ਸੇਵਾ ਕੇਂਦਰ ਲੋਕਾਂ ਲਈ ਬਣੇ 'ਸਜ਼ਾ ਕੇਂਦਰ' ਸੇਵਾ ਕੇਂਦਰ ਬਣੇ 'ਸਜ਼ਾ ਕੇਂਦਰ'
Publish Date: Thu, 09 Jul 2026 05:41 PM (IST)
Updated Date: Thu, 09 Jul 2026 05:42 PM (IST)
ਲੋਕ ਰੋਜ਼ਾਨਾ ਹੋ ਰਹੇ ਖੱਜਲ-ਖੁਆਰ : ਐਡਵੋਕੇਟ ਲੱਕੀ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਪੰਜਾਬ ਭਰ ਵਿਚ ਸੇਵਾ ਕੇਂਦਰਾਂ ਦੇ ਕਨੈਕਟ ਪੰਜਾਬ ਪੋਰਟਲ ਦੇ ਵਾਰ-ਵਾਰ ਠੱਪ ਹੋਣ ਕਾਰਨ ਤੇ ਮੁਲਾਜ਼ਮਾਂ ਦੀ ਹੜਤਾਲ ਕਰਕੇ ਸੇਵਾ ਕੇਂਦਰ ਹੁਣ ਸਜ਼ਾ ਕੇਂਦਰ ਬਣ ਗਏ ਹਨ ਤੇ ਲੋਕ ਖੱਜਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡਿਜੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੀ ਪੂਰੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿਚ ਖੜ੍ਹੇ ਹੋਣ ਲਈ ਮਜਬੂਰ ਹਨ ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ ਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਠੱਪ ਪਿਆ ਹੈ। ਉਨ੍ਹਾਂ ਕਿਹਾ ਕਿ ਤਪਦੀ ਗਰਮੀ ਵਿਚ ਬਜ਼ੁਰਗ, ਮਹਿਲਾਵਾਂ, ਵਿਦਿਆਰਥੀ, ਕਿਸਾਨ, ਮਜ਼ਦੂਰ ਤੇ ਰੋਜ਼ਾਨਾ ਦਿਹਾੜੀ ਕਰਕੇ ਆਪਣਾ ਪਰਿਵਾਰ ਚਲਾਉਣ ਵਾਲੇ ਲੋਕ ਘੰਟਿਆਂ ਸੇਵਾ ਕੇਂਦਰਾਂ ਦੇ ਬਾਹਰ ਖੜ੍ਹੇ ਰਹਿੰਦੇ ਹਨ ਪਰ ਆਖ਼ਿਰ ਵਿਚ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਪੋਰਟਲ ਕੰਮ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਲੋਕਾਂ ਦੇ ਸਮੇਂ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੈ। ਕਈ ਲੋਕ ਦੂਰ-ਦੁਰਾਡੇ ਇਲਾਕਿਆਂ ਤੋਂ ਕਿਰਾਇਆ ਖਰਚ ਕਰਕੇ ਸੇਵਾ ਕੇਂਦਰਾਂ ਤੱਕ ਪਹੁੰਚਦੇ ਹਨ, ਆਪਣੀ ਦਿਹਾੜੀ ਛੱਡ ਕੇ ਆਉਂਦੇ ਹਨ, ਪਰ ਸਰਕਾਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੋ ਸਰਕਾਰ ਆਪਣੇ ਹੀ ਡਿਜੀਟਲ ਪੋਰਟਲ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾ ਸਕਦੀ, ਉਹ ਚੰਗੇ ਪ੍ਰਸ਼ਾਸਨ ਤੇ ਪਾਰਦਰਸ਼ੀ ਗਵਰਨੈਂਸ ਦੇ ਦਾਅਵੇ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੀ। ਉਨ੍ਹਾਂ ਕਿਹਾ ਇਹ ਭਗਵੰਤ ਮਾਨ ਸਰਕਾਰ ਦੀ ਅਯੋਗਤਾ ਤੇ ਪ੍ਰਸ਼ਾਸਨਿਕ ਅਸਫਲਤਾ ਦਾ ਜਿਉਂਦਾ ਜਾਗਦਾ ਸਬੂਤ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਨੈਕਟ ਪੰਜਾਬ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਕਨੀਕੀ ਖਾਮੀਆਂ ਨੂੰ ਫੌਰੀ ਤੌਰ ਤੇ ਦੂਰ ਕੀਤਾ ਜਾਵੇ ਅਤੇ ਜਦੋਂ ਤੱਕ ਪੋਰਟਲ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦਾ, ਉਦੋਂ ਤੱਕ ਜਨਤਾ ਨੂੰ ਰਾਹਤ ਦੇਣ ਲਈ ਆਫ ਲਾਈਨ ਵਿਵਸਥਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਨਾ ਕਿ ਲੋਕਾਂ ਨੂੰ ਖੱਜਲ-ਖੁਆਰ ਕਰਨਾ ਚਾਹੀਦਾ ਹੈ।