ਐਨਐਚਐਮ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦਾ ਕੀਤਾ ਘਿਰਾਓ ਐਨਐਚਐਮ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦਾ ਕੀਤਾ ਘਿਰਾਓ
Publish Date: Tue, 17 Nov 2026 06:31 PM (IST)
Updated Date: Tue, 17 Nov 2026 06:33 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਵਿੱਤੀ ਮੰਗਾਂ ਅਤੇ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਮੂਹ ਐਨਐਚਐਮ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਨਵਾਂਸ਼ਹਿਰ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਹੜਤਾਲ ਦੇ ਚਲਦਿਆਂ ਸਿਹਤ ਵਿਭਾਗ ਦਾ ਆਨਲਾਈਨ ਅਤੇ ਆਫ਼ਲਾਈਨ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਇਸ ਮੌਕੇ ਐਨਐਚਐਮ ਮੁਲਾਜਮ ਡਾ. ਦਲਜੀਤ ਕੁਮਾਰ, ਡਾ. ਹਰਦੀਪ ਕੌਰ, ਡਾ. ਹਰਦੀਪ ਸਿੰਘ, ਡਾ. ਬਲਜਿੰਦਰ ਸਿੰਘ, ਡਾ. ਮਨਿੰਦਰ ਸਿੰਘ, ਡਾ. ਅਮਨ, ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਐਨਐਚਐਮ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਹੜਤਾਲ ਤੇ ਹਨ। ਉਨ੍ਹਾਂ ਦੱਸਿਆ ਕਿ ਅੱਜ 17 ਨਵੰਬਰ ਨੂੰ ਸਰਕਾਰ ਵੱਲੋਂ ਗਠਿਤ ਮੁਲਾਜ਼ਮ ਭਲਾਈ ਕਮੇਟੀ ਨਾਲ ਮੁਲਾਜ਼ਮ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਹੋ ਰਹੀ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਸੀ, ਪਰ ਸੂਬਾ ਕਮੇਟੀ ਅਤੇ ਜ਼ਿਲ੍ਹਾ ਆਗੂਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਸਰਕਾਰ ਨਾਲ ਗੱਲਬਾਤ ਅਤੇ ਸੰਘਰਸ਼ ਦੋਵੇਂ ਨਾਲੋ-ਨਾਲ ਜਾਰੀ ਰਹਿਣਗੇ। ਜਦੋਂ ਤੱਕ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਲੈ ਕੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਅਤੇ ਧਰਨਾ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅੱਜ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਸਾਰਥਕ ਹੱਲ ਨਾ ਨਿਕਲਿਆ ਤਾਂ 19 ਨਵੰਬਰ ਨੂੰ ਪੰਜਾਬ ਭਰ ਦੇ ਐਨਐਚਐਮ ਮੁਲਾਜ਼ਮ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਉੱਥੇ ਹੀ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਕਾਰਨ ਮੁਲਾਜ਼ਮ ਵਰਗ ਨੇ ਸਰਕਾਰ ਦੀਆਂ ਨੀਤੀਆਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਜੇਕਰ ਸਿਹਤ ਸੇਵਾਵਾਂ ਦੇਣ ਵਾਲੇ ਮੁਲਾਜ਼ਮ ਹੀ ਮਾਨਸਿਕ ਅਤੇ ਆਰਥਿਕ ਤੌਰ ਤੇ ਪ੍ਰੇਸ਼ਾਨ ਰਹਿਣਗੇ ਤਾਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਕਿਵੇਂ ਮਿਲ ਸਕਣਗੀਆਂ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੀਟਿੰਗਾਂ ਅਤੇ ਭਰੋਸਿਆਂ ਰਾਹੀਂ ਸਮਾਂ ਲੰਘਾਉਣ ਦੀ ਬਜਾਏ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਲਦ ਠੋਸ ਫ਼ੈਸਲਾ ਲਿਆ ਜਾਵੇ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨਾ ਜਾਰੀ ਰੱਖਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਧਰਨੇ ਵਾਲੀਆਂ ਦਰੀਆਂ ਸਰਕਾਰ ਦੇ ਸੱਤਾ ਤੋਂ ਬਾਹਰ ਹੋਣ ਤੱਕ ਵਿਛੀਆਂ ਰਹਿਣਗੀਆਂ। ਆਗੂਆਂ ਨੇ ਕਿਹਾ ਕਿ ਐਨਐਚਐਮ ਮੁਲਾਜ਼ਮਾਂ ਤੋਂ ਪੱਕੇ ਮੁਲਾਜ਼ਮਾਂ ਵਾਂਗ ਕੰਮ ਲਿਆ ਜਾ ਰਿਹਾ ਹੈ, ਪਰ ਉਨ੍ਹਾਂ ਨੂੰ ਬਣਦੇ ਤਨਖ਼ਾਹੀ ਲਾਭ, ਨੌਕਰੀ ਦੀ ਸੁਰੱਖਿਆ, ਰੈਗੂਲਰ ਹੋਣ ਦਾ ਹੱਕ ਅਤੇ ਪੈਨਸ਼ਨ ਵਰਗੀਆਂ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਲਗਭਗ 55 ਤੋਂ 65 ਮੀਟਿੰਗਾਂ ਹੋ ਚੁੱਕੀਆਂ ਹਨ।ਪਰ ਹਰ ਵਾਰ ਸਿਰਫ਼ ਭਰੋਸੇ ਹੀ ਮਿਲੇ ਹਨ ਅਤੇ ਅਜੇ ਤੱਕ ਕੋਈ ਮੰਗ ਜ਼ਮੀਨੀ ਪੱਧਰ ਤੇ ਪੂਰੀ ਨਹੀਂ ਹੋਈ।।ਉਨ੍ਹਾਂ ਕਿਹਾ ਕਿ ਮੁਲਾਜ਼ਮ ਹੁਣ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਹੋਣ ਵਾਲੇ ਨਹੀਂ ਹਨ। ਜਦੋਂ ਤੱਕ ਉਨ੍ਹਾਂ ਦੀਆਂ ਵਿੱਤੀ ਅਤੇ ਸੇਵਾਵਾਂ ਨਾਲ ਸਬੰਧਤ ਮੰਗਾਂ ਨੂੰ ਪ੍ਰਵਾਨ ਕਰਕੇ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਇਹ ਸਾਡਾ ਹੱਕ ਹੈ, ਸਰਕਾਰੀ ਖੈਰਾਤ ਨਹੀਂ : ਡਾ. ਹਰਦੀਪ ਐਨਐਚਐਮ ਮੁਲਾਜ਼ਮ ਯੂਨੀਅਨ ਦੀ ਆਗੂ ਡਾ. ਹਰਦੀਪ ਕੌਰ ਅਤੇ ਸਮੂਹ ਮੁਲਾਜ਼ਮਾਂ ਨੇ ਦੱਸਿਆ ਕਿ ਐਨਐਚਐਮ ਅਧੀਨ ਸੇਵਾਵਾਂ ਨਿਭਾ ਰਹੇ ਕਰਮਚਾਰੀ ਪਿਛਲੇ 17–18 ਸਾਲਾਂ ਤੋਂ ਪੂਰੀ ਇਮਾਨਦਾਰੀ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਬਣ ਕੇ ਕੰਮ ਕਰ ਰਹੇ ਹਨ। ਜਦੋਂ ਕੰਮ ਇੱਕੋ ਜਿਹਾ ਹੈ, ਡਿਊਟੀਆਂ ਇੱਕੋ ਜਿਹੀਆਂ ਹਨ, ਜ਼ਿੰਮੇਵਾਰੀਆਂ ਇੱਕੋ ਜਿਹੀਆਂ ਹਨ ਅਤੇ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਵੀ ਇੱਕੋ ਜਿਹੀਆਂ ਹਨ, ਤਾਂ ਫਿਰ ਤਨਖਾਹ ਅਤੇ ਸੇਵਾ ਦੀਆਂ ਸਹੂਲਤਾਂ ਵਿੱਚ ਵਿਤਕਰਾ ਕਿਉਂ ? ਉਨ੍ਹਾਂ ਕਿਹਾ ਕਿ ਕਰਮਚਾਰੀ ਸਿਰਫ਼ ਭਰੋਸਿਆਂ ਅਤੇ ਮੀਟਿੰਗਾਂ ਦੇ ਆਸਰੇ ਆਪਣਾ ਭਵਿੱਖ ਹੋਰ ਲੰਮਾ ਸਮਾਂ ਅਸੁਰੱਖਿਅਤ ਨਹੀਂ ਰੱਖ ਸਕਦੇ। ਹੁਣ ਲੋੜ ਹੈ ਕਿ ਸਰਕਾਰ ਐਨਐਚਐਮ ਕਰਮਚਾਰੀਆਂ ਦੀਆਂ ਸੇਵਾਵਾਂ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨ ਦਿੰਦਿਆਂ ਬਰਾਬਰ ਕੰਮ ਲਈ ਬਰਾਬਰ ਤਨਖਾਹ, ਨੌਕਰੀ ਦੀ ਸੁਰੱਖਿਆ ਅਤੇ ਠੇਕਾ ਪ੍ਰਣਾਲੀ ਦੇ ਖਾਤਮੇ ਵਰਗੀਆਂ ਹੱਕੀ ਮੰਗਾਂ ਤੇ ਠੋਸ ਅਤੇ ਲਿਖਤੀ ਫੈਸਲੇ ਲਵੇ। ਉਨ੍ਹਾਂ ਕਿ ਹਾ ਕਿ ਸਾਡੀ ਮੰਗ ਕਿਸੇ ਨਾਲ ਮੁਕਾਬਲਾ ਕਰਨ ਦੀ ਨਹੀਂ, ਸਗੋਂ ਆਪਣੇ ਕੰਮ ਦੇ ਬਰਾਬਰ ਹੱਕ ਅਤੇ ਸਨਮਾਨ ਪ੍ਰਾਪਤ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਇੱਕ ਮੰਚ, ਇੱਕ ਆਵਾਜ਼ ਅਤੇ ਇੱਕ ਸੰਘਰਸ਼, ਜਦੋਂ ਤੱਕ ਹੱਕ ਨਹੀਂ ਮਿਲਦੇ, ਸੰਘਰਸ਼ ਜਾਰੀ ਰਹੇਗਾ।