱਲਾਂ ਦੇ ਲਗਾਏ ਬੂਟੇ ਸਿੱਖ ਨੈਸ਼ਨਲ ਕਾਲਜ ਵਿਖੇ ਫੁੱਲਾਂ ਦੇ ਲਗਾਏ ਬੂਟੇ
Publish Date: Fri, 16 Oct 2026 04:33 PM (IST)
Updated Date: Fri, 16 Oct 2026 04:36 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰ. ਡਾ. ਇੰਦੂ ਰੱਤੀ ਦੀ ਅਗਵਾਈ ਹੇਠ ‘ਇੱਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਵਿਭਾਗ ਵੱਲੋਂ ਫੁੱਲਾਂ ਦੇ ਬੂਟੇ ਲਗਾਉਣ ਦੀ ਸਰਗਰਮੀ ਕਰਵਾਈ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਕਾਲਜ ਕੈਂਪਸ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਵੱਖ-ਵੱਖ ਕਿਸਮਾਂ ਦੇ ਫੁੱਲਦਾਰ ਬੂਟੇ ਲਗਾਏ। ਪ੍ਰਿੰ. ਡਾ. ਇੰਦੂ ਰੱਤੀ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਰੁੱਖਾਂ ਅਤੇ ਬੂਟਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਰੁੱਖ ਸਾਡੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਨਾਲ-ਨਾਲ ਮਨੁੱਖੀ ਜੀਵਨ ਲਈ ਆਕਸੀਜਨ, ਛਾਂ ਅਤੇ ਸੁੰਦਰਤਾ ਦਾ ਮਹੱਤਵ ਪੂਰਨ ਸਰੋਤ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਲਗਾਏ ਗਏ ਬੂਟਿਆਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਕੇਵਲ ਸਰਕਾਰੀ ਜਾਂ ਸੰਸਥਾਗਤ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤ ਨਾਲ ਪਿਆਰ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਨਵਨੀਤ ਕੌਰ ਨੇ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਸ਼ਾਮਲ ਹੋਣ ਵਾਲੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਅਤੇ ਕੁਦਰਤ ਦੀ ਸੰਭਾਲ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵ ਪੂਰਨ ਭੂਮਿਕਾ ਨਿਭਾਉਂਦੀਆਂ ਹਨ।