
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੇਠੀ ਸਰਪੰਚ ਥੋਪੀਆ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੌਂਪੀ ਬਲਾਚੌਰ ਹਲਕੇ ਦੀ ਕਮਾਨ

- ਸੜਕਾਂ, ਹਸਪਤਾਲਾਂ ਤੇ ਸਕੂਲਾਂ ’ਚ ਸਟਾਫ ਦੀ ਘਾਟ, ਬੇਰੁਜ਼ਗਾਰੀ ਤੇ ਨਸ਼ੇ ਦੇ ਮੁੱਦੇ ਚੁੱਕੇ
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ
ਬਲਾਚੌਰ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਵਰਕਿੰਗ ਕਮੇਟੀ ਸੇਠੀ ਸਰਪੰਚ ਥੋਪੀਆ ਨੂੰ ਬਲਾਚੌਰ ਵਿਧਾਨ ਸਭਾ ਹਲਕੇ ਦੀ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਸਾਹਿਬ ਢਾਬਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਸੇਠੀ ਸਰਪੰਚ ਥੋਪੀਆ ਨੇ ਪਾਰਟੀ ਹਾਈਕਮਾਂਡ ਅਤੇ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਵਰਕਰਾਂ, ਇਲਾਕਾ ਵਾਸੀਆਂ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਹਲਕੇ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਇਸ ਲਈ ਉਹ ਪਾਰਟੀ ਦੇ ਆਗੂਆਂ, ਸਮਰਥਕਾਂ, ਬਜ਼ੁਰਗਾਂ, ਨੌਜਵਾਨਾਂ, ਮਾਵਾਂ-ਭੈਣਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋਂ ਮਿਲ ਰਹੇ ਪਿਆਰ ਅਤੇ ਆਸ਼ੀਰਵਾਦ ਲਈ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਵੱਖਰੀ ਹੈ।
ਕੰਡੀ ਕਨਾਲ ਨਹਿਰ ਦਾ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਸਿੰਚਾਈ ਦਾ ਇਹ ਅਹਿਮ ਸਾਧਨ ਲੰਮੇ ਸਮੇਂ ਤੋਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪ੍ਰਧਾਨ ਇਲਾਕੇ ਵਿਚ ਸਿੰਚਾਈ ਦੀਆਂ ਸਹੂਲਤਾਂ ਮਜ਼ਬੂਤ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਸਬੰਧੀ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਦੀਆਂ ਸਮੱਸਿਆਵਾਂ ਦੀ ਸੂਚੀ ਲੰਮੀ ਹੈ ਅਤੇ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਲੋਕਾਂ ਦੀ ਆਵਾਜ਼ ਬਣ ਕੇ ਉਠਾਏਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਦੇ ਹਰ ਪਿੰਡ, ਹਰ ਬੂਥ ਅਤੇ ਹਰ ਵਰਗ ਦੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾਵੇਗਾ ਅਤੇ ਜਿੱਥੇ ਲੋੜ ਪਈ, ਉੱਥੇ ਸੰਘਰਸ਼ ਵੀ ਕੀਤਾ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ ਦੋਭਾਲੀ ਸਟੇਟ ਡੈਲੀਗੇਟ, ਠੇਕੇਦਾਰ ਗੁਰਚਰਨ ਸਿੰਘ ਉੱਦਲਣੀ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।