- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਣਐਲਾਨੇ ਬਿਜਲੀ ਕੱਟਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ 16 ਨੂੰ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਨੇ ਦੱਸਿਆ ਕਿ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿਚ ਲੱਗ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਵਿਰੁੱਧ 16 ਸਤੰਬਰ ਨੂੰ ਸੂਬੇ ਭਰ ਵਿਚ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦੇ ਕੀਤੇ ਐਲਾਨ ਨੂੰ ਪੂਰੀ ਸੰਜੀਦਗੀ ਨਾਲ ਜ਼ਿਲ੍ਹੇ ਵਿਚ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਅਕਾਲੀ ਆਗੂਆਂ, ਵਰਕਰਾਂ ਅਤੇ ਲੋਕਾਂ ਨੂੰ ਇਕਜੁੱਟ ਕੀਤਾ ਜਾਵੇਗਾ ਤਾਂ ਜੋ ਜ਼ਿਲ੍ਹਾ ਪੱਧਰ ’ਤੇ ਰੋਸ ਧਰਨਾ ਦੇ ਕੇ ਆਪ ਸਰਕਾਰ ਵੱਲੋਂ ਲਗਾਏ ਜਾ ਰਹੇ ਪਾਵਰ ਕੱਟਾਂ ਦੀ ਪੋਲ ਖੋਲ੍ਹੀ ਜਾ ਸਕੇ। ਸ. ਸ਼ੁਕਾਰ ਨੇ ਕਿਹਾ ਕਿ ਬਿਜਲੀ ਕੱਟਾਂ ਕਾਰਨ ਜਿੱਥੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ ਉੱਥੇ ਕਿਸਾਨਾਂ ਦੀ ਖੇਤੀਬਾੜੀ ’ਤੇ ਵੀ ਬਹੁਤ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਬਿਜਲੀ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਇਹੇ ਕਾਰਨ ਪੰਜਾਬ ਵਿਚ ਰੋਜ਼ਾਨਾ 10-10 ਘੰਟੇ ਦੇ ਬਿਜਲੀ ਕੱਟ ਲੱਗ ਰਹੇ ਹਨ। ਜਿਸ ਕਾਰਨ ਆਮ ਲੋਕਾਂ ਦੀ ਪਰੇਸ਼ਾਨੀ ਦੇ ਨਾਲ-ਨਾਲ ਦੁਕਾਨਦਾਰਾਂ, ਵਪਾਰੀਆਂ ਅਤੇ ਹੋਰਨਾਂ ਉਦਯੋਗਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ, ਆਗੂਆਂ ਅਤੇ ਵਰਕਰਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਅਤੇ ਰੋਸ ਵਿਖਾਵੇ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਕੌਂਸਲਰ ਪਰਮ ਸਿੰਘ ਖ਼ਾਲਸਾ, ਸੇਵਾਮੁਕਤ ਡੀਈਓ ਦਿਨੇਸ਼ ਕੁਮਾਰ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।