ਐਸਡੀਐਮ ਵੱਲੋਂ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਅਹੁਦੇਦਾਰਾਂ ਨਾਲ ਕੀਤੀ ਬੈਠਕ ਐਸਡੀਐਮ ਬੰਗਾ ਨੇ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਅਹੁਦੇਦਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
Publish Date: Fri, 27 Nov 2026 05:39 PM (IST)
Updated Date: Fri, 27 Nov 2026 05:40 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਉਪ-ਮੰਡਲ ਮੈਜਿਸਟਰੇਟ ਬੰਗਾ ਵਰੁਣ ਕੁਮਾਰ ਨੇ ਆਪਣੇ ਦਫ਼ਤਰ ਵਿਖੇ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣਨ ਦੇ ਨਾਲ-ਨਾਲ ਭਾਈਚਾਰੇ ਦੀ ਭਲਾਈ ਨਾਲ ਸੰਬੰਧਤ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਅਹਿਮ ਮੀਟਿੰਗ ਕੀਤੀ ਜਿਸ ਦੌਰਾਨ ਖੱਤਰੀ ਅਰੋੜਾ ਵੈਲਫੇਅਰ ਬੋਰਡ ਵੱਲੋਂ ਰਿੱਕੀ ਅਰੋੜਾ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਨੁਮਾਇੰਦਿਆਂ ਵੱਲੋਂ ਆਪਣੇ ਭਾਈਚਾਰੇ ਨਾਲ ਸੰਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਐਸਡੀਐਮ ਦੇ ਧਿਆਨ ਵਿਚ ਲਿਆਂਦੀਆਂ। ਇਸ ਤੋਂ ਇਲਾਵਾ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿਵਾਉਣ, ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਅਤੇ ਦਰਪੇਸ਼ ਮੁਸ਼ਕਲਾਂ ਦੇ ਹੱਲ ਸੰਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਐਸਡੀਐਮ ਵਰੁਣ ਕੁਮਾਰ ਨੇ ਬੋਰਡ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ ਅਤੇ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਯੋਗ ਲਾਭਪਾਤਰੀਆਂ ਤੱਕ ਪਹੁੰਚਾਈ ਜਾਵੇ ਅਤੇ ਹਰ ਵਰਗ ਦੀ ਭਲਾਈ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਬੋਰਡ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।