
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਸਐਮਓ ਵੱਲੋਂ ਵੱਖ-ਵੱਖ ਸਿਹਤ ਕੇਂਦਰਾਂ 'ਚ ਡੇਂਗੂ ਸਰਵੇਖਣ ਦਾ ਲਿਆ ਜਾਇਜ਼ਾ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀਐੱਚਸੀ ਮੁਜ਼ੱਫਰਪੁਰ ਵੱਲੋਂ ਡੇਂਗੂ ਦੀ ਰੋਕਥਾਮ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਰਵੇਖਣ, ਨਿਗਰਾਨੀ ਅਤੇ ਜਾਗਰੂਕਤਾ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਪਿੰਡ ਮੀਰਪੁਰ ਜੱਟਾਂ, ਐੱਸਐੱਚਸੀ ਦੁਪਾਲਪੁਰ ਅਤੇ ਐੱਸਐੱਚਸੀ ਮੀਰਪੁਰ ਜੱਟਾਂ ਵਿਖੇ ਡੇਂਗੂ ਸਰਵੇਖਣ ਸਰਗਰਮੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਡੇਂਗੂ ਸਰਵੇਖਣ, ਲਾਰਵੇ ਦੀ ਜਾਂਚ, ਮੱਛਰਾਂ ਦੇ ਸੰਭਾਵਿਤ ਸਰੋਤਾਂ ਨੂੰ ਖਤਮ ਕਰਨ ਸਬੰਧੀ ਕਾਰਵਾਈ ਦੀ ਸਮੀਖਿਆ ਕੀਤੀ। ਉਨ੍ਹਾਂ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਨਿਯਮਿਤ ਜਾਂਚ ਕਰਨ ਅਤੇ ਜਿੱਥੇ ਵੀ ਮੱਛਰਾਂ ਦੀ ਪੈਦਾਵਾਰ ਦੀ ਸੰਭਾਵਨਾ ਹੋਵੇ, ਉੱਥੇ ਤੁਰੰਤ ਲੋੜੀਂਦੀ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਰੋਤਾਂ ਨੂੰ ਮੱਛਰਾਂ ਦੀ ਪੈਦਾਵਾਰ ਤੋਂ ਪਹਿਲਾਂ ਹੀ ਖਤਮ ਕਰਨਾ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ। ਉਨ੍ਹਾਂ ਦੱਸਿਆ ਕਿ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਘਰਾਂ, ਛੱਤਾਂ, ਕੂਲਰਾਂ, ਗਮਲਿਆਂ, ਪੁਰਾਣੇ ਬਰਤਨਾਂ, ਟਾਇਰਾਂ ਅਤੇ ਹੋਰ ਅਜਿਹੀਆਂ ਥਾਵਾਂ ਦੀ ਨਿਯਮਿਤ ਸਫ਼ਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਸਿਰਫ਼ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ ਅਤੇ ਪਾਣੀ ਵਾਲੇ ਕੰਟੇਨਰਾਂ ਨੂੰ ਨਿਯਮਿਤ ਤੌਰ ’ਤੇ ਖਾਲੀ ਕਰ ਕੇ ਸਾਫ਼ ਕਰਨ ਅਤੇ ਡੇਂਗੂ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ।