ਆਤਿਸ਼ੀ ਦੀ ਗ੍ਰਿਫ਼ਤਾਰੀ ਤੇ ਮੈਂਬਰਸ਼ਿਪ ਰੱਦ ਕਰਨ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਤਿਸ਼ੀ ਦੀ ਗ੍ਰਿਫ਼ਤਾਰੀ ਅਤੇ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ
Publish Date: Sat, 10 Jan 2026 05:51 PM (IST)
Updated Date: Sun, 11 Jan 2026 04:06 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਕਥਿਤ ਦੋਸ਼ ਹੇਠ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇੱਕ ਮੰਗ ਪੱਤਰ ਮਾਣਯੋਗ ਰਾਜਪਾਲ ਪੰਜਾਬ ਅਤੇ ਸਪੀਕਰ ਦਿੱਲੀ ਵਿਧਾਨ ਸਭਾ ਦੇ ਨਾਂਅ ਡਿਪਟੀ ਕਮਿਸ਼ਨਰ ਦੇ ਨਾਂਅ ਏਡੀਸੀ ਬਲਬੀਰ ਰਾਜ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 6 ਜਨਵਰੀ 2026 ਨੂੰ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਨਿਯਮ 270 ਤਹਿਤ ਵਿਸ਼ੇਸ਼ ਚਰਚਾ ਚੱਲ ਰਹੀ ਸੀ। ਇਸ ਦੌਰਾਨ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਕਥਿਤ ਤੌਰ ਤੇ ਵਿਘਨ ਪਾਉਂਦਿਆਂ ਗੁਰੂ ਸਾਹਿਬਾਨ ਨਾਲ ਜੋੜ ਕੇ ਬੇਹੱਦ ਅਪਮਾਨਜਨਕ ਅਤੇ ਭੈੜੀ ਸ਼ਬਦਾਵਲੀ ਦੀ ਵਰਤੋਂ ਕੀਤੀ। ਉਨ੍ਹਾਂ ਕਿ ਇੱਕ ਸਾਬਕਾ ਮੁੱਖ ਮੰਤਰੀ ਵਰਗੇ ਸੰਵਿਧਾਨਕ ਅਹੁਦੇ ਤੇ ਰਹਿ ਚੁੱਕੀ ਸ਼ਖ਼ਸੀਅਤ ਵੱਲੋਂ ਅਜਿਹੀ ਘਿਨਾਉਣੀ ਹਰਕਤ ਬਰਦਾਸ਼ਤ ਤੋਂ ਬਾਹਰ ਹੈ। ਆਗੂਆਂ ਨੇ ਦੱਸਿਆ ਕਿ ਇਸ ਮੌਕੇ ਜਿਥੇ ਆਤਿਸ਼ੀ ਖ਼ਿਲਾਫ਼ ਤੁਰੰਤ ਅਪਰਾਧਿਕ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਉਥੇ ਸਿੱਖਾਂ ਦੇ ਹਿਰਦੇ ਵਲੂੰਧਰਨ ਦੇ ਦੋਸ਼ ਹੇਠ ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਤੁਰੰਤ ਖ਼ਾਰਜ ਕਰਨ ਦੀ ਮੰਗ ਕੀਤੀ। ਇਸ ਮੌਕੇ ਸੋਸ਼ਲ ਮੀਡੀਆ ਤੇ ਸਿੱਖ ਸੰਸਥਾਵਾਂ ਅਤੇ ਗੁਰੂ ਸਾਹਿਬਾਨ ਖ਼ਿਲਾਫ਼ ਚੱਲ ਰਹੀਆਂ ਇਤਰਾਜ਼ਯੋਗ ਵੀਡੀਓਜ਼ ਨੂੰ ਤੁਰੰਤ ਹਟਾਇਆ ਜਾਵੇ ਅਤੇ ਸਾਈਬਰ ਕਰਾਈਮ ਤਹਿਤ ਦੋਸ਼ੀਆਂ ’ਤੇ ਪਰਚੇ ਦਰਜ ਕੀਤੇ ਜਾਣ ਦੀ ਮੰਗ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਆਬਜ਼ਰਵਰ ਕਮਲ ਚੇਤਲੀ, ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਐੱਸਜੀਪੀਸੀ ਮੈਂਬਰ ਗੁਰਬਖਸ਼ ਸਿੰਘ ਖ਼ਾਲਸਾ, ਰਮਨ ਨੰਦ ਲਾਲ ਚੌਧਰੀ, ਹੇਮੰਤ ਕੁਮਾਰ ਰਣਦੇਵ, ਸਤਨਾਮ ਸਿੰਘ ਲਾਦੀਆਂ, ਸਚਿਨ ਕੁਮਾਰ ਪ੍ਰਧਾਨ ਬੀਸੀ ਵਿੰਗ, ਹਰਪ੍ਰੀਤ ਸਿੰਘ ਖਾਰਾ, ਕੌਂਸਲਰ ਪਰਮ ਸਿੰਘ ਖ਼ਾਲਸਾ, ਬਲਦੇਵ ਕ੍ਰਿਸ਼ਨ ਨੋਰਾ, ਕੁਲਜੀਤ ਸਿੰਘ ਲੱਕੀ ਅਤੇ ਜਸਵਿੰਦਰ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਕਾਰਵਾਈ ਨਾ ਹੋਈ ਤਾਂ ਸਿੱਖ ਸੰਗਤ ਅਤੇ ਪਾਰਟੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।